ਸਤਪਾਲ ਰਾਮਗੜ੍ਹੀਆ
ਪਿਹੋਵਾ, 2 ਨਵੰਬਰ
ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਕਰੋਨਾ ਦੇ ਤਬਾਹੀ ਮਚਾਉਣ ਤੋਂ ਬਾਅਦ ਹੁਣ ਵਿਕਾਸ ਕਾਰਜਾਂ ਵਿਚ ਮੁੜ ਤੋਂ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਖੇਤਰ ਲਈ ਕਰੋੜਾਂ ਰੁਪਏ ਦੇ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਜਲਦੀ ਹੀ ਪਿਹੋਵਾ ਵਿਚ ਵਿਕਾਸ ਕਾਰਜ ਸ਼ੁਰੂ ਹੋਣਗੇ। ਦੱਸਣਯੋਗ ਹੈ ਕਿ ਖੇਡ ਮੰਤਰੀ ਪਿੰਡ ਭੇਰੀਆ, ਮਦਨਪੁਰ ਅਤੇ ਥਾਣਾ ਵਿੱਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਪਿੰਡ ਭੇਰੀਆ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਬਣੀ ਇਮਾਰਤ ਦਾ ਵੀ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਗਲੇ ਸਾਲ ‘ਖੇਲੋ ਇੰਡੀਆ-2021’ ਦਾ ਸਿੱਧਾ ਪ੍ਰਸਾਰਣ ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕੀਤਾ ਜਾਵੇਗਾ। ਰਾਜ ਸਰਕਾਰ ਨੇ ਇਸ ਖੇਡ ਲਈ ਪੰਚਕੂਲਾ, ਅੰਬਾਲਾ, ਯਮੁਨਾ ਨਗਰ ਅਤੇ ਕੁਰੂਕਸ਼ੇਤਰ ਸਮੇਤ ਕਈ ਜ਼ਿਲ੍ਹਿਆਂ ਦੇ ਖੇਡ ਕੰਪਲੈਕਸਾਂ ਦੀ ਚੋਣ ਕੀਤੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਦੇ ਨਾਲ-ਨਾਲ ਸਰਕਾਰ ਦਾ ਧਿਆਨ ਨਵੀਂਆਂ ਸੜਕਾਂ ਦੇ ਨਿਰਮਾਣ ਅਤੇ ਪੁਰਾਣੀਆਂ ਸੜਕਾਂ ਦੀ ਮੁਰੰਮਤ ’ਤੇ ਵੀ ਰਹੇਗਾ। ਪਿੰਡ ਮਦਨਪੁਰ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣਦਿਆਂ ਖੇਡ ਮੰਤਰੀ ਨੇ ਕਿਹਾ ਕਿ ਜਲਦੀ ਹੀ ਪਿੰਡ ਦੇ ਨਾਲੇ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਥਾਣੇ ਵਿਚ 30 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਇਕ ਧਰਮਸ਼ਾਲਾ ਦਾ ਉਦਘਾਟਨ ਵੀ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਪਿੰਡ ਵਿੱਚ ਰਾਜ ਸਰਕਾਰ ਵੱਲੋਂ ਖੋਲ੍ਹੇ ਗਏ ਮਾਡਲ ਕਲਚਰ ਪ੍ਰਾਇਮਰੀ ਸਕੂਲ ਦਾ ਉਦਘਾਟਨ ਵੀ ਕੀਤਾ। ਇਸ ਦੌਰੇ ਦੌਰਾਨ ਪਿੰਡ ਪਟਵਾਰੀਆਂ ਅਤੇ ਖੇਤੀਬਾੜੀ ਵਿਭਾਗ ਦੀ ਏਡੀਓ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਸਬੰਧੀ ਖੇਡ ਮੰਤਰੀ ਨੂੰ ਮੰਗ ਪੱਤਰ ਵੀ ਸੌਂਪਿਆ।