ਆਤਿਸ਼ ਗੁਪਤਾ
ਚੰਡੀਗੜ੍ਹ, 23 ਅਗਸਤ
ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਗੂੰਜ ਹਰਿਆਣਾ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੇ ਅੱਜ ਦੂਜੇ ਦਿਨ ਵੀ ਸੁਣਾਈ ਦਿੱਤੀ। ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਅਤੇ ਵਿਧਾਇਕ ਕਿਰਨ ਚੌਧਰੀ ਨੇ ਵਿਧਾਨ ਸਭਾ ਵਿੱਚ ‘ਕੰਮ ਰੋਕੂ ਮਤਾ’ ਪੇਸ਼ ਕਰਦਿਆਂ ਕਿਸਾਨ ਅੰਦੋਲਨ ਅਤੇ ਖੇਤੀ ਕਾਨੂੰਨਾਂ ’ਤੇ ਚਰਚਾ ਕਰਨ ਦੀ ਮੰਗ ਕੀਤੀ। ਖੇਤੀ ਕਾਨੂੰਨਾਂ ’ਤੇ ਚਰਚਾ ਨਾ ਹੋਣ ’ਤੇ ਕਾਂਗਰਸੀਆਂ ਨੇ ਵਿਧਾਨ ਸਭਾ ਵਿੱਚ ਹੰਗਾਮਾ ਕੀਤਾ। ਭੁਪਿੰਦਰ ਸਿੰਘ ਹੁੱਡਾ ਸਣੇ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ’ਚ ਨਾਅਰੇਬਾਜ਼ੀ ਕਰਦਿਆਂ ਵਾਕਆਊਟ ਕਰ ਦਿੱਤਾ। ਇਸ ਦੌਰਾਨ ਸਪੀਕਰ ਗਿਆਨ ਚੰਦ ਨੇ ਕਿਹਾ ਕਿ ਖੇਤੀ ਕਾਨੂੰਨਾਂ ਦਾ ਮਾਮਲਾ ਸੁਪਰੀਮ ਕੋਰਟ ਵਿੱਚ ਚੱਲ ਰਿਹਾ ਹੈ, ਜਿਸ ਕਾਰਨ ਉਸ ’ਤੇ ਕੋਈ ਬਹਿਸ ਨਹੀਂ ਕੀਤੀ ਜਾ ਸਕਦੀ, ਪਰ ਕਾਂਗਰਸੀ ਵਿਧਾਇਕ ਖੇਤੀ ਕਾਨੂੰਨਾਂ ’ਤੇ ਬਹਿਸ ਕਰਵਾਉਣ ਲਈ ਅੜੇ ਰਹੇ। ਵਿਰੋਧੀ ਧਿਰ ਦੇ ਨੇਤਾ ਸ੍ਰੀ ਹੁੱਡਾ ਨੇ ਕਰੋਨਾ ਦੌਰਾਨ ਆਕਸੀਜਨ ਦੀ ਘਾਟ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਆਕਸੀਜਨ ਦੀ ਘਾਟ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਨੂੰ ਲੈ ਕੇ ਸੂਬਾ ਸਰਕਾਰ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਸ੍ਰੀ ਖੱਟਰ ਨੇ ਕਿਹਾ ਕਿ ਕਰੋਨਾ ਦੌਰਾਨ ਸੂਬਾ ਸਰਕਾਰ ਵੱਲੋਂ ਆਕਸੀਜਨ ਦੀ ਪੁਖਤਾ ਸਪਲਾਈ ਕੀਤੀ ਗਈ ਹੈ। ਆਕਸੀਜਨ ਦੀ ਵੰਡ ਵਿੱਚ ਲਾਪ੍ਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਜਾਂਚ ਕਮੇਟੀ ਬਣਾਈ ਜਾਵੇਗੀ।
ਫਰੀਦਾਬਾਦ ਅਤੇ ਪੰਚਕੂਲਾ ਨਗਰ ਨਿਗਮ ਦਾ ਹੋਵੇਗਾ ਆਡਿਟ
ਹਰਿਆਣਾ ਵਿਧਾਨ ਸਭਾ ਵਿੱਚ ਕੈਬਨਿਟ ਮੰਤਰੀ ਮੂਲ ਚੰਦ ਸ਼ਰਮਾ ਨੇ ਕਿਹਾ ਕਿ ਗੁਰੂਗ੍ਰਾਮ ਦੀ ਤਰਜ਼ ’ਤੇ ਫਰੀਦਾਬਾਦ ਅਤੇ ਪੰਚਕੂਲਾ ਨਗਰ ਨਿਗਮ ਦਾ ਵੀ ਆਡਿਟ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਫਰੀਦਾਬਾਦ ਵਿੱਚ ਬਿਨਾਂ ਕੰਮ ਕਰਵਾਏ ਠੇਕੇਦਾਰ ਨੂੰ ਅਦਾਇਗੀ ਕੀਤੇ ਜਾਣ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਜਾਂਚ ਕੀਤੀ ਜਾ ਰਹੀ ਹੈ, ਜਿਸ ਦੀ ਰਿਪੋਰਟ ਆਉਣੀ ਬਾਕੀ ਹੈ।