ਪ੍ਰਭੂ ਦਿਆਲ
ਸਿਰਸਾ, 11 ਅਕਤੂਬਰ
ਸਾਧਵੀ ਜਬਰ ਜਨਾਹ, ਪੱਤਰਕਾਰ ਰਾਮਚੰਦਰ ਛਤਰਪਤੀ ਅਤੇ ਰਣਜੀਤ ਕਤਲ ਮਾਮਲੇ ’ਚ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਨੂੰ ਪੈਰੋਲ ਜੇਲ੍ਹ ਮੈਨੂਅਲ ਮੁਤਾਬਕ ਹੀ ਮਿਲੇਗੀ। ਇਹ ਦਾਅਵਾ ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਨੇ ਇਥੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕੀਤਾ। ਜੇਲ੍ਹ ਮੰਤਰੀ ਨੇ ਕਿਹਾ ਹੈ ਕਿ ਜੇਲ੍ਹ ’ਚ ਸਜ਼ਾ ਭੁਗਤ ਰਹੇ ਹਰ ਕੈਦੀ ਨੂੰ ਪੈਰੋਲ ਲੈਣ ਦਾ ਅਧਿਕਾਰ ਹੈ। ਡੇਰਾ ਸਿਰਸਾ ਮੁਖੀ ਵੱਲੋਂ ਵੀ ਪੈਰੋਲ ਲਈ ਅਰਜ਼ੀ ਲਾਈ ਗਈ ਹੈ, ਜਿਸ ’ਤੇ ਵਿਚਾਰ ਕੀਤੀ ਜਾਣੀ ਹੈ। ਡੇਰਾ ਮੁਖੀ ਨੂੰ ਜੇਲ੍ਹ ਮੈਨੂਅਲ ਮੁਤਾਬਕ ਹੀ ਪੈਰੋਲ ਦਿੱਤੀ ਜਾਵੇਗੀ। ਉਧਰ ਜਾਣਕਾਰਾਂ ਦਾ ਕਹਿਣਾ ਹੈ ਕਿ ਡੇਰਾ ਮੁਖੀ ਨੂੰ ਆਦਮਪੁਰ ਵਿਧਾਨ ਸਭਾ ਜ਼ਮੀਨ ਚੋਣ ਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੈਰੋਲ ਦਿੱਤੀ ਜਾ ਸਕਦੀ ਹੈ। ਡੇਰਾ ਮੁਖੀ ਦੀ ਪੈਰੋਲ ’ਤੇ ਪੀੜਤ ਧਿਰ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਪਰਿਵਾਰ ਵੱਲੋਂ ਇਤਰਾਜ਼ ਕੀਤਾ ਜਾ ਰਿਹਾ ਹੈ। ਪੱਤਰਕਾਰ ਰਾਮਚੰਦਰ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਦਾ ਕਹਿਣਾ ਹੈ ਕਿ ਡੇਰਾ ਮੁਖੀ ਚਾਰ ਗੰਭੀਰ ਮਾਮਲਿਆਂ ’ਚ ਸਜ਼ਾ ਭੁਗਤ ਰਿਹਾ ਹੈ ਤੇ ਹਾਲੇ ਦੋ ਕੇਸ ਹੋਰ ਚੱਲ ਰਹੇ ਹਨ। ਪੈਰੋਲ ਮਿਲਣ ਕਾਰਨ ਜਿਥੇ ਉਹ ਪ੍ਰਭਾਵਿਤ ਹੋ ਸਕਦੇ ਹਨ ਉਥੇ ਹੀ ਪੀੜਤ ਪਰਿਵਾਰਾਂ ਨੂੰ ਵੀ ਖ਼ਤਰਾ ਹੋ ਸਕਦਾ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਉਹ ਇਸ ਮਾਮਲੇ ਵਿੱਚ ਕਾਨੂੰਨੀ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰ ਰਹੇ ਹਨ ਤੇ ਜਲਦੀ ਹੀ ਅਦਾਲਤ ਦਾ ਦਰਵਾਜ਼ਾ ਖੜਕਾਇਆ ਜਾਵੇਗਾ।