ਨਵੀਂ ਆਬਕਾਰੀ ਨੀਤੀ ਦਾ ਖਰੜਾ ਜੂਨ ਦੇ ਅਖ਼ੀਰ ਤੱਕ ਹੋ ਜਾਵੇਗਾ ਤਿਆਰ
ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਜੂਨ
ਦਿੱਲੀ ਸਰਕਾਰ ਵੱਲੋਂ ਨਵੀਂ ਸ਼ਰਾਬ ਨੀਤੀ ਲਾਗੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਇਸ ਮਹੀਨੇ ਦੇ ਅਖੀਰ ਤੱਕ ਨਵੀਂ ਅਬਕਾਰੀ ਨੀਤੀ ਦਾ ਖਰੜਾ ਤਿਆਰ ਹੋ ਜਾਵੇਗਾ। ਕੇਜਰੀਵਾਲ ਸਰਕਾਰ ਵੱਲੋਂ ਨਵੀਂ ਆਬਕਾਰੀ ਨੀਤੀ ਲਾਗੂ ਕੀਤੀ ਗਈ ਸੀ ਪਰ ਵਿਵਾਦਾਂ ਵਿੱਚ ਆਉਣ ਕਾਰਨ ਨਵੀਂ ਨੀਤੀ ਵਾਪਸ ਲੈ ਕੇ, ਪਹਿਲਾਂ ਵਾਲੀ ਹੀ ਆਬਕਾਰੀ ਨੀਤੀ ਲਾਗੂ ਕਰ ਦਿੱਤੀ ਗਈ ਸੀ।
ਸੂਤਰਾਂ ਮੁਤਾਬਕ ਦਿੱਲੀ ਦੀ ਆਬਕਾਰੀ ਨੀਤੀ ਦਾ ਉਦੇਸ਼ ਰਾਜਧਾਨੀ ਵਿੱਚ ਸ਼ਰਾਬ ਵੇਚਣ ਅਤੇ ਕੰਟਰੋਲ ਕਰਨ ਦੇ ਤਰੀਕੇ ਵਿੱਚ ਸੁਧਾਰ ਲਿਆਉਣਾ ਹੈ। ਪੁਰਾਣੇ ਨੀਤੀ ਦੀ ਇਸ ਮਹੀਨੇ ਦੇ ਅਖੀਰ ਤੱਕ ਮਿਆਦ ਪੂਰੀ ਹੋ ਜਾਵੇਗੀ। ਇਸ ਲਈ ਦਿੱਲੀ ਦੀ ਰੇਖਾ ਗੁਪਤਾ ਸਰਕਾਰ ਵੱਲੋਂ ਨਵੀਂ ਆਬਕਾਰੀ ਨੀਤੀ ਲਾਗੂ ਕਰਨ ’ਤੇ ਵਿਚਾਰ ਕੀਤਾ ਜਾ ਰਿਹਾ। ਇਸ ਸਬੰਧੀ ਕਈ ਮੀਟਿੰਗਾਂ ਵੀ ਹੋ ਚੁੱਕੀਆਂ ਹਨ। ਮੁੱਖ ਸਕੱਤਰ ਦੀ ਅਗਵਾਈ ਵਾਲੀ ਉੱਚ-ਪੱਧਰੀ ਕਮੇਟੀ ਦੂਜੇ ਰਾਜਾਂ ਦੀਆਂ ਨੀਤੀਆਂ ਦੀ ਸਮੀਖਿਆ ਕਰਨ ਅਤੇ ਮੁੱਖ ਹਿੱਸੇਦਾਰਾਂ ਨਾਲ ਸਲਾਹ-ਮਸ਼ਵਰਾ ਕਰਨ ਦੌਰਾਨ ਨਵੇਂ ਢਾਂਚੇ ’ਤੇ ਕੰਮ ਕਰ ਰਹੀ ਹੈ। ਇਹ ਕੰਮ 30 ਜੂਨ ਤੱਕ ਪੂਰਾ ਹੋ ਜਾਵੇਗਾ। ਸਰਕਾਰ ਨੇ ਮੌਜੂਦਾ ਸ਼ਰਾਬ ਨੀਤੀ ਨੂੰ 30 ਜੂਨ, 2025 ਤੱਕ ਵਧਾ ਦਿੱਤਾ ਸੀ ਤਾਂ ਜੋ ਨਵੀਂ ਨੀਤੀ ਦਾ ਖਰੜਾ ਤਿਆਰ ਕਰਨ ਦੌਰਾਨ ਸ਼ਰਾਬ ਦੀ ਸਪਲਾਈ ਵਿੱਚ ਲਗਾਤਾਰਤਾ ਨੂੰ ਯਕੀਨੀ ਬਣਾਇਆ ਜਾ ਸਕੇ।।