ਰਾਮ ਕੁਮਾਰ ਮਿੱਤਲ
ਗੂਹਲਾ ਚੀਕਾ, 23 ਜਨਵਰੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਦੀ ਚੋਣ ਵੇਲੇ ਬਾਦਲ ਦਲ ਵੱਲੋਂ ਜੋ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ ਹੈ। ਉਸ ਲਈ ਮੁੱਖ ਤੌਰ ’ਤੇ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜ਼ਿੰਮੇਵਾਰ ਹੈ, ਜਿਸ ਨੇ ਬਾਦਲ ਦਲ ਦਾ ਪ੍ਰਧਾਨ ਬਣਾਉਣ ਵਾਸਤੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦਾ ਅਦਬ ਸਤਿਕਾਰ ਵੀ ਕਾਇਮ ਨਹੀਂ ਰੱਖਿਆ। ਇਹ ਪ੍ਰਗਟਾਵਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਕੀਤਾ ਹੈ।
ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਦੋਸ਼ ਨੂੰ ਕਬੂਲਦਿਆਂ ਪ੍ਰਧਾਨ ਧਾਮੀ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਦੇ ਇਤਿਹਾਸ ਵਿੱਚ ਸ਼ਾਇਦ ਇਹ ਪਹਿਲੀ ਵਾਰ ਹੋਇਆ ਹੈ ਕਿ ਗੁਰੂ ਗ੍ਰੰਥ ਸਾਹਿਬ ਦੇ ਸੁੱਖ-ਆਸਨ ਤੋਂ ਬਾਅਦ ਵੋਟਿੰਗ ਹੋਈ ਅਤੇ ਵੱਡੀ ਗਣਤੀ ਵਿੱਚ ਤਾਇਨਾਤ ਪੁਲੀਸ ਬਲ ਦੀ ਮਦਦ ਨਾਲ ਪ੍ਰਧਾਨ ਚੁਣਿਆ ਗਿਆ ਹੋਵੇ। ਦਾਦੂਵਾਲ ਨੇ ਕਿਹਾ ਕਿ ਪ੍ਰਧਾਨ ਨੂੰ ਸਿੱਖ ਪੰਥ ਵੱਲੋਂ ਮਾਨਤਾ ਪ੍ਰਾਪਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਦੀ ਅੱਜ ਤੱਕ ਕਈ ਵਾਰ ਚੋਣ ਹੋਈ ਹੈ, ਪਰ ਹਰ ਵਾਰ ਇਹ ਚੋਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਹੁੰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਵੇਲੇ ਦੀਆਂ ਜੋ ਵੀਡੀਓਜ਼ ਵਾਇਰਲ ਹੋਈਆਂ ਹਨ, ਇਸ ਨਾਲ ਸਿੱਖ ਜਗਤ ਵਿੱਚ ਭਾਰੀ ਨਿਰਾਸ਼ਾ ਫੈਲੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਾਦਲ ਦਲ ਨੇ ਆਪਣਾ ਪ੍ਰਧਾਨ ਬਣਾਉਣ ਵਾਸਤੇ ਗੁਰੂ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਨੂੰ ਵੀ ਤਿਲਾਂਜਲੀ ਦੇ ਦਿੱਤੀ ਤੇ ਭਾਰੀ ਪੁਲੀਸ ਫੋਰਸ ਅੰਦਰ ਵਾੜ ਕੇ ਗੁਰੂ ਗ੍ਰੰਥ ਸਾਹਿਬ ਦੇ ਸੁੱਖ-ਆਸਨ ਹੋਣ ਤੋਂ ਬਾਅਦ ਵੋਟਾਂ ਕਰਾ ਕੇ ਮਨਮਰਜ਼ੀ ਨਾਲ ਪ੍ਰਧਾਨਗੀ ਦਾ ਐਲਾਨ ਕਰ ਦਿੱਤਾ। ਇਸ ਸਾਰੇ ਘਟਨਾਕ੍ਰਮ ਨਾਲ ਸਿੱਖ ਸੰਸਥਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਕਾਰ ਨੂੰ ਭਾਰੀ ਢਾਹ ਲੱਗੀ ਹੈ ਅਤੇ ਇਸ ਲਈ ਬਾਦਲ ਦਲ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ।
ਦਾਦੂਵਾਲ ਨੇ ਕਿਹਾ ਕਿ ਦਿੱਲੀ ਕਮੇਟੀ ਜਨਰਲ ਹਾਊਸ ਦੀ ਦੁਬਾਰਾ ਮੀਟਿੰਗ ਬੁਲਾ ਕੇ ਮੁੜ ਪ੍ਰਧਾਨਗੀ ਦੀ ਚੋਣ ਹੋਣੀ ਚਾਹੀਦੀ ਹੈ ਤੇ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।