ਇੱਥੋਂ ਦੀ ਸਿੱਖ ਸੰਗਤ ਨੇ ਅੱਜ ਰੋਸ ਪ੍ਰਦਰਸ਼ਨ ਕਰਦਿਆਂ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਬੰਦ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਅਪੀਲ ਕੀਤੀ ਹੈ। ਸੰਗਤ ਕੁਰੂਕਸ਼ੇਤਰ ਦੇ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਇਕੱਤਰ ਹੋਈ ਅਤੇ ਅਰਦਾਸ ਕਰਨ ਮਗਰੋਂ ਡਿਪਟੀ ਕਮਿਸ਼ਨਰ ਦਫਤਰ ਪੁੱਜੀ। ਸੰਗਤ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਦੀ ਮੰਗ ਕੀਤੀ ਪਰ ਉਨ੍ਹਾਂ ਦੇ ਕਿਸੇ ਜ਼ਰੂਰੀ ਮੀਟਿੰਗ ਵਿਚ ਰੁੱਝੇ ਹੋਣ ਕਾਰਨ ਸੰਗਤ ਨੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੇ ਨਾਂ ਸੀ ਟੀ ਐੱਮ ਅਸ਼ਵਨੀ ਕੁਮਾਰ ਨੂੰ ਮੰਗ ਪੱਤਰ ਸੌਂਪਿਆ।
ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰ ਮੇਜਰ ਸਿੰਘ ਤੇ ਗੁਰਨਾਮ ਸਿੰਘ ਲਾਡੀ ਡਬਰੀ ਨੇ ਕਿਹਾ ਕਿ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ। ਇਸ ਦੇ ਬਾਵਜੂਦ ਸਰਕਾਰ ਵੱਲੋਂ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੀ ਮੰਗ ਹੈ ਕਿ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਰੋਸ ਪ੍ਰਗਟ ਕਰਦਿਆਂ ਹਰਕੀਰਤ ਸਿੰਘ ਨੇ ਕਿਹਾ ਕਿ ਜਗਤਾਰ ਸਿੰਘ ਹਵਾਰਾ ਦੀ ਮਾਤਾ ਜੀ ਬਹੁਤ ਬਿਮਾਰ ਹਨ ਪਰ ਉਨ੍ਹਾਂ ਨੂੰ ਮਿਲਣ ਲਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਵੀ ਨਹੀਂਂ ਦਿੱਤੀ ਜਾ ਰਹੀ।
ਇਸ ਮੌਕੇ ਕਮੇਟੀ ਦੇ ਐਡੀਸ਼ਨ ਸਕੱਤਰ ਰਾਜਪਾਲ ਸਿੰਘ ਦੁਨੀਆਂ ਮਾਜਰਾ, ਰੁਪਿੰਦਰ ਸਿੰਘ, ਹਰਵਿੰਦਰ ਸਿੰਘ, ਮੈਨੇਜਰ ਹਰਮੀਤ ਸਿੰਘ ਤੋਂ ਇਲਾਵਾ ਸਿੱਖ ਸੰਗਤ ਮੌਜੂਦ ਸੀ।

