ਸ਼ਹੀਦੀ ਸ਼ਤਾਬਦੀ ਸਮਾਗਮਾਂ ਸਬੰਧੀ ਚਰਚਾ
ਭਾਜਪਾ ਜ਼ਿਲ੍ਹਾ ਪ੍ਰਧਾਨ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਬੈਠਕ
ਭਾਜਪਾ ਜ਼ਿਲ੍ਹਾ ਪ੍ਰਧਾਨ ਤਜਿੰਦਰ ਸਿੰਘ ਗੋਲਡੀ ਨੇ ਸਥਾਨਕ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਬੈਠਕ ਕੀਤੀ। ਉਨ੍ਹਾਂ ਨੇ ਕੁਰੂਕਸ਼ੇਤਰ ਦੇ ਜੋਤੀ ਸਰ ਵਿੱਚ ਹੋਣ ਵਾਲੇ ਗੁਰੂ ਤੇਗ ਬਹਾਦਰ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਬੀਤੀ ਦੇਰ ਸ਼ਾਮ ਹੋਈ ਬੈਠਕ ਵਿੱਚ ਸਮਾਗਮ ਦੀਆਂ ਤਿਆਰੀਆਂ ਸਬੰਧੀ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਇਸ ਮੌਕੇ ਪੰਜੇ ਤਖ਼ਤਾਂ ਦੇ ਜਥੇਦਾਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਤੇ ਸਿੱਖ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਉਨਾਂ ਕਿਹਾ ਕਿ ਇਸ ਮੌਕੇ ਸੂਬੇ ਦੇ ਵੱਖ-ਵੱਖ ਥਾਵਾਂ ਤੋਂ ਚੱਲੇ ਨਗਰ ਕੀਰਤਨ ਸਮਾਗਮ ਵਾਲੀ ਥਾਂ ’ਤੇ ਪੁੱਜਣਗੇ ਜਿੱਥੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਇੱਥੇ ਸਥਾਨਕ ਸਿੱਖ ਆਗੂਆਂ ਨੇ ਭਾਜਪਾ ਜ਼ਿਲ੍ਹਾ ਪ੍ਰਧਾਨ ਨੂੰ ਬਰਾੜਾ ਰੋਡ ’ਤੇ ਬਣੇ ਬਾਬਾ ਬੰਦਾ ਸਿੰਘ ਬਹਾਦਰ ਗੇਟ ਦੀ ਮਾੜੀ ਸਥਿਤੀ ਤੋਂ ਜਾਣੂ ਕਰਵਾਇਆ। ਉਨ੍ਹਾਂ ਭਰੋਸਾ ਦਿੱਤਾ ਕਿ ਸਮਾਗਮ ਮਗਰੋਂ ਇਸ ਨੂੰ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਤੇ ਨਵੀਨੀਕਰਨ ਕਰਵਾਇਆ ਜਾਵੇਗਾ। ਇਸ ਮੌਕੇ ਨਰਿੰਦਰ ਸਿੰਘ ਭਿੰਡਰ, ਕੁਲਵੰਤ ਸਿੰਘ ਚਾਵਲਾ, ਮਲਕਿੰਦਰ ਸਿੰਘ, ਭਗਵੰਤ ਸਿੰਘ, ਨਿਰੰਜਨ ਸਿੰਘ ਸੇਤੀਆ ਆਦਿ ਤੋਂ ਇਲਾਵਾ ਕਈ ਪਤਵੰਤੇ ਤੇ ਭਾਜਪਾ ਆਗੂ ਮੌਜੂਦ ਸਨ।

