ਚੰਡੀਗੜ੍ਹ, 17 ਜੂਨ
ਸਾਧਵੀਆਂ ਨਾਲ ਜਬਰ-ਜਨਾਹ ਤੇ ਪੱਤਰਕਾਰ ਛਤਰਪਤੀ ਕਤਲ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਅੱਜ ਸਵੇਰੇ ਇਕ ਮਹੀਨੇ ਦੀ ਪੈਰੋਲ ’ਤੇ ਛੱਡਿਆ ਗਿਆ ਹੈ। ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਚੌਟਾਲਾ ਨੇ ਕਿਹਾ ਕਿ ਰੋਹਤਕ ਦੇ ਡਿਵੀਜ਼ਨਲ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਦੀ ਸਿਫਾਰਸ਼ ’ਤੇ ਡੇਰਾ ਮੁਖੀ ਦੀ 30 ਦਿਨਾ ਪੈਰੋਲ ਮਨਜ਼ੂਰ ਕੀਤੀ ਸੀ। ਮੰਤਰੀ ਮੁਤਾਬਕ ਡੇਰਾ ਮੁਖੀ ਨੇ ਪੈਰੋਲ ਲਈ ਦਿੱਤੀ ਅਰਜ਼ੀ ਵਿੱਚ ਉੱਤਰ ਪ੍ਰਦੇਸ਼ ਦੇ ਬਾਗ਼ਪਤ ਵਿੱਚ ਬਰਨਾਵਾ ਸਥਿਤ ਡੇਰਾ ਸੱਚਾ ਸੌਦਾ ਆਸ਼ਰਮ ਵਿਚ ਜਾਣ ਦੀ ਇੱਛਾ ਜਤਾਈ ਸੀ। ਮੰਤਰੀ ਨੇ ਕਿਹਾ ਕਿ ਪੈਰੋਲ ਮਨਜ਼ੂਰ ਕਰਨ ਤੋਂ ਪਹਿਲਾਂ ਬਾਗਪਤ ਪ੍ਰਸ਼ਾਸਨ ਤੋਂ ਵੀ ਲੋੜੀਂਦੀ ਪ੍ਰਵਾਨਗੀ ਲਈ ਗਈ ਸੀ। ਰੋਹਤਕ ਦੇ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ, ‘‘ਡੇਰਾ ਮੁਖੀ ਨੂੰ ਮਹੀਨੇ ਦੀ ਪੈਰੋਲ ਦਿੱਤੀ ਗਈ ਹੈ ਤੇ ਉਹ ਸ਼ੁੱਕਰਵਾਰ ਨੂੰ ਜੇਲ੍ਹ ’ਚੋਂ ਬਾਹਰ ਆ ਗਿਆ ਹੈ।’’ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਕੋਰਟ ਨੇ ਅਗਸਤ 2017 ਵਿੱਚ ਡੇਰਾ ਮੁਖੀ ਨੂੰ ਦੋ ਸਾਧਵੀਆਂ ਨਾਲ ਜਬਰ-ਜਨਾਹ ਦੇ ਦੋਸ਼ ’ਚ 20 ਸਾਲ ਦੀ ਸਜ਼ਾ ਸੁਣਾਈ ਸੀ। ਇਸ ਤੋਂ ਪਹਿਲਾਂ ਡੇਰਾ ਮੁਖੀ ਨੂੰ ਫਰਵਰੀ ਵਿਚ ਪੰਜਾਬ ਅਸੈਂਬਲੀ ਚੋਣਾਂ ਤੋਂ ਐਨ ਪਹਿਲਾਂ 21 ਦਿਨਾਂ ਦੀ ਫਰਲੋ ’ਤੇ ਛੱਡਿਆ ਗਿਆ ਸੀ। -ਪੀਟੀਆਈ
ਸਿਰਸਾ (ਨਿੱਜੀ ਪੱਤਰ ਪ੍ਰੇਰਕ): ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਮਹੀਨੇ ਦੀ ਪੈਰੋਲ ਮਿਲਣ ਮਗਰੋਂ ਡੇਰਾ ਮੁਖੀ ਨੇ ਇਕ ਵੀਡੀਓ ਕਾਲ ਜ਼ਰੀਏ ਲਾਈਵ ਹੋ ਕੇ ਸੰਗਤ ਨੂੰ ਸੰਬੋਧਨ ਕੀਤਾ ਤੇ ਦਿਸ਼ਾ ਨਿਰਦੇਸ਼ ਦਿੱਤੇ।