ਪੱਤਰ ਪ੍ਰੇਰਕ
ਯਮੁਨਾਨਗਰ, 21 ਮਾਰਚ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਹਰਿਆਣਾ ਨਿਵਾਸ ਤੋਂ ਵੀਡੀਓ ਕਾਨਫਰੰਸ ਰਾਹੀਂ 1411 ਕਰੋੜ ਰੁਪਏ ਦੀਆਂ ਯੋਜਨਾਵਾਂ ਦਾ ਉਦਘਾਟਨ ਕੀਤਾ । ਇਸ ਲੜੀ ਵਿੱਚ ਉਨ੍ਹਾਂ ਨੇ ਜ਼ਿਲ੍ਹਾ ਯਮੁਨਾ ਨਗਰ ਦੇ ਪ੍ਰਤਾਪ ਨਗਰ ਵਿੱਚ 3.90 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਕਮਿਊਨਿਟੀ ਸਿਹਤ ਕੇਂਦਰ ਅਤੇ 19.9 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਕਾਲਜ ਅਹੜਵਾਲਾ ਬਿਲਾਸਪੁਰ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਸ਼ੇਸ਼ ਕਰਕੇ ਲੜਕੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਲਈ 15 ਕਿਲੋਮੀਟਰ ਦੇ ਦਇਰੇ ਵਿੱਚ ਕਾਲਜ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ ਸੇਵਾਵਾਂ ਦਾ ਲਾਭ ਦੇਣ ਲਈ ਵੀ ਕਈ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਕਰੋਨਾ ਮਹਾਮਾਰੀ ਤੋਂ ਸੁਚੇਤ ਕਰਦਿਆਂ ਸਰਕਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਸਿੱਖਿਆ ਮੰਤਰੀ ਕੰਵਰਪਾਲ ਨੇ ਕਿਹਾ ਕਿ ਨਵੇਂ ਬਣੇ ਕਮਿਊਨਿਟੀ ਸਿਹਤ ਕੇਂਦਰ ਦਾ ਖੇਤਰ ਦੇ 47 ਪਿੰਡਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਕੇਂਦਰ ਵਿੱਚ ਦਵਾਈਆਂ ਅਤੇ ਟੈਸਟ ਮੁਫਤ ਹੋਣਗੇ। ਸਿੱਖਿਆ ਮੰਤਰੀ ਨੇ ਕਿਹਾ ਕਿ ਨਵੇਂ ਕਾਲਜ ਵਿੱਚ ਬੀਏ, ਬੀਐਸਸੀ ਅਤੇ ਬੀਕਾਮ ਦੀ ਪੜਾਈ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਦ ਲਾਭ ਘਾੜ ਖੇਤਰ ਦੇ ਵਸਨੀਕਾਂ ਨੂੰ ਹੋਵੇਗਾ। ਇਸ ਮੌਕੇ ਯਮੁਨਾ ਨਗਰ ਦੇ ਵਿਧਾਇਕ ਘਣਸ਼ਾਮ ਦਾਸ ਅਰੋੜਾ, ਹਰਿਆਣਾ ਵਪਾਰੀ ਕਲਿਆਣ ਬੋਰਡ ਦੇ ਪ੍ਰਧਾਨ ਰਾਮ ਨਿਵਾਸ ਗਰਗ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਸਪਰਾ, ਡੀਸੀ ਮੁਕੁਲ ਕੁਮਾਰ, ਐਸਪੀ ਕਮਲਦੀਪ ਗੋਇਲ, ਸਿਵਲ ਸਰਜਨ ਡਾ. ਵਿਜੇ ਦਹੀਆ ਮੌਜੂਦ ਸਨ।