ਨਿੱਜੀ ਪੱਤਰ ਪ੍ਰੇਰਕ
ਸਿਰਸਾ, 23 ਜੁਲਾਈ
ਇਥੇ ਮਾਮੂਲੀ ਮੀਂਹ ਵੀ ਲੋਕਾਂ ਲਈ ਮੁਸੀਬਤ ਬਣ ਰਿਹਾ ਹੈ। ਮੀਂਹ ਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਹੋਣ ਕਾਰਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੌਰਮਿੰਟ ਮਹਿਲਾ ਕਾਲਜ ਨੇੜੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਹੋਣ ਕਾਰਨ ਜਿਥੇ ਕਾਲਜ ਦੀਆਂ ਵਿਦਿਆਰਥਣਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਉਥੇ ਹੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੀਆਂ ਹਨ। ਉਧਰ ਜੈਨ ਪਾਰਕ ਨੇੜੇ ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਰਕ ਨੂੰ ਜਾਣ ਵਾਲੀ ਸੜਕ ਛੱਪੜ ਬਣ ਗਈ ਹੈ। ਜੈਨ ਪਾਰਕ ਦੇ ਨੇੜੇ ਰਹਿਣ ਵਾਲੇ ਲੋਕਾਂ ਨੇ ਦੱਸਿਆ ਹੈ ਕਿ ਮਾਮੂਲੀ ਮੀਂਹ ਪੈਣ ਨਾਲ ਹੀ ਸੜਕ ’ਤੇ ਪਾਣੀ ਭਰ ਜਾਂਦਾ ਹੈ। ਇਧਰ ਹਿਸਾਰ ਰੋਡ ’ਤੇ ਪ੍ਰਸ਼ਾਸਨ ਵੱਲੋਂ ਹੁਣ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਪਾਈ ਜਾ ਰਹੀ ਪਾਈਪ ਕਾਰਨ ਥਾਂ-ਥਾਂ ਤੋਂ ਸੜਕ ਧੱਸ ਗਈ ਹੈ ਜਿਸ ਕਾਰਨ ਕਈ ਵਾਹਨ ਇਸ ’ਚ ਫਸ ਰਹੇ ਹਨ ਤੇ ਸੜਕੀਂ ਹਾਦਸੇ ਵਾਪਰਨ ਦਾ ਵੀ ਖਦਸ਼ਾ ਬਣਿਆ ਹੋਇਆ ਹੈ।
ਪ੍ਰਬੰਧਾਂ ਦੀ ਪੋਲ ਖੁੱਲ੍ਹਣ ਤੋਂ ਬਾਅਦ ਪ੍ਰਸ਼ਾਸਨ ਜਾਗਿਆ
ਮਾਨਸਾ (ਪੱਤਰ ਪ੍ਰੇਰਕ): ਇੱਥੇ ਸ਼ਹਿਰ ਵਿੱਚ ਮੀਂਹ ਨੇ ਪ੍ਰਬੰਧਾਂ ਦੀ ਖੋਲ੍ਹੀ ਪੋਲ ਤੋਂ ਬਾਅਦ ਹੁਣ ਪ੍ਰਸ਼ਾਸਨ ਜਾਗਣ ਲੱਗਿਆ ਹੈ। ਸ਼ਹਿਰ ਵਿੱਚ ਮੇਲਦੇ ਫ਼ਿਰਦੇ ਮੀਂਹ ਦੇ ਪਾਣੀ ਤੋਂ ਲੋਕਾਂ ਨੂੰ ਪੈਦਾ ਹੋਈਆਂ ਔਕੜਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਜ਼ਿਲ੍ਹਾ ਦੇ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਮਾਨਸਾ ਦੇ ਐੱਸਡੀਐੱਮ ਪੂਨਮ ਸਿੰਘ ਨੂੰ ਵੱਖ-ਵੱਖ ਅਧਿਕਾਰੀਆਂ ਨਾਲ ਪਾਣੀ ਦੀ ਨਿਕਾਸੀ ਅਤੇ ਸਾਫ਼-ਸਫ਼ਾਈ ਸਬੰਧੀ ਤੁਰੰਤ ਮੀਟਿੰਗ ਕਰਨ ਦੇ ਆਦੇਸ਼ ਦਿੱਤੇ। ਇਨ੍ਹਾਂ ਹੁਕਮਾਂ ਤੋਂ ਬਾਅਦ ਐੱਸਡੀਐਮ ਮਾਨਸਾ, ਪੂਨਮ ਸਿੰਘ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀ ਸਾਫ-ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਬਰਸਾਤ ਦੇ ਮੌਸਮ ਦੌਰਾਨ ਜਿਨ੍ਹਾਂ ਇਲਾਕਿਆਂ ’ਚ ਪਾਣੀ ਖੜ੍ਹਨ ਦੀ ਸਮੱਸਿਆ ਹੈ, ਅਜਿਹੀਆਂ ਥਾਵਾਂ ਦਾ ਦੌਰਾ ਕਰਕੇ ਪਾਣੀ ਦੀ ਨਿਕਾਸੀ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਸ਼ਹਿਰ ਵਾਸੀਆਂ ਨੂੰ ਬਰਸਾਤੀ ਪਾਣੀ ਕਾਰਨ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਾਰਜਸਾਧਕ ਅਫ਼ਸਰ,ਮਾਨਸਾ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਸ਼ਹਿਰ ਦੇ ਬਾਜ਼ਾਰਾਂ ਅੰਦਰ ਦੁਕਾਨਦਾਰਾਂ ਵੱਲੋਂ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਤੁਰੰਤ ਹਟਵਾਇਆ ਜਾਵੇ।