ਸਕੂਲਾਂ ’ਚ ਵਿਦਿਆਰਥੀਆਂ ਦੀ ਸੁਰੱਖਿਆ ’ਤੇ ਜ਼ੋਰ
ਸਕੂਲ ਸੁਰੱਖਿਆ ਕਮੇਟੀ ਦੀ ਮੀਟਿੰਗ; ਸੁਰੱਖਿਅਤ ਸਕੂਲ ਵਾਹਨ ਨੀਤੀ ਲਾਗੂ ਕਰਨ ਦੀ ਹਦਾਇਤ
ਜ਼ਿਲ੍ਹਾ ਪ੍ਰਸ਼ਾਸਨ ਨੇ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸੁਰੱਖਿਅਤ ਸਕੂਲ ਵਾਹਨ ਨੀਤੀ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰ ਡਾ. ਵਿਵੇਕ ਭਾਰਤੀ ਨੇ ਜ਼ਿਲ੍ਹਾ ਪੱਧਰੀ ਸਕੂਲ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਵਿਭਾਗ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਸੁਰੱਖਿਆ ਮਾਪਦੰਡਾਂ ਦੀ ਸਮੀਖਿਆ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਾ. ਵਿਵੇਕ ਭਾਰਤੀ ਨੇ ਸਾਰੇ ਬਲਾਕ ਸਿੱਖਿਆ ਅਧਿਕਾਰੀਆਂ (ਬੀ ਈ ਓ ਜ਼) ਨੂੰ ਨਿਰਦੇਸ਼ ਦਿੱਤੇ ਕਿ ਸਕੂਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਕਮੀ ਪਾਈ ਜਾਣ ’ਤੇ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹਰ ਸਕੂਲ ਵਿੱਚ ਬਣਾਈਆਂ ਗਈਆਂ ਸਕੂਲ ਸੁਰੱਖਿਆ ਕਮੇਟੀਆਂ ਦੀਆਂ ਮੀਟਿੰਗਾਂ ਕਰਵਾਈਆਂ ਜਾਣ ਤਾਂ ਜੋ ਸੁਰੱਖਿਆ ਨਾਲ ਸਬੰਧਤ ਮੁੱਦਿਆਂ ’ਤੇ ਸਮੇਂ-ਸਿਰ ਵਿਚਾਰ ਕਰਕੇ ਲੋੜੀਂਦੇ ਫੈਸਲੇ ਲਏ ਜਾ ਸਕਣ। ਡੀ ਸੀ ਨੇ ਕਿਹਾ ਕਿ ਬੱਚਿਆਂ ਵਿੱਚ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਵੀ ਬਹੁਤ ਜ਼ਰੂਰੀ ਹੈ। ਇਸ ਲਈ ਸਕੂਲਾਂ ਵਿੱਚ ਹੋਣ ਵਾਲੀਆਂ ਮਾਪੇ-ਅਧਿਆਪਕ ਮਿਲਣੀਆਂ ਦੌਰਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸੜਕ ਸੁਰੱਖਿਆ ਅਤੇ ਆਵਾਜਾਈ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਜਾਵੇ। ਮੀਟਿੰਗ ਵਿੱਚ ਡੀ ਸੀ ਨੇ ਸਕੂਲਾਂ ਵਿੱਚ ਲੱਗੇ ਸੀ ਸੀ ਟੀ ਵੀ ਕੈਮਰਿਆਂ, ਅੱਗ ਬੁਝਾਊ ਯੰਤਰਾਂ ਅਤੇ ਫਸਟ ਏਡ ਬਾਕਸਾਂ ਦੀ ਜਾਂਚ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਇਹ ਸਾਰੇ ਸੁਰੱਖਿਆ ਉਪਕਰਨ ਪੂਰੀ ਤਰ੍ਹਾਂ ਕਾਰਗਰ ਹਾਲਤ ਵਿੱਚ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਕੂਲ ਇਮਾਰਤਾਂ ਦੀ ਮਜ਼ਬੂਤੀ ਅਤੇ ਸੁਰੱਖਿਆ ਸਬੰਧੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲ ਬੱਸਾਂ ਅਤੇ ਹੋਰ ਵਾਹਨਾਂ ਦੀ ਜਾਂਚ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਸਾਰੇ ਵਾਹਨ ਸਰਕਾਰ ਵੱਲੋਂ ਨਿਰਧਾਰਤ ਸੁਰੱਖਿਆ ਮਾਪਦੰਡਾਂ ’ਤੇ ਖਰੇ ਉਤਰਦੇ ਹਨ। ਮੀਟਿੰਗ ਵਿੱਚ ਆਰ ਟੀ ਏ ਸਕੱਤਰ ਸੰਜੇ ਬਿਸ਼ਨੋਈ, ਜ਼ਿਲ੍ਹਾ ਸਿੱਖਿਆ ਅਧਿਕਾਰੀ ਸੰਗੀਤਾ ਬਿਸ਼ਨੋਈ, ਸਿੱਖਿਆ ਅਧਿਕਾਰੀ ਅਨੀਤਾ ਬਾਈ, ਉਪ ਨਿਰਦੇਸ਼ਕ ਅਮਿਤ ਪਵਾਰ ਆਦਿ ਹਾਜ਼ਰ ਸਨ।
