ਆਤਿਸ਼ ਗੁਪਤਾ
ਚੰਡੀਗੜ੍ਹ, 11 ਅਕਤੂਬਰ
ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਸਾਢੇ 10 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਸੰਘਰਸ਼ ਦਾ ਅਸਰ ਹਰਿਆਣਾ ਦੇ ਵਿਧਾਨ ਸਭਾ ਹਲਕਾ ਏਲਨਾਬਾਦ ਦੀ ਜ਼ਿਮਨੀ ਚੋਣ ’ਤੇ ਪੈਣਾ ਸ਼ੁਰੂ ਹੋ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਇਕ ਦਰਜਨ ਦੇ ਕਰੀਬ ਪਿੰਡਾਂ ਨੇ ਭਾਜਪਾ ਅਤੇ ਜੇਜੇਪੀ ਦੇ ਸਾਂਝੇ ਉਮੀਦਵਾਰ ਗੋਬਿੰਦ ਕਾਂਡਾ ਤੇ ਉਨ੍ਹਾਂ ਦੇ ਹਮਾਇਤੀਆਂ ਦੇ ਪਿੰਡਾਂ ’ਚ ਦਾਖ਼ਲੇ ’ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਨੇ ਪਿੰਡ ’ਚ ਦਾਖ਼ਲ ਹੋਣ ਵਾਲੀ ਸੜਕ ’ਤੇ ਬੋਰਡ ਲਗਾ ਕੇ ਭਾਜਪਾ/ਜੇਜੇਪੀ ਦੇ ਆਗੂਆਂ ਨੂੰ ਪਿੰਡ ਵਿੱਚ ਦਾਖਲ ਨਾ ਹੋਣ ਦੀ ਨਸੀਹਤ ਦਿੱਤੀ। ਵਿਧਾਨ ਸਭਾ ਹਲਕਾ ਏਲਨਾਬਾਦ ਵਿੱਚ 80 ਦੇ ਕਰੀਬ ਪਿੰਡ ਪੈਂਦੇ ਹਨ। ਇਨ੍ਹਾਂ ਵਿੱਚੋਂ ਰਾਏਪੁਰ, ਅੰਮ੍ਰਿਤਸਰ ਕਲਾਂ, ਬੁੱਢੀਮੋੜੀ ਸਣੇ ਇਕ ਦਰਜਨ ਦੇ ਕਰੀਬ ਪਿੰਡਾਂ ਵਿੱਚ ਪੋਸਟਰ ਲਗਾ ਦਿੱਤੇ ਗਏ ਹਨ। ਪੋਸਟਰਾਂ ਵਿੱਚ ਸਪੱਸ਼ਟ ਤੌਰ ’ਤੇ ਭਾਜਪਾ ਅਤੇ ਜੇਜੇਪੀ ਦੇ ਉਮੀਦਵਾਰ ਅਤੇ ਹਮਾਇਤੀਆਂ ਦੇ ਪਿੰਡ ’ਚ ਦਾਖਲੇ ’ਤੇ ਪਾਬੰਦੀ ਲਗਾਈ ਗਈ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਭਾਜਪਾ ਤੇ ਜੇਜੇਪੀ ਆਗੂ ਦਾ ਪਿੰਡ ’ਚ ਦਾਖ਼ਲ ਹੋਣ ’ਤੇ ਕੋਈ ਨੁਕਸਾਨ ਹੁੰਦਾ ਹੈ ਤਾਂ ਉਹ ਖ਼ੁਦ ਜ਼ਿੰਮੇਵਾਰ ਹੋਵੇਗਾ। ਇਸ ਦੇ ਨਾਲ ਹੀ ਪਿੰਡ ਵਾਸੀਆਂ ਨੇ ਪਿੰਡਾਂ ’ਚ ਸਪੀਕਰ ’ਤੇ ਸ੍ਰੀ ਕਾਂਡਾ ਦੇ ਹੱਕ ’ਤੇ ਪ੍ਰਚਾਰ ਕਰਨ ’ਤੇ ਰੋਕ ਲਗਾ ਦਿੱਤੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਆਗੂ ਰਵੀ ਆਜ਼ਾਦ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਦੇਸ਼ ਭਰ ’ਚ ਭਾਜਪਾ ਅਤੇ ਭਾਈਵਾਲ ਪਾਰਟੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਸੱਦੇ ਤਹਿਤ ਹਰਿਆਣਾ ਦੇ ਏਲਨਾਬਾਦ ਵਿਧਾਨ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ’ਚ ਵੀ ਭਾਜਪਾ ਅਤੇ ਜੇਜੇਪੀ ਦੇ ਸਾਂਝੇ ਉਮੀਦਵਾਰ ਗੋਬਿੰਦ ਕਾਂਡਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਰਚੇ ਦੇ ਸੱਦੇ ’ਤੇ ਅੱਜ ਤੋਂ ਪਿੰਡਾਂ ਵਿੱਚ ਪੋਸਟਰ ਲਗਾਉਣ ਦੀ ਸ਼ੁਰੂਆਤ ਕਰ ਦਿੱਤੀ ਹੈ, ਭਵਿੱਖ ’ਚ ਸਾਰੇ ਪਿੰਡਾਂ ਵਿੱਚ ਪੋਸਟਰ ਲਗਾਏ ਜਾਣਗੇ। ਆਜ਼ਾਦ ਨੇ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਨੇ ਵੀ ਟੋਲੀਆਂ ਬਣਾ ਕੇ ਭਾਜਪਾ ਹਮਾਇਤੀਆਂ ਦਾ ਵਿਰੋਧ ਕਰਨ ਦੀ ਤਿਆਰੀ ਖਿੱਚ ਲਈ ਹੈ। ਦੂਜੇ ਪਾਸੇ ਭਾਜਪਾ ਉਮੀਦਵਾਰ ਗੋਬਿੰਦ ਕਾਂਡਾ ਦੇ ਚੋਣ ਪ੍ਰਚਾਰ ਦਾ ਵੀ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।