ਪੱਤਰ ਪ੍ਰੇਰਕ
ਨਵੀਂ ਦਿੱਲੀ, 1 ਸਤੰਬਰ
ਹਰਿਆਣਾ ਸਰਕਾਰ ਪ੍ਰਧਾਨ ਮੰਤਰੀ ਦੇ ‘ਇਕ ਦੇਸ਼ ਇਕ ਚੋਣ’ ਦੇ ਵਿਚਾਰ ਦੇ ਹੱਕ ’ਚ ਨਿੱਤਰ ਆਈ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਪ੍ਰਧਾਨਗੀ ਹੇਠ ‘ਇੱਕ ਰਾਸ਼ਟਰ-ਇੱਕ ਚੋਣ’ ਲਈ ਗਠਿਤ ਕਮੇਟੀ ਲਈ ਭਾਰਤੀ ਜਨਤਾ ਪਾਰਟੀ ਦੇ ਫੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੇ ਸਾਲਾਂ ਪੁਰਾਣੇ ਸੁਫਨੇ ਅਨੁਸਾਰ ‘ਵਨ ਨੇਸ਼ਨ-ਵਨ ਇਲੈਕਸ਼ਨ’ ਬਾਰੇ ਬਹੁਤ ਹੀ ਸਾਰਥਕ ਗੱਲ ਕਹੀ ਹੈ ਅਤੇ ਉਹ ‘ਇੱਕ ਰਾਸ਼ਟਰ-ਇੱਕ ਚੋਣ’ ਦੇ ਇਸ ਵਿਚਾਰ ਨੂੰ ਅੱਗੇ ਲੈ ਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਇੱਕ ਰਾਸ਼ਟਰ-ਇੱਕ ਚੋਣ’ ਲਈ ਦੇਸ਼ ਦੇ ਚੋਣ ਕਮਿਸ਼ਨ ਅਤੇ ਕਾਨੂੰਨ ਕਮਿਸ਼ਨ ਨੇ ਸੁਝਾਅ ਦਿੱਤਾ ਹੈ। ਇਸ ਮੁੱਦੇ ’ਤੇ ਵਿਚਾਰ ਕਰਨ ਤੋਂ ਬਾਅਦ ਇਹ ਕਮੇਟੀ ਆਪਣੀ ਰਿਪੋਰਟ ਦੇਵੇਗੀ, ਜਿਸ ਦੇ ਤਹਿਤ ‘ਇੱਕ ਰਾਸ਼ਟਰ-ਇੱਕ ਚੋਣ’ ਦੇ ਫਾਇਦੇ ਸਾਹਮਣੇ ਆਉਣਗੇ। ਮੁੱਖ ਮੰਤਰੀ ਨੇ ਕਿਹਾ,‘‘ਮੇਰਾ ਮੰਨਣਾ ਹੈ ਕਿ ਜੇਕਰ ਚੋਣਾਂ ਵਾਰ-ਵਾਰ ਹੁੰਦੀਆਂ ਹਨ ਤਾਂ ਦੇਸ਼ ’ਤੇ ਖਰਚਿਆਂ ਦਾ ਬੋਝ ਪੈਂਦਾ ਹੈ, ਚੋਣ ਤੰਤਰ ਨੂੰ ਵੀ ਵਾਰ-ਵਾਰ ਚੋਣਾਂ ਕਰਵਾਉਣੀਆਂ ਪੈਂਦੀਆਂ ਹਨ ਅਤੇ ਆਮ ਆਦਮੀ ਵੀ ਇਸ ਕਾਰਨ ਪ੍ਰੇਸ਼ਾਨ ਹੁੰਦਾ ਹੈ। ਦੇਸ਼ ਦੇ ਅੰਦਰ ਇੱਕ ਢਾਂਚਾ ਬਣਾਉਣ ਦੀ ਲੋੜ ਹੈ। ਸਾਰੀਆਂ ਚੋਣਾਂ ਸਮੇਂ ਸਿਰ ਹੋਣੀਆਂ ਚਾਹੀਦੀਆਂ ਹਨ, ਜਿਸ ਨਾਲ ਬਹੁਤ ਸਾਰੇ ਫਾਇਦੇ ਹੋਣਗੇ।’’ ਉਨ੍ਹਾਂ ਕਿਹਾ ਕਿ ਜੇਕਰ ਇਸ ਨੂੰ ਮੁੜ ਚਾਲੂ ਕਰਕੇ ਅਤੇ ਅਜਿਹੇ ਕਦਮ ਚੁੱਕਣ ਨਾਲ ਸਾਰਥਕ ਨਤੀਜੇ ਨਿਕਲਦੇ ਹਨ ਤਾਂ ਇਸ ਨਾਲ ਵਿਕਾਸ ਕਾਰਜਾਂ ਵਿੱਚ ਤੇਜ਼ੀ ਆਵੇਗੀ।