ਪਿੰਡ ਭਰਪੂਰ ਵਿੱਚ ਭਾਜਪਾ ਆਗੂ ਵੇਦ ਫੁਲਾਂ ਅਤੇ ਹਰਿਆਣਾ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਬਲਦੇਵ ਗਰੋਹਾ ਦਾ ਪਿੰਡ ਪੁੱਜਣ ’ਤੇ ਸਵਾਗਤ ਕੀਤਾ ਗਿਆ। ਇਸ ਮੌਕੇ ਦੋਵਾਂ ਆਗੂਆਂ ਨੇ ਬੂਟੇ ਲਾ ਕੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੱਤਾ। ਇਸ ਮੌਕੇ ਸ੍ਰੀ ਫੁਲਾਂ ਅਤੇ ਸ੍ਰੀ ਗਰੋਹਾ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਸਿਰਫ਼ ਬੂਟੇ ਲਗਾਉਣਾ ਹੀ ਕਾਫ਼ੀ ਨਹੀਂ, ਸਗੋਂ ਲਾਏ ਬੂਟਿਆਂ ਦੀ ਦੇਖਭਾਲ ਕਰਨਾ ਵੀ ਜ਼ਰੂਰੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। ਆਗੂਆਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਨਸ਼ਾ ਵਿਅਕਤੀ ਦੇ ਨਾਲ-ਨਾਲ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਇਸ ਲਈ ਨਸ਼ਿਆਂ ਵਿਰੁੱਧ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਉਸਾਰੂ ਗਤੀਵਿਧੀਆਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਸ੍ਰੀ ਵੇਦ ਫੁਲਾਂ ਨੇ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਅਤੇ ਜਨਹਿੱਤ ਨਾਲ ਸਬੰਧਤ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ। ਸਮਾਗਮ ਦੌਰਾਨ ਪਿੰਡ ਭਰਪੂਰ ਦੇ ਬਜ਼ੁਰਗਾਂ ਵੱਲੋਂ ਵੇਦ ਫੁਲਾਂ ਨੂੰ ਪੱਗ ਬੰਨ੍ਹ ਕੇ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਪਿੰਡ ਦੇ ਸਰਪੰਚ ਦਿਨੇਸ਼ ਭਾਰਤੀ ਨੇ ਬਲਦੇਵ ਗਰੋਹਾ ਨੂੰ ਪੱਗ ਪਹਿਨਾ ਕੇ ਸਨਮਾਨ ਦਿੱਤਾ।
ਇਸ ਮੌਕੇ ਭਰਪੂਰ ਦੇ ਸਰਪੰਚ ਦਿਨੇਸ਼ ਭਾਰਤੀ, ਪਿੰਡ ਬਰੋਟਾ ਦੇ ਸਰਪੰਚ ਮੁਕੇਸ਼ ਕੁਮਾਰ, ਪਿੰਡ ਫੁਲਾਂ ਦੇ ਸਰਪੰਚ ਸੁਨੀਲ ਕੁਮਾਰ ਆਦਿ ਹਾਜ਼ਰ ਸਨ।

