ਨਿੱਜੀ ਪੱਤਰ ਪ੍ਰੇਰਕ
ਸਿਰਸਾ, 2 ਅਕਤੂਬਰ
ਆੜ੍ਹਤੀਆਂ ਦੀ ਹੜਤਾਲ ਮਗਰੋਂ ਹੁਣ ਮੰਡੀ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰ ਦਿੱਤੀ ਹੈ। ਮੰਡੀ ਮਜ਼ਦੂਰਾਂ ਨੇ ਮਾਰਕੀਟ ਕਮੇਟੀ ਦੇ ਦਫ਼ਤਰ ਅੱਗੇ ਧਰਨਾ ਲਾ ਦਿੱਤਾ ਹੈ। ਭਾਰਤੀ ਕਿਸਾਨ ਏਕਤਾ ਨੇ ਮੰਡੀ ਮਜ਼ਦੂਰਾਂ ਦੀ ਹਮਾਇਤ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਜਲਦ ਪੂਰੀਆਂ ਕਰਨ ਤੇ ਕਿਸਾਨਾਂ ਨੂੰ ਮੰਡੀ ਵਿੱਚ ਜਿਣਸ ਵੇਚਣ ਸਮੇਂ ਆਉਣ ਵਾਲੀਆਂ ਮੁਸ਼ਕਲਾਂ ਦਾ ਹੱਲ ਕੀਤੇ ਜਾਣ ਦੀ ਮੰਗ ਕੀਤੀ ਹੈ। ਆਪਣੀਆਂ ਮੰਗਾਂ ਦੀ ਪੂਰਤੀ ਲਈ ਮਾਰਕੀਟ ਕਮੇਟੀ ਦੇ ਦਫ਼ਤਰ ਅੱਗੇ ਧਰਨਾ ਦੇ ਰਹੇ ਮੰਡੀ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਏਕਤਾ ਦੇ ਸੂਬਾਈ ਪ੍ਰਧਾਨ ਲਖਵਿੰਦਰ ਸਿੰਘ ਲੱਖਾ ਨੇ ਕਿਹਾ ਕਿ ਸਰਕਾਰ ਮੰਡੀ ਮਜ਼ਦੂਰਾਂ ਦੀਆਂ ਮੰਗਾਂ ਜਲਦ ਪੂਰੀਆਂ ਕਰੇ। ਮੰਡੀ ਮਜ਼ਦੂਰਾਂ ਤੇ ਕਿਸਾਨਾਂ ਨੂੰ ਜਿਣਸ ਵੇਚਣ ਵੇਲੇ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਮੰਡੀ ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਮੰਡੀਆਂ ’ਚ ਕਿਸਾਨਾਂ ਦੀ ਜਿਣਸ ਆਉਣੀ ਸ਼ੁਰੂ ਹੋ ਗਈ ਹੈ ਪਰ ਮੰਡੀ ਮਜ਼ਦੂਰਾਂ ਦੀ ਨਾ ਤਾਂ ਮਜ਼ਦੂਰੀ ਵਧਾਈ ਜਾ ਰਹੀ ਹੈ ਤੇ ਨਾ ਹੀ ਫੈਕਟਰੀਆਂ ਵਿੱਚ ਟਰਾਲੀਆਂ ਤੋਂ ਨਰਮਾ ਉਤਰਵਾਇਆ ਜਾ ਰਿਹਾ ਹੈ।