ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਿਸਾਨ ਅੰਦੋਲਨ ਦੀ 5ਵੀਂ ਵਰ੍ਹੇਗੰਢ ਮੌਕੇ ਪ੍ਰਦਰਸ਼ਨ

ਵਾਅਦਾਖਿਲਾਫ਼ੀ ਵਿਰੁੱਧ ਰੋਸ ਪ੍ਰਗਟਾਇਆ; ਕਰਜ਼ਾ ਮੁਆਫ਼ੀ ਦੀ ਮੰਗ
ਯਮੁਨਾਨਗਰ ਵਿੱਚ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨ।
Advertisement

ਇਤਿਹਾਸਕ ਕਿਸਾਨ ਅੰਦੋਲਨ ਦੀ 5ਵੀਂ ਵਰ੍ਹੇਗੰਢ ਮੌਕੇ ਅੱਜ ਸੰਯੁਕਤ ਕਿਸਾਨ ਮੋਰਚਾ ਅਤੇ ਮਜ਼ਦੂਰ ਜਥੇਬੰਦੀਆਂ ਨੇ ਵੱਖ-ਵੱਖ ਥਾਈਂ ਰੋਸ ਪ੍ਰਦਰਸ਼ਨ ਕੀਤੇ। ਇਸ ਦੌਰਾਨ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਭੇਜ ਕੇ ਮੋਦੀ ਸਰਕਾਰ ਨੂੰ ਅੰਦੋਲਨ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਦੀ ਅਪੀਲ ਕੀਤੀ ਗਈ। ਕਿਸਾਨ ਆਗੂ ਸਤਨਾਮ ਸਿੰਘ ਅਜਨਾਲਾ ਨੇ 26 ਨਵੰਬਰ 2020 ਨੂੰ ਸ਼ੁਰੂ ਹੋਏ ਇਤਿਹਾਸਕ ਅੰਦੋਲਨ ਅਤੇ 736 ਸ਼ਹੀਦਾਂ ਨੂੰ ਯਾਦ ਕੀਤਾ। ਬਲਦੇਵ ਸਿੰਘ ਨਿਹਾਲਗੜ੍ਹ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੀ ਆਰਥਿਕ ਸਥਿਰਤਾ ਨੂੰ ਢਾਹ ਲਾਈ ਹੈ। ਰੁਲਦੂ ਸਿੰਘ ਮਾਨਸਾ ਨੇ ਦੱਸਿਆ ਕਿ ਪਿਛਲੇ 11 ਸਾਲਾਂ ਵਿੱਚ 5 ਲੱਖ ਤੋਂ ਵੱਧ ਖੁਦਕੁਸ਼ੀਆਂ ਹੋਈਆਂ ਹਨ ਅਤੇ ਆਮਦਨ ਦੁੱਗਣੀ ਕਰਨ ਦਾ ਵਾਅਦਾ ਝੂਠਾ ਸਾਬਤ ਹੋਇਆ ਹੈ। ਉਤਰਾਖੰਡ ਦੇ ਆਗੂ ਜਗਤਾਰ ਸਿੰਘ ਬਾਜਵਾ ਨੇ ਭਾਜਪਾ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਸਵਾਮੀਨਾਥਨ ਕਮਿਸ਼ਨ ਦੇ ਵਾਅਦੇ ਨੂੰ ਲਾਗੂ ਨਾ ਕਰਨ ’ਤੇ ਰੋਸ ਪ੍ਰਗਟਾਇਆ। ਨਿਰਭੈ ਸਿੰਘ ਢੁੱਡੀਕੇ ਨੇ ਕਿਹਾ ਕਿ ਕਾਰਪੋਰੇਟਾਂ ਦੇ 16.41 ਲੱਖ ਕਰੋੜ ਮੁਆਫ਼ ਹੋਏ ਪਰ ਕਿਸਾਨਾਂ ਦਾ ਇੱਕ ਰੁਪਇਆ ਵੀ ਨਹੀਂ। ਰਮਿੰਦਰ ਸਿੰਘ ਪਟਿਆਲਾ ਨੇ ਮਨਰੇਗਾ ਤਹਿਤ ਕੰਮ ਨਾ ਮਿਲਣ ਦੀ ਗੱਲ ਕਹੀ। ਡਾ. ਦਰਸ਼ਨ ਪਾਲ ਨੇ ਐੱਮ ਐੱਸ ਪੀ ਗਾਰੰਟੀ ਕਾਨੂੰਨ, ਕਰਜ਼ਾ ਮੁਆਫ਼ੀ ਅਤੇ ਬਿਜਲੀ ਬਿੱਲ 2025 ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਗੰਨੇ ਦਾ ਭਾਅ 500 ਰੁਪਏ ਕੁਇੰਟਲ ਕਰਨ ਅਤੇ ਬਕਾਇਆ ਜਾਰੀ ਕਰਨ ਦੀ ਮੰਗ ਵੀ ਰੱਖੀ। ਲਖਬੀਰ ਸਿੰਘ ਨਿਜ਼ਾਮਪੁਰ ਨੇ ਕੁਦਰਤੀ ਆਫ਼ਤਾਂ ਲਈ ਪੰਜਾਬ ਨੂੰ 25,000 ਕਰੋੜ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ। ਆਗੂਆਂ ਨੇ ਖਾਦਾਂ ਦੀ ਕਾਲਾਬਾਜ਼ਾਰੀ ਰੋਕਣ ਅਤੇ ਮਜ਼ਦੂਰਾਂ ਲਈ 26,000 ਰੁਪਏ ਘੱਟੋ-ਘੱਟ ਉਜਰਤ ਤੈਅ ਕਰਨ ਦੀ ਵੀ ਵਕਾਲਤ ਕੀਤੀ।

ਕਿਸਾਨਾਂ ਅਤੇ ਮਜ਼ਦੂਰਾਂ ਨੇ ਕੇਂਦਰ ਦਾ ਪੁਤਲਾ ਫੂਕਿਆ

Advertisement

ਯਮੁਨਾਨਗਰ (ਦਵਿੰਦਰ ਸਿੰਘ): ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰੀ ਟਰੇਡ ਯੂਨੀਅਨ ਦੇ ਸੱਦੇ ’ਤੇ ਅੱਜ ਵੱਖ-ਵੱਖ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨ ਸਭਾ ਹਰਿਆਣਾ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਸਾਗਵਾਨ, ਕਿਸਾਨ ਸਭਾ ਅਜੈ ਭਵਨ ਦੇ ਗੁਰਭਜਨ ਸਿੰਘ, ਸਰਵ ਕਰਮਚਾਰੀ ਸੰਘ ਹਰਿਆਣਾ ਦੇ ਜ਼ਿਲ੍ਹਾ ਪ੍ਰਧਾਨ ਮਹੀਪਾਲ ਸੌਦੇ, ਸੀ ਆਈ ਟੀ ਯੂ ਦੀ ਜ਼ਿਲ੍ਹਾ ਕਨਵੀਨਰ ਸ਼ਰਬਤੀ, ਏ ਆਈ ਟੀ ਯੂ ਸੀ ਦੇ ਜ਼ਿਲ੍ਹਾ ਪ੍ਰਧਾਨ ਫੂਲ ਸਿੰਘ, ਆਈ ਐੱਨ ਟੀ ਯੂ ਸੀ ਦੇ ਜ਼ਿਲ੍ਹਾ ਪ੍ਰਧਾਨ ਧਰਮਪਾਲ ਅਤੇ ਸੇਵਾਮੁਕਤ ਕਰਮਚਾਰੀ ਯੂਨੀਅਨ ਦੇ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀ ਭਾਈ ਘਨ੍ਹਈਆ ਸਾਹਿਬ ਚੌਕ ਵਿੱਚ ਇਕੱਠੇ ਹੋਏ। ਇੱਥੇ ਉਨ੍ਹਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। ਇਸ ਮਗਰੋਂ ਜ਼ਿਲ੍ਹਾ ਸਕੱਤਰੇਤ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਨੇ ਚਾਰ ਨਵੇਂ ਕਿਰਤ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਅਤੇ ਡਿਪਟੀ ਕਮਿਸ਼ਨਰ ਰਾਹੀਂ ਭਾਰਤ ਦੇ ਰਾਸ਼ਟਰਪਤੀ ਨੂੰ ਕਰਮਚਾਰੀਆਂ, ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸਾਂਝੀਆਂ ਮੰਗਾਂ ਸਬੰਧੀ ਮੰਗ ਪੱਤਰ ਭੇਜਿਆ।

Advertisement
Show comments