ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੱਢੀ ਜਾ ਰਹੀ ‘ਧਰਮ ਰੱਖਿਅਕ ਯਾਤਰਾ’ ਦਾ ਦਿੱਲੀ ਦੀ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵੱਡੀ ਗਿਣਤੀ ਸੰਗਤ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋ ਰਹੀ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਤੇ ਉਨ੍ਹਾਂ ਨਾਲ ਸ਼ਹੀਦ ਹੋਏ ਮਹਾਨ ਗੁਰਸਿੱਖਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ‘ਧਰਮ ਰੱਖਿਅਕ ਯਾਤਰਾ’ ਦਾ ਦੂਜਾ ਦਿਨ ਦਿੱਲੀ ਵਿੱਚ ਅਧਿਆਤਮਿਕ ਰੌਸ਼ਨੀ ਨਾਲ ਭਰ ਗਿਆ। ਉਨ੍ਹਾਂ ਕਿਹਾ ਕਿ ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸ਼ੁਰੂ ਹੋਈ ਇਹ ਪਵਿੱਤਰ ਯਾਤਰਾ ਗੁਰੂ ਗ੍ਰੰਥ ਸਾਹਿਬ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ਼ਾਦੀਪੁਰ ਪੁੱਜੀ ਹੈ।
ਇੱਥੇ ਦੂਰ-ਦੂਰ ਤੋਂ ਆਏ ਸ਼ਰਧਾਲੂਆਂ ਨੇ ਮੱਥੇ ਟੇਕਿਆ। ਉਨ੍ਹਾਂ ਦੱਸਿਆ ਕਿ ਇਹ ਯਾਤਰਾ ਅੱਜ ਪੱਛਮੀ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਲੰਘੀ ਅਤੇ ਰਾਤ ਨੂੰ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ-ਬਾਬਾ ਫ਼ਤਹਿ ਸਿੰਘ, ਫ਼ਤਹਿ ਨਗਰ, ਦਿੱਲੀ ਵਿੱਚ ਵਿਸ਼ਰਾਮ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਮਹਿਮਾ ਨਾਲ ਭਰੀ ਇਹ ਯਾਤਰਾ ਸਿੱਖ ਸੰਗਤ ਦੇ ਦਿਲਾਂ ਵਿੱਚ ਚੜ੍ਹਦੀ ਕਲਾ ਦੀ ਰੌਸ਼ਨੀ ਜਗਾ ਰਹੀ ਹੈ।
ਸ੍ਰੀ ਕਾਲਕਾ ਨੇ ਕਿਹਾ ਕਿ ਹੁਣ ਸੰਗਤ ਦੀ ਸਹੂਲਤ ਲਈ ਪਾਲਕੀ ਸਾਹਿਬ ਦੀ ਲਾਈਵ ਲੋਕੇਸ਼ਨ ਵੀ ਸ਼ੁਰੂ ਕੀਤੀ ਗਈ ਹੈ। ਸੰਗਤ ਇਸ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਧਿਕਾਰਤ ਵੈੱਬਸਾਈਟ ’ਤੇ ਦੇਖ ਸਕਦੀ ਹੈ।
ਸੰਗਤ ਨੂੰ ਗੁਰੂ ਸਾਹਿਬ ਵੱਲੋਂ ਦੱਸੇ ਮਾਰਗ ’ਤੇ ਚੱਲਣ ਲਈ ਪ੍ਰੇਰਿਆ
ਨਾਰਾਇਣਗੜ੍ਹ (ਫਰਿੰਦਰ ਪਾਲ ਗੁਲੀਆਣੀ): ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਨਗਰ ਕੀਰਤਨ ਦਾ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਤੇ ਸੰਗਤ ਵੱਲੋਂ ਸਵਾਗਤ ਕੀਤਾ ਗਿਆ। ਇਹ ਨਗਰ ਕੀਰਤਨ ਰਾਤ ਦੇ ਵਿਸ਼ਰਾਮ ਮਗਰੋਂ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਟੋਕਾ ਸਾਹਿਬ ਤੋਂ ਸ਼ੁਰੂ ਹੋਇਆ। ਇਸ ਮੌਕੇ ਪ੍ਰਬੰਧਕ ਕਮੇਟੀ ਨੇ ਪੰਜ ਪਿਆਰਿਆਂ ਨੂੰ ਸਿਰੋਪੇ ਭੇਟ ਕੀਤੇ। ਇਸ ਮੌਕੇ ਢਾਡੀ ਜਥੇ ਨੇ ਨਗਰ ਕੀਰਤਨ ਵਿੱਚ ਸ਼ਾਮਲ ਸੰਗਤ ਨੂੰ ਢਾਡੀ ਵਾਰਾਂ ਅਤੇ ਸਿੱਖ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਸਕੱਤਰ ਨੇ ਵੀ ਸਿੱਖ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਗੁਰੂ ਤੇਗ ਬਹਾਦਰ ਨੇ ਦਿੱਲੀ ਦੇ ਚਾਂਦਨੀ ਚੌਕ ਵਿੱਚ ਹਿੰਦੂ ਧਰਮ ਦੀ ਰੱਖਿਆ ਲਈ ਸ਼ਹਾਦਤ ਦਿੱਤੀ। ਗੁਰੂ ਸਾਹਿਬ ਨਾਲ ਭਾਈ ਮਤੀਦਾਸ, ਭਾਈ ਸਤੀਦਾਸ ਅਤੇ ਭਾਈ ਦਿਆਲਾ ਨੂੰ ਵੀ ਸ਼ਹੀਦ ਕਰ ਦਿੱਤਾ ਗਿਆ ਸੀ। ਸਕੱਤਰ ਨੇ ਕਿਹਾ ਕਿ ਸਾਨੂੰ ਆਪਣੇ ਗੁਰੂਆਂ ਵੱਲੋਂ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ ਅਤੇ ਗੁਰੂ ਗ੍ਰੰਥ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੁੜ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ। ਇਸ ਦੌਰਾਨ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਸੁਰਜੀਤ ਸਿੰਘ ਕਪੂਰ, ਰਾਜੂ ਮੱਕੜ, ਖਜ਼ਾਨਚੀ ਗਗਨਦੀਪ ਸਿੰਘ ਉਪਵੇਜਾ, ਸਤਨਾਮ ਸਿੰਘ ਭਾਟੀਆ, ਅਵਨੀਤ ਸਿੰਘ ਭਾਟੀਆ, ਪ੍ਰਿਤਪਾਲ ਕੌਰ ਮੱਕੜ, ਹਿਚੀ ਸਣੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।
ਰੋਟਰੀ ਕਲੱਬ ਵੱਲੋਂ ਨਗਰ ਕੀਰਤਨ ਦਾ ਸਵਾਗਤ
ਸ਼ਾਹਬਾਦ ਮਾਰਕੰਡਾ (ਸਤਨਾਮ ਸਿੰਘ): ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਮਸਤਗੜ੍ਹ ਤੋਂ ਆਰੰਭ ਹੋ ਕੇ ਬਾਲਮੀਕਿ ਨਗਰ, ਬਾਂਸਲ ਚੌਕ, ਕ੍ਰਿਸ਼ਨ ਗੜ੍ਹ ਰੋਡ ਸਣੇ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਪਿੰਡ ਅਜਰਾਣਾ ਕਲਾਂ ਪੁੱਜੇਗਾ। ਰੋਟਰੀ ਕਲੱਬ ਵੱਲੋਂ ਨਗਰ ਕੀਰਤਨ ਦੇ ਕ੍ਰਿਸ਼ਨ ਗੜ ਰੋਡ ’ਤੇ ਸਥਿਤ ਸਤਲੁਜ ਸੀਨੀਅਰ ਸੰਕੈਡਰੀ ਸਕੂਲ ਪੁੱਜਣ ’ਤੇ ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਪ੍ਰਧਾਨ ਡਾ. ਆਰ ਐੱਸ ਘੁੰਮਣ ਨੇ ਕਿਹਾ ਮੌਜੂਦਾ ਹਾਲਾਤ ਨਾਲ ਨਜਿੱਠਣ ਲਈ ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣਾ ਚਾਹੀਦਾ ਹੈ। ਅਜਿਹੇ ਧਾਰਮਿਕ ਸਮਾਗਮ ਸਮਾਜ ਵਿੱਚ ਪਿਆਰ, ਭਾਈਚਾਰੇ ਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਰੋਟਰੀ ਸਕੱਤਰ ਵਿਕਰਮ ਗੁਪਤਾ, ਰਾਜ ਕੁਮਾਰ ਗਰਗ, ਡਾ. ਐੱਸ ਐੱਸ ਆਹੂਜਾ, ਐੱਸ ਸੀ ਸਿੰਗਲਾ, ਪ੍ਰਿਤਪਾਲ ਸਿੰਘ ਢਿੱਲੋਂ, ਸਮੀਰ ਸੇਠੀ, ਸੰਦੀਪ ਰਿਸ਼ੀ, ਕੁਲਦੀਪ ਗੁਪਤਾ, ਸਕੂਲ ਪ੍ਰਿੰਸੀਪਲ ਸੰਤੋਸ਼ ਕੌਰ ਘੁੰਮਣ, ਮਨਿੰਦਰ ਘੁੰਮਣ, ਵਾਈਸ ਪ੍ਰਿੰਸੀਪਲ ਸਤਬੀਰ ਸਿੰਘ, ਸਕੂਲ ਪ੍ਰਬੰਧਕ ਮਨੋਜ ਭਸੀਨ, ਵਿਪਨ ਬੱਤਰਾ ਤੇ ਹੋਰ ਸਟਾਫ ਮੌਜੂਦ ਸੀ।

