ਬਿਜਲੀ ਕਾਮਿਆਂ ਵੱਲੋਂ ਆਨਲਾਈਨ ਤਬਾਦਲਾ ਨੀਤੀ ਵਿਰੁੱਧ ਪ੍ਰਦਰਸ਼ਨ
ਅੱਜ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰ ਯੂਨੀਅਨ ਦੇ ਸੱਦੇ ’ਤੇ ਬਿਜਲੀ ਕਾਮਿਆਂ ਨੇ ਰਤੀਆ ਵਿੱਚ ਇੱਕ ਮੀਟਿੰਗ ਕੀਤੀ। ਮੀਟਿੰਗ ਵਿੱਚ ਦੱਖਣੀ ਹਰਿਆਣਾ ਬਿਜਲੀ ਵੰਡ ਨਿਗਮ ਤਹਿਤ ਲਾਗੂ ਕੀਤੀ ਗਈ ਆਨਲਾਈਨ ਤਬਾਦਲਾ ਨੀਤੀ ਦੇ ਵਿਰੋਧ ’ਚ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਬਿਜਲੀ ਕਾਮਿਆਂ ਨੇ ਸੂਬਾ ਸਰਕਾਰ ਅਤੇ ਨਿਗਮ ਪ੍ਰਬੰਧਨ ਵਿਰੁੱਧ ਨਾਅਰੇਬਾਜ਼ੀ ਕੀਤੀ। ਕਾਮਿਆਂ ਨੇ ਇਸ ਟਰਾਂਸਫਰ ਨੀਤੀ ਦਾ ਜ਼ੋਰਦਾਰ ਵਿਰੋਧ ਕੀਤਾ। ਵਿਰੋਧ ਪ੍ਰਦਰਸ਼ਨ ਦੌਰਾਨ ਕਾਮਿਆਂ ਨੇ ਟਰਾਂਸਫ਼ਰ ਨੀਤੀ ਦੀਆਂ ਕਾਪੀਆਂ ਵੀ ਸਾੜੀਆਂ। ਇਸ ਮੀਟਿੰਗ ਦੀ ਪ੍ਰਧਾਨਗੀ ਸਿਟੀ ਸਬ ਯੂਨਿਟ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕੀਤੀ ਜਦੋਂ ਕਿ ਸਬ ਯੂਨਿਟ ਸਕੱਤਰ ਪ੍ਰੇਮ ਸ਼ਰਮਾ ਨੇ ਸੰਚਾਲਨ ਕੀਤਾ। ਇਸ ਮੀਟਿੰਗ ਵਿੱਚ ਯੂਨਿਟ ਦੇ ਸੀਨੀਅਰ ਉਪ-ਪ੍ਰਧਾਨ ਮਲਕੀਤ ਸਿੰਘ ਨੇ ਮੁੱਖ ਬੁਲਾਰੇ ਵਜੋਂ ਸੰਬੋਧਨ ਕਰਦਿਆਂ ਕਿਹਾ ਕਿ ਨਿਗਮ ਪ੍ਰਬੰਧਨ ਔਨਲਾਈਨ ਟਰਾਂਸਫਰ ਨੀਤੀ ਲਾਗੂ ਕਰ ਰਿਹਾ ਹੈ, ਜੋ ਕਿ ਮੁਲਾਜ਼ਮਾਂ ਦੇ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਦੱਸਿਆ ਕਿ ਨਿਗਮ ਪ੍ਰਬੰਧਨ ਨੇ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਚਾਰ ਚਰਚਾ ਕੀਤੇ ਬਗ਼ੈਰ ਇਸ ਨੀਤੀ ਨੂੰ ਲਾਗੂ ਕੀਤਾ। ਉਨ੍ਹਾਂ ਕਿਹਾ ਕਿ ਇਹ ਟਰਾਂਸਫ਼ਰ ਨੀਤੀ ਨਿਗਮ ਦੇ ਸਾਰੇ ਮੁਲਾਜ਼ਮਾਂ, ਖ਼ਾਸ ਕਰਕੇ ਤਕਨੀਕੀ ਮੁਲਾਜ਼ਮਾਂ ’ਤੇ ਲਾਗੂ ਕੀਤੀ ਗਈ ਹੈ, ਜਿਸਦਾ ਯੂਨੀਅਨ ਸਖ਼ਤ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਤਕਨੀਕੀ ਮੁਲਾਜ਼ਮਾਂ ਦੇ ਔਨਲਾਈਨ ਤਬਾਦਲੇ ਕਾਰਨ ਉਨ੍ਹਾਂ ਨੂੰ ਨਵੀਂ ਜਗ੍ਹਾ ਜਾਣਾ ਪਵੇਗਾ, ਜਿਸ ਨਾਲ ਉਨ੍ਹਾਂ ਦੀ ਜਾਨ ਵੀ ਖ਼ਤਰੇ ਵਿੱਚ ਪੈ ਸਕਦੀ ਹੈ, ਕਿਉਂਕਿ ਤਕਨੀਕੀ ਮੁਲਾਜ਼ਮਾਂ ਦਾ ਕੰਮ ਜੋਖਮ ਭਰਿਆ ਹੁੰਦਾ ਹੈ। ਉਨ੍ਹਾਂ ਸਰਕਾਰ ਅਤੇ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਇਸ ਨੀਤੀ ਨੂੰ ਵਾਪਸ ਲਿਆ ਜਾਵੇ।