ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਕੂਲਾਂ ’ਚ ਪੰਜਾਬੀ ਭਾਸ਼ਾ ਲਈ ਯੋਗ ਕਦਮ ਚੁੱਕਣ ’ਤੇ ਜ਼ੋਰ

ਮੁੱਖ ਮੰਤਰੀ ਅਤੇ ਉਦਯੋਗ ਮੰਤਰੀ ਦਾ ਸਨਮਾਨ
ਗੁਰੂ ਗੋਬਿੰਦ ਸਿੰਘ ਕਾਲਜ ’ਚ ਮੰਚ ’ਤੇ ਬਿਰਾਜਮਾਨ ਪਤਵੰਤੇ।
Advertisement

ਕੁਲਦੀਪ ਸਿੰਘ

ਨਵੀਂ ਦਿੱਲੀ, 30 ਮਈ

Advertisement

ਦਿੱਲੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਵੱਲੋਂ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਮਨਜਿੰਦਰ ਸਿੰਘ ਸਿਰਸਾ (ਉਦਯੋਗ, ਖੁਰਾਕ ਤੇ ਸਿਵਲ ਸਪਲਾਈ ਅਤੇ ਵਾਤਾਵਰਨ, ਜੰਗਲਾਤ ਤੇ ਜੰਗਲੀ ਜੀਵ ਵਿਭਾਗ ਮੰਤਰੀ) ਲਈ ਸਮਾਰੋਹ ਕਰਵਾਇਆ ਗਿਆ ਜਿਸ ਦਾ ਆਗਾਜ਼ ਕਾਲਜ ਦੀ ਧਾਰਮਿਕ ਸਭਾ ਵਿਸਮਾਦ ਦੇ ਵਿਦਿਆਰਥੀਆਂ ਦੇ ਸ਼ਬਦ ਗਾਇਨ ਨਾਲ ਹੋਇਆ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਕਾਲਜ ਗਵਰਨਿੰਗ ਬਾਡੀ ਦੇ ਪ੍ਰਧਾਨ ਐੱਮ.ਪੀ.ਐੱਸ. ਚੱਢਾ ਅਤੇ ਖਜ਼ਾਨਚੀ ਗੁਰਿੰਦਰ ਪਾਲ ਸਿੰਘ ਵੀ ਮੌਜੂਦ ਸਨ। ਸਵਾਗਤੀ ਭਾਸ਼ਣ ’ਚ ਕਾਲਜ ਦੇ ਪ੍ਰਿੰਸੀਪਲ ਪ੍ਰੋ. ਡਾ. ਜਤਿੰਦਰਬੀਰ ਸਿੰਘ ਨੇ ਕਿਹਾ ਕਿ ਕਾਲਜ ਵੱਖ-ਵੱਖ ਪ੍ਰੋਗਰਾਮਾਂ ਰਾਹੀਂ ਸਮਾਜ ਦੀ ਬਿਹਤਰੀ ਵਿਚ ਯੋਗਦਾਨ ਪਾਉਣ ਲਈ ਵਚਨਬੱਧ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵੇਂ ਚੁਣੇ ਗਏ ਮੁੱਖ ਮੰਤਰੀ ਦੇ ਸਮਰਥਨ ਨਾਲ ਕਾਲਜ ਲੀਡਰਸ਼ਿਪ ਪ੍ਰੋਗਰਾਮਾਂ ਤਹਿਤ ਔਰਤਾਂ ਨੂੰ ਹੋਰ ਸਸ਼ਕਤ ਬਣਾਉਣ ਦੇ ਸੁਫ਼ਨੇ ਨੂੰ ਸਾਕਾਰ ਕਰਨ ਦੇ ਸਮਰੱਥ ਬਣੇਗਾ। ਐੱਮ.ਪੀ.ਐੱਸ. ਚੱਢਾ ਨੇ ਮੁੱਖ ਮੰਤਰੀ ਦੇ ਰਾਜਨੀਤਕ ਸਫ਼ਰ ਨੂੰ ਬਿਆਨ ਕਰਦਿਆਂ ਜਨਤਕ ਸੇਵਾਵਾਂ ਵਿੱਚ ਪਾਏ ਯੋਗਦਾਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਹਰਮੀਤ ਸਿੰਘ ਕਾਲਕਾ ਅਤੇ ਜਗਦੀਪ ਸਿੰਘ ਕਾਹਲੋਂ ਨੇ ਰੇਖਾ ਗੁਪਤਾ ਨੂੰ ਦਿੱਲੀ ਦੇ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਦੀ ਸਥਿਤੀ ਨੂੰ ਹੋਰ ਸੁਧਾਰਨ ਲਈ ਯੋਗ ਕਦਮ ਚੁੱਕਣ ਦੀ ਗੁਜ਼ਾਰਿਸ਼ ਕੀਤੀ। ਮਨਜਿੰਦਰ ਸਿੰਘ ਸਿਰਸਾ ਨੇ ਸਮਾਜ ਅਤੇ ਸਿੱਖ ਭਾਈਚਾਰੇ ਦੇ ਵਿਕਾਸ ਪ੍ਰਤੀ ਮੁੱਖ ਮੰਤਰੀ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ ਅਤੇ 1984 ਦੇ ਦਿੱਲੀ ਸਿੱਖ ਦੰਗਾ ਪੀੜਤਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਿੱਖ ਭਾਈਚਾਰੇ ਦੀ ਭਲਾਈ ਅਤੇ ਵਿਕਾਸ ਲਈ ਲਿਆ ਇਹ ਨਿਰਣਾ, ਉਨ੍ਹਾਂ ਦੇ ਪੰਜਾਬੀਅਤ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਭਾਵਨਾ ਨੂੰ ਰੂਪਮਾਨ ਕਰਦਾ ਹੈ। ਮੁੱਖ ਮੰਤਰੀ ਰੇਖਾ ਗੁਪਤਾ ਨੇ ਦਿੱਲੀ ਯੂਨੀਵਰਸਿਟੀ ਦੀ ਵਿਦਿਆਰਥਣ ਦੇ ਤੌਰ ਤੋਂ ਸ਼ੁਰੂ ਕੀਤੇ ਜੀਵਨ ਨੂੰ ਵੱਖ ਵੱਖ ਪੜਾਵਾਂ ’ਤੇ ਰੂਪਮਾਨ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਨਾਲ ਉਨ੍ਹਾਂ ਦੇ ਸਬੰਧ ਇਕ ਵਿਦਿਆਰਥੀ ਨੇਤਾ ਅਤੇ ਬਾਅਦ ਵਿੱਚ ਕਾਲਜ ਵਿਦਿਆਰਥਣ ਦੀ ਮਾਤਾ ਵਜੋਂ ਸੁਹਿਰਦ ਰਹੇ ਹਨ। ਉਨ੍ਹਾਂ ਕਿਹਾ ਅੱਜ ਉਹ ਕਾਲਜ ਤੋਂ ਇਹ ਸਨਮਾਨ ਪ੍ਰਾਪਤ ਕਰਦਿਆਂ, ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਪ੍ਰਿੰਸੀਪਲ ਪ੍ਰੋ. (ਡਾ.) ਜਤਿੰਦਰਬੀਰ ਸਿੰਘ ਅਤੇ ਸਮੁੱਚੀ ਪ੍ਰਬੰਧਕ ਕਮੇਟੀ ਦੀ ਸ਼ਲਾਘਾ ਕੀਤੀ।

Advertisement