ਨਿੱਜੀ ਪੱਤਰ ਪ੍ਰੇਰਕ
ਸਿਰਸਾ, 2 ਜੁਲਾਈ
ਨਹਿਰੀ ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਅੱਜ ਸਿੰਜਾਈ ਵਿਭਾਗ ਦੇ ਦਫ਼ਤਰ ਅੱਗੇ ਪ੍ਰਦਰਸ਼ਨ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਨਹਿਰਾਂ ਵਿੱਚ ਟੇਲਾਂ ਤੱਕ ਪੰਦਰਾਂ ਦਿਨ ਪਾਣੀ ਦਿੱਤੇ ਜਾਣ ਦੀ ਮੰਗ ਕਰ ਰਹੇ ਸਨ। ਸਿੰਚਾਈ ਵਿਭਾਗ ਅੱਗੇ ਪ੍ਰਦਰਸ਼ਨ ਕਰ ਰਹੇ ਪਿੰਡ ਫੱਗੂ ਦੇ ਕਿਸਾਨ ਦਰਸ਼ਨ ਸਿੰਘ, ਲਾਲ ਚੰਦ, ਲਛਮਣ ਦਾਸ ਨੇ ਦੱਸਿਆ ਕਿ ਹੁਣ ਜਦੋਂ ਝੋਨੇ ਦੀ ਲੁਆਈ ਦਾ ਕੰਮ ਚਲ ਰਿਹਾ ਹੈ ਤਾਂ ਬਹੁਤ ਸਾਰੀਆਂ ਨਹਿਰਾਂ ਬੰਦ ਪਈਆਂ ਹਨ। ਕਿਸਾਨਾਂ ਨੇ ਕਿਹਾ ਕਿ ਜਿਹੜੀਆਂ ਨਹਿਰਾਂ ਵਿੱਚ ਪਾਣੀ ਚਲ ਰਿਹਾ ਹੈ ਉਹ ਵੀ ਇੰਨਾ ਘੱਟ ਹੈ ਕਿ ਉਹ ਖੇਤ ਤੱਕ ਪਹੁੰਚਦਾ ਨਹੀਂ ਕਿ ਕਿਸਾਨ ਦੀ ਵਾਰੀ ਖ਼ਤਮ ਹੋ ਜਾਂਦੀ ਹੈ। ਗਰਮੀ ਵਿੱਚ ਨਰਮਾ ਤੇ ਕਪਾਹ ਬੁਰੀ ਤਰ੍ਹਾਂ ਝੁਲਸ ਰਹੇ ਹਨ। ਕਿਸਾਨਾਂ ਨੇ ਕਿਹਾ ਕਿ ਖਾਲਿਆਂ ਦੇ ਮੋਘੇ ਠੀਕ ਕੀਤੇ ਜਾਣ। ਟੇਲਾਂ ਤੱਕ ਕਿਸਾਨਾਂ ਨੂੰ ਪੂਰਾ ਪਾਣੀ ਮੁਹੱਈਆ ਕਰਵਾਇਆ ਜਾਏ। ਕਿਸਾਨ ਆਗੂ ਦਰਸ਼ਨ ਸਿੰਘ ਨੇ ਕਿਹਾ ਕਿ ਕਿਸਾਨਾਂ ਵੱਲੋਂ ਪਾਣੀ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ ਪਰ ਅਧਿਕਾਰੀਆਂ ਦੇ ਕੰਨਾਂ ਉੱਤੇ ਜੂੰ ਨਹੀਂ ਸਰਕ ਰਹੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਕਿਸਾਨਾਂ ਨੂੰ ਪੂਰਾਪਾਣੀ ਮੁਹੱਈਆ ਨਹੀਂ ਕਰਵਾਇਆ ਗਿਆ ਤਾਂ ਕਿਸਾਨ ਤਿੱਖਾ ਅੰਦੋਲਨ ਕਰਨ ਲਈ ਮਜਬੂਰ ਹੋਣਗੇ।