ਭਾਜਪਾ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ’ਤੇ ਜ਼ੋਰ
ਭਾਜਪਾ ਦੇ ਜ਼ਿਲ੍ਹਾ ਦਫ਼ਤਰ ਵਿੱਚ ਪਾਰਟੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਹੋਈ, ਜਿਸ ਨੂੰ ਭਾਜਪਾ ਦੀ ਸੂਬਾ ਪ੍ਰਧਾਨ ਅਰਚਨਾ ਗੁਪਤਾ ਅਤੇ ਸੂਬਾ ਸੰਗਠਨ ਮਹਾਮੰਤਰੀ ਪਵਨ ਰਾਣਾ ਨੇ ਔਨਲਾਈਨ ਸੰਬੋਧਨ ਕੀਤਾ। ਇਸ ਦੌਰਾਨ ਭਾਜਪਾ ਪ੍ਰਧਾਨ ਨੇ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ...
ਭਾਜਪਾ ਦੇ ਜ਼ਿਲ੍ਹਾ ਦਫ਼ਤਰ ਵਿੱਚ ਪਾਰਟੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਹੋਈ, ਜਿਸ ਨੂੰ ਭਾਜਪਾ ਦੀ ਸੂਬਾ ਪ੍ਰਧਾਨ ਅਰਚਨਾ ਗੁਪਤਾ ਅਤੇ ਸੂਬਾ ਸੰਗਠਨ ਮਹਾਮੰਤਰੀ ਪਵਨ ਰਾਣਾ ਨੇ ਔਨਲਾਈਨ ਸੰਬੋਧਨ ਕੀਤਾ। ਇਸ ਦੌਰਾਨ ਭਾਜਪਾ ਪ੍ਰਧਾਨ ਨੇ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਬਣਾਉਣ, ਵਰਕਰਾਂ ਦੀ ਸਰਗਰਮ ਭਾਗੀਦਾਰੀ ਵਧਾਉਣ ਅਤੇ ਲੋਕ ਸੇਵਾ ਦੇ ਕੰਮਾਂ ਨੂੰ ਤੇਜ਼ ਕਰਨ ਸਮੇਤ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਵਰਕਰਾਂ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਵੀਨ ਜੋੜਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਇਸ ਦੇ ਵਰਕਰ ਹਨ। ਵਰਕਰਾਂ ਦੀ ਮਿਹਨਤ, ਅਨੁਸ਼ਾਸਨ ਅਤੇ ਸੇਵਾ ਭਾਵਨਾ ਦੇ ਆਧਾਰ ’ਤੇ ਹੀ ਸੰਗਠਨ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਿਰਫ਼ ਇੱਕ ਸਿਆਸੀ ਪਾਰਟੀ ਨਹੀਂ, ਸਗੋਂ ਰਾਸ਼ਟਰ ਸੇਵਾ ਅਤੇ ਸਮਾਜ ਸੇਵਾ ਦੇ ਸੰਕਲਪ ਨਾਲ ਕੰਮ ਕਰਨ ਵਾਲੀ ਜਥੇਬੰਦੀ ਹੈ। ਪਾਰਟੀ ਦਾ ਹਰ ਵਰਕਰ ਦੇਸ਼ ਹਿੱਤ ਨੂੰ ਸਭ ਤੋਂ ਉੱਪਰ ਰੱਖਦਿਆਂ ਸਮਾਜ ਦੇ ਆਖਰੀ ਵਿਅਕਤੀ ਤੱਕ ਪਹੁੰਚਣ ਅਤੇ ਉਸ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਪ੍ਰਵੀਨ ਜੋੜਾ ਨੇ ਕਿਹਾ ਕਿ ਸੂਬਾਈ ਲੀਡਰਸ਼ਿਪ ਵੱਲੋਂ ਮਿਲਿਆ ਮਾਰਗਦਰਸ਼ਨ ਵਰਕਰਾਂ ਲਈ ਨਵੀਂ ਊਰਜਾ ਅਤੇ ਪ੍ਰੇਰਨਾ ਦਾ ਸਰੋਤ ਹੈ। ਇਸ ਮੌਕੇ ਚੇਅਰਮੈਨ ਭਾਰਤ ਭੂਸ਼ਣ ਮਿੱਢਾ, ਬਲਦੇਵ ਗਰੋਹਾ, ਰਾਜਪਾਲ ਬੈਨੀਵਾਲ, ਸਾਬਕਾ ਵਿਧਾਇਕ ਲਕਸ਼ਮਣ ਨਾਪਾ, ਜ਼ਿਲ੍ਹਾ ਪਰਿਸ਼ਦ ਦੀ ਚੇਅਰਪਰਸਨ ਸੁਮਨ ਖਿਚੜ, ਅਸ਼ੋਕ ਜਾਖੜ, ਵਿਕਾਸ ਲਲੋਦਾ, ਜ਼ਿਲ੍ਹਾ ਉਪ ਪ੍ਰਧਾਨ ਜਗਦੀਸ਼ ਰਾਏ ਸ਼ਰਮਾ, ਇੰਦਰ ਗਾਵੜੀ, ਸਵਿਤਾ ਟੂਟੇਜਾ, ਡਾ. ਸੁਮਨ ਬਜਾਜ, ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਬਿੱਟੂ ਗੁੱਜਰ ਆਦਿ ਹਾਜ਼ਰ ਸਨ।

