ਨਿੱਜੀ ਪੱਤਰ ਪ੍ਰੇਰਕ
ਸਿਰਸਾ, 15 ਅਕਤੂਬਰ
ਨਗਰ ਪਾਲਿਕਾ ਕਰਮਚਾਰੀ ਸੰਘ ਅਤੇ ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਵੱਖ-ਵੱਖ ਟੀਮਾਂ ਬਣਾ ਕੇ ਦੂਜੇ ਦਿਨ ਵੀ ਸਾਰੇ ਜ਼ਿਲ੍ਹੇ ਵਿੱਚ ਆਮ ਲੋਕਾਂ ਨੂੰ ਸਰਕਾਰ ਵਿਰੋਧੀ ਪਰਚੇ ਵੰਡ ਕੇ ਰੋਸ ਵਿਖਾਵਾ ਕੀਤਾ। ਇਸ ਮੌਕੇ ਉੱਤੇ ਸੰਘ ਦੇ ਜ਼ਿਲਾ ਪ੍ਰਧਾਨ ਮਨੋਜ ਅਟਵਾਲ, ਆਡੀਟਰ ਸੁਖਦੇਵ ਸਿੰਘ, ਫਾਇਰ ਬ੍ਰਿਗੇਡ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਖੀਚੜ, ਬਲਾਕ ਪ੍ਰਧਾਨ ਨਰੇਸ਼ ਚੌਹਾਨ, ਸੁਨੀਲ ਬਾਗੜੀ, ਅਰੁਣ ਪਰੋਚਾ ਨੇ ਦੱਸਿਆ ਕਿ ਹਾਲ ਹੀ ਵਿੱਚ ਸਰਕਾਰ ਵੱਲੋਂ ਕਈ ਵਿਭਾਗਾਂ ਦੇ ਕਰਮਚਾਰੀਆਂ ਦੀ ਛਾਂਟੀ ਕੀਤੀ ਗਈ ਹੈ, ਜਿਸ ਨਾਲ ਕਾਫ਼ੀ ਲੋਕ ਬੇਰੁਜ਼ਗਾਰ ਹੋ ਗਏ ਹਨ। ਇਹ ਲੋਕ ਕਾਫ਼ੀ ਸਾਲਾਂ ਤੋਂ ਕੰਮ ਕਰ ਰਹੇ ਸਨ। ਅਚਾਨਕ ਨੌਕਰੀ ਤੋਂ ਕੱਢ ਦਿੱਤੇ ਜਾਣ ਕਾਰਨ ਇਸ ਕਰਮਚਾਰੀਆਂ ਦੇ ਸਾਹਮਣੇ ਬੇਰੁਜ਼ਗਾਰੀ ਦੀ ਤਲਵਾਰ ਲਟਕ ਗਈ ਹੈ ਕਿਉਂਕਿ ਹੁਣ ਇਹ ਕਿਤੇ ਹੋਰ ਕੰਮ ਵੀ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀ ਛਾਂਟੀ ਨੂੰ ਕਿਸੇ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਰਕਾਰ ਨੇ ਛਾਂਟੀ ਕੀਤੇ ਗਏ ਕਰਮਚਾਰੀਆਂ ਨੂੰ ਦੁਬਾਰਾ ਨਾ ਰੱਖਿਆ ਤਾਂ ਅੰਦੋਲਨ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਦਾਰੀ ਸਰਕਾਰ ਦੀ ਹੋਵੇਗੀ। ਇਸ ਤੋਂ ਬਾਅਦ ਵੀ ਸਰਕਾਰ ਨਾ ਜਾਗੀ ਤਾਂ ਅਗਲੀ 28 ਅਤੇ 29 ਅਕਤੂਬਰ ਨੂੰ 24 ਘੰਟੇ ਦੀ ਦੋ ਦਿਨਾਂ ਭੁੱਖ ਹੜਤਾਲ ਕੀਤੀ ਜਾਵੇਗੀ। ਇਸ ਤੋਂ ਬਾਅਦ 8 ਨਵੰਬਰ ਨੂੰ ਲੋਕਲ ਬਾਡੀ ਮੰਤਰੀ ਅਨਿਲ ਵਿੱਜ ਦੇ ਅੰਬਾਲੇ ਸਥਿਤ ਘਰ ਦਾ ਘਿਰਾਉ ਕੀਤਾ ਜਾਵੇਗਾ ਅਤੇ ਉਥੋਂ ਹੀ ਅਗਲੇ ਅੰਦੋਲਨ ਦਾ ਐਲਾਨ ਕੀਤਾ ਜਾਵੇਗਾ।