ਪੱਤਰ ਪ੍ਰੇਰਕ
ਨਵੀਂ ਦਿੱਲੀ 1 ਨਵੰਬਰ
ਟਿਕਰੀ ਬਾਰਡਰ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ ਤੇ ਬਠਿੰਡੇ ਜ਼ਿਲ੍ਹੇ ਦੇ ਆਗੂ ਬਸੰਤ ਸਿੰਘ ਕੋਠਾ ਗੁਰੂ ਨੇ ਅੱਜ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਦੀਵਾਲੀ ਦਾ ਤਿਉਹਾਰ ਹੋਣ ਕਰਕੇ ਵੱਖ ਵੱਖ ਬਾਰਡਰਾਂ ’ਤੇ ਲੱਗੇ ਹੋਏ ਮੋਰਚਿਆਂ ਵਿੱਚ ਚੌਕਸੀ ਵਧਾਉਣ ਤੇ ਪਹਿਰੇਦਾਰੀ ਰੱਖਣ ਦੀ ਲੋੜ ਬਣਦੀ ਹੈ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਹਕੂਮਤ ਵੱਲੋਂ ਕਿਸਾਨਾਂ ਦੇ ਸ਼ਾਂਤੀਪੂਰਵਕ ਲੱਗੇ ਹੋਏ ਮੋਰਚਿਆਂ, ਜੋ ਪਿਛਲੇ ਗਿਆਰਾਂ ਮਹੀਨਿਆਂ ਤੋਂ ਲਗਾਤਾਰ ਸਰਕਾਰਾਂ ਦੀਆਂ ਲੋਕ ਦੋਖੀ ਨੀਤੀਆਂ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ, ਵਿੱਚ ਭਾਜਪਾ ਹਕੂਮਤ ਤੇ ਇਨ੍ਹਾਂ ਦੀ ਜੋਟੀਦਾਰ ਆਰਐੱਸਐੱਸ ਦੀ ਜੁੰਡਲੀ ਵੱਲੋਂ ਕੋਈ ਗੜਬੜੀ ਕਰਵਾਈ ਜਾ ਸਕਦੀ ਹੈ, ਜਿਸ ਤੋਂ ਸਾਵਧਾਨ ਰਹਿਣ ਦੀ ਲੋੜ ਹੈ। ਮਾਨਸਾ ਜ਼ਿਲ੍ਹੇ ਦੇ ਜਰਨਲ ਸਕੱਤਰ ਇੰਦਰਜੀਤ ਸਿੰਘ ਝੱਬਰ ਤੇ ਮਾਸਟਰ ਗੁਰਚਰਨ ਖੋਖਰ ਨੇ ਕਿਹਾ ਕਿ ਪੈਟਰੋਲ ਡੀਜ਼ਲ ਅਤੇ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਚਿੰਤਾ ਦਾ ਵਿਸ਼ਾ ਹਨ, ਕਿਉਂਕਿ ਪਹਿਲਾਂ ਹੀ ਆਰਥਿਕ ਤੰਗੀਆਂ ਵਿੱਚ ਪਿਸ ਰਹੇ ਕਿਸਾਨਾਂ ਲਈ ਖੇਤੀ ਵਿਚ ਵੱਡੀ ਖ਼ਪਤ ਡੀਜ਼ਲ ਕਾਰਨ ਤੇ ਗਰੀਬ ਕਿਰਤੀ ਲੋਕਾਂ ਦੀ ਰਸੋਈ ਦਾ ਮੁੱਖ ਸਾਧਨ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧਣ ਕਰ ਕੇ ਉਨ੍ਹਾਂ ’ਤੇ ਆਰਥਿਕ ਬੋਝ ਹੋਰ ਭਾਰਾ ਹੋ ਰਿਹਾ ਹੈ।
ਅੰਦੋਲਨ ਨੂੰ ਸਮਰਥਨ ਦੇਣ ਲਈ ਪਰਵਾਸੀ ਭਾਰਤੀਆਂ ਦੀ ਸ਼ਲਾਘਾ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ ਦੌਰੇ ਦੌਰਾਨ ਯੂਕੇ ਦੇ ਗਲਾਸਗੋ ਵਿੱਚ ਪਰਵਾਸੀ ਭਾਰਤੀਆਂ ਦੇ ਇਕੱਠੇ ਹੋ ਕੇ ਮੋਦੀ ਦਾ ਵਿਰੋਧ ਕਰਨ ਤੇ ਦਿੱਲੀ ਦੀਆਂ ਬਰੂਹਾਂ ’ਤੇ 11 ਮਹੀਨਿਆਂ ਤੋਂ ਵੱਧ ਸਮੇਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਨਿਤਰਨ ’ਤੇ ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਪਰਵਾਸੀ ਭਾਰਤੀਆਂ ਨੇ ਕਿਸਾਨ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਇੱਕਜੁਟਤਾ ਦਿਖਾਈ ਹੈ। ਮੋਰਚੇ ਨੇ ਬਿਆਨ ਵਿੱਚ ਕਿਹਾ, ‘‘ਭਾਰਤੀ ਕਿਸਾਨਾਂ ਦਾ ਸੰਘਰਸ਼ ਸਾਡਾ ਸੰਘਰਸ਼ ਹੈ’ ਅਤੇ ਮੋਦੀ ਨੂੰ ‘‘ਸੈਂਕੜੇ ਨਿਰਦੋਸ਼ ਪ੍ਰਦਰਸ਼ਨਕਾਰੀਆਂ ਦਾ ਕਾਤਲ’’ ਕਹਿਣ ਵਾਲੇ ਬੈਨਰਾਂ ਨਾਲ, ਭਾਰਤੀ ਮੂਲ ਦੇ ਇਨ੍ਹਾਂ ਲੋਕਾਂ ਨੇ ਭਾਰਤ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਆਪਣਾ ਸਮਰਥਨ ਦਿੱਤਾ। ਆਗੂਆਂ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੇ ਬੈਨਰ ਫੜੇ ਹੋਏ ਸਨ, ਜਿਸ ਵਿੱਚ ਲਿਖਿਆ ਸੀ ਕਿ ਸਕਾਟਲੈਂਡ ਵਿੱਚ ਮੋਦੀ ਦਾ ਸਵਾਗਤ ਨਹੀਂ ਹੈ। ਸੰਯੁਕਤ ਕਿਸਾਨ ਮੋਰਚੇ ਨੇ ਵੱਖ-ਵੱਖ ਦੇਸ਼ਾਂ ਵਿੱਚ ਭਾਰਤੀ ਡਾਇਸਪੋਰਾ ਦੁਆਰਾ ਦਿੱਤੀ ਜਾ ਰਹੀ ਮਜ਼ਬੂਤ ਏਕਤਾ ਅਤੇ ਸਮਰਥਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਾਰਤ ਸਰਕਾਰ ’ਤੇ ਦਬਾਅ ਬਣਾਉਣਾ ਜਾਰੀ ਰੱਖਣ ਦੀ ਅਪੀਲ ਕੀਤੀ। ਮੋਰਚੇ ਨੇ ਮੰਗ ਕੀਤੀ ਕਿ ਆਸ਼ੀਸ਼ ਮਿਸ਼ਰਾ ਅਤੇ ਸਹਿਯੋਗੀਆਂ ਨੂੰ ਕੋਈ ਵੀਆਈਪੀ ਸਹੂਲਤ ਨਾ ਮਿਲੇ ਅਤੇ ਕਿਹਾ ਕਿ ਅਜੈ ਮਿਸ਼ਰਾ ਨੂੰ ਹਰ ਥਾਂ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।