ਯੂਟੀ ਪਾਵਰਮੈਨ ਯੂਨੀਅਨ ਚੰਡੀਗੜ੍ਹ ਦੇ ਸੱਦੇ ’ਤੇ ਬਿਜਲੀ ਕਰਮਚਾਰੀਆਂ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਅੜੀਅਲ ਅਤੇ ਨਕਾਰਾਤਮਕ ਰਵੱਈਏ ਵਿਰੁੱਧ ਇੰਡਸਟਰੀਅਲ ਏਰੀਆ ਫੇਜ਼ 1 ਸਥਿਤ ਨਿਊ ਪਾਵਰ ਹਾਊਸ ਦੇ ਸਾਹਮਣੇ ਪ੍ਰਦਰਸ਼ਨ ਕੀਤਾ।ਬਿਜਲੀ ਖੇਤਰ ਦੇ ਵੱਖ-ਵੱਖ ਉਪ-ਮੰਡਲਾਂ ਅਤੇ ਡਿਵੀਜ਼ਨਾਂ ਦੇ ਵੱਡੀ ਗਿਣਤੀ ਵਿੱਚ ਕਰਮਚਾਰੀਆਂ ਨੇ ਇਸ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਅਤੇ ਪੈਨਸ਼ਨਰ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ।ਪ੍ਰਦਰਸ਼ਨ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੋਈ ਵਿਕਲਪ ਲਏ ਬਿਨਾਂ ਕਰਮਚਾਰੀਆਂ ਨੂੰ ਕੰਪਨੀ ਵਿੱਚ ਭੇਜਣ ਦਾ ਵਿਰੋਧ ਕਰਦਿਆਂ ਕਰਮਚਾਰੀਆਂ ਨੂੰ ਪ੍ਰਸ਼ਾਸਨ ਦੇ ਹੋਰ ਵਿਭਾਗਾਂ ਵਿੱਚ ਐਡਜਸਟ ਕਰਨ, ਪ੍ਰਸ਼ਾਸਨ ਵੱਲੋਂ ਪਿਛਲੀ ਮਿਤੀ ਤੋਂ ਨੋਟੀਫਾਈਡ ਨਿਯਮਾਂ ਅਨੁਸਾਰ ਕਰਮਚਾਰੀਆਂ ਨੂੰ ਤਰੱਕੀ ਦੇਣ, ਕਰਮਚਾਰੀਆਂ ਦੇ ਰੋਕੇ ਹੋਏ ਬੋਨਸ ਸਣੇ ਆਊਟਸੋਰਸਡ ਕਾਮਿਆਂ ਦੀਆਂ ਮੰਗਾਂ ਪੂਰੀਆਂ ਨਾ ਕਰਨ ’ਤੇ ਪ੍ਰਸ਼ਾਸਨ ਦੀ ਨਿਖੇਧੀ ਕੀਤੀ।ਯੂਨੀਅਨ ਦੇ ਜਨਰਲ ਸਕੱਤਰ ਅਤੇ ਫੈਡਰੇਸ਼ਨ ਚੇਅਰਮੈਨ ਗੋਪਾਲ ਦੱਤ ਜੋਸ਼ੀ, ਪ੍ਰਧਾਨ ਅਮਰੀਕ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਸਿੱਧੂ, ਗੁਰਮੀਤ ਸਿੰਘ, ਵਿਨੇ ਪ੍ਰਸਾਦ ਨੇ ਚੰਡੀਗੜ੍ਹ ਪ੍ਰਸ਼ਾਸਨ, ਖਾਸ ਕਰਕੇ ਇੰਜਨੀਅਰਿੰਗ ਵਿਭਾਗ ਦੇ ਅਧਿਕਾਰੀਆਂ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੇ ਕਰਮਚਾਰੀਆਂ ਦੇ ਹਿੱਤਾਂ ’ਤੇ ਹਮਲਾ ਕੀਤਾ ਹੈ। ਉਨ੍ਹਾਂ ਬਿਜਲੀ ਵਿਭਾਗ ਦੇ ਨਿੱਜੀਕਰਨ ਦੀ ਪ੍ਰਕਿਰਿਆ ’ਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦੀ ਸੀਬੀਆਈ ਜਾਂਚ ਦੀ ਮੰਗ ਵੀ ਕੀਤੀ।ਫੈਡਰੇਸ਼ਨ ਆਫ ਯੂਟੀ ਐਂਪਲਾਈਜ਼ ਐਂਡ ਵਰਕਰਜ਼ ਚੰਡੀਗੜ੍ਹ ਦੇ ਪ੍ਰਧਾਨ ਰਾਜੇਂਦਰ ਕਟੋਚ, ਜਨਰਲ ਸਕੱਤਰ ਹਰਕੇਸ਼ ਚੰਦ, ਬਾਗਬਾਨੀ ਜਨਰਲ ਸਕੱਤਰ ਐਮ.ਐਮ. ਸੁਬਰਾਮਨੀਅਮ, ਪਬਲਿਕ ਹੈਲਥ ਪ੍ਰਧਾਨ ਹਰਪਾਲ ਸਿੰਘ, ਪੈਨਸ਼ਨਰਜ਼ ਯੂਨੀਅਨ ਪ੍ਰਧਾਨ ਉਜਾਗਰ ਸਿੰਘ ਮੋਹੀ, ਸੀਨੀਅਰ ਮੀਤ ਪ੍ਰਧਾਨ ਰਾਮ ਸਰੂਪ, ਵਿਜੇ ਸਿੰਘ ਅਤੇ ਜਨਰਲ ਸਕੱਤਰ ਸੁੱਚਾ ਸਿੰਘ ਨੇ ਕਿਹਾ ਕਿ ਇਹ ਸ਼ਰਮਨਾਕ ਹੈ ਕਿ ਕਰਮਚਾਰੀਆਂ ਦੇ ਬਕਾਏ ਉਨ੍ਹਾਂ ਦੀ ਸੇਵਾਮੁਕਤੀ ਤੋਂ 6-7 ਮਹੀਨਿਆਂ ਬਾਅਦ ਤੱਕ ਵੀ ਅਦਾ ਨਹੀਂ ਕੀਤੇ ਗਏ ਹਨ।ਬੁਲਾਰਿਆਂ ਨੇ ਸਾਰੇ ਕਰਮਚਾਰੀਆਂ ਨੂੰ 12 ਨਵੰਬਰ ਨੂੰ ਫੈਡਰੇਸ਼ਨ ਆਫ ਯੂਟੀ ਐਂਪਲਾਈਜ਼ ਐਂਡ ਵਰਕਰਜ਼ ਚੰਡੀਗੜ੍ਹ ਦੇ ਸੱਦੇ ’ਤੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।