ਪੱਤਰ ਪ੍ਰੇਰਕ
ਰਤੀਆ, 27 ਸਤੰਬਰ
ਭਾਰਤੀ ਕਿਸਾਨ ਯੂਨੀਅਨ ਖੇਤੀ ਬਚਾਉ ਦੇ ਪ੍ਰਧਾਨ ਜਰਨੈਲ ਸਿੰਘ ਮੱਲਵਾਲਾ ਅਤੇ ਹੋਰ ਕਿਸਾਨ ਨੇਤਾਵਾਂ ਦੀ ਬੰਗਲੌਰ ਵਿੱਚ ਹੋਈ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਅਤੇ ਉਨ੍ਹਾਂ ਦੀ ਰਿਹਾਈ ਲਈ ਭਾਰਤੀ ਕਿਸਾਨ ਯੂਨੀਅਨ ਖੇਤੀ ਬਚਾਉ ਵੱਲੋਂ ਅੱਜ ਇੱਥੇ ਕਰਨਾਟਕ ਦੇ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਭਾਰਤ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਕਰਨਾਟਕ ਰਾਜ ਦੇ ਕਿਸਾਨਾਂ ਸਥਾਨਕ ਸਮੱਸਿਆਵਾਂ ’ਤੇ ਚਰਚਾ ਕਰਨ ਲਈ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਭਾਰਤ ਦੀ ਵਿਸ਼ੇਸ਼ ਮੀਟਿੰਗ ਗਾਂਧੀ ਭਵਨ ਬੰਗਲੋਰ ਵਿੱਚ ਹੋਈ। ਇਸ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਲਖੀਮਪੁਰ ਖੀਰੀ ਅਤੇ ਕਿਸਾਨੀ ਸੰਘਰਸ਼ ਦੇ 800 ਸ਼ਹੀਦਾਂ ਨੂੰ ਸਮਰਪਿਤ 26 ਨਵੰਬਰ ਨੂੰ ਸਿੰਘੂ ਬਾਰਡਰ ਤੇ ਵੱਡੀ ਇਕੱਤਰਤਾ ਕਰਕੇ ਰਹਿੰਦੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਕੇਂਦਰ ਸਰਕਾਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ ਅਤੇ 20 ਦਸੰਬਰ ਨੂੰ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਮੱਧ ਅਤੇ ਦੱਖਣ ਭਾਰਤ ਸਮੇਤ ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਹੋਣਗੇ।
ਆਗੂਆਂ ਨੇ ਕਿਹਾ ਕਿ ਜਦੋਂ ਕਰਨਾਟਕ ਦੇ ਕਿਸਾਨ ਆਗੂ ਕੁਰੁਬੁਰ ਸਾਥਾਕੁਮਾਰ ਵੱਲੋਂ ਪਹਿਲਾਂ ਤੋਂ ਤੈਅ ਵਿਧਾਨ ਸਭਾ ਦੇ ਘਿਰਾਉ ਕਰਨ ਲਈ ਰੇਲਵੇ ਸਟੇਸ਼ਨ ਤੋਂ ਵਿਧਾਨ ਸਭਾ ਵੱਲ ਰਵਾਨਾ ਹੋਏ ਤਾਂ ਸਥਾਨਕ ਪੁਲੀਸ ਨੇ ਕਿਸਾਨਾਂ ਨੂੰ ਗ੍ਰਿਫ਼ਤਾ ਕਰ ਲਿਆ । ਉਨ੍ਹਾਂ ਕਿਸਾਨਾਂ ਨੂੰ ਬੰਗਲੌਰ ਦੇ ਪੁਲੀਸ ਸਿਖਲਾਈ ਸੈਂਟਰ ਵਿੱਚ ਬੰਦੀ ਬਣਾ ਲਿਆ। ਇਸ ਮੌਕੇ ਆਗੂਆਂ ਨੇ ਪ੍ਰਧਾਨ ਮੰਤਰੀ ਅਤੇ ਕਰਨਾਟਕ ਦੇ ਮੁੱਖ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਜਿੰਨਾਂ ਚਿਰ ਕਿਸਾਨ ਆਗੂਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਤੇ ਕੇਸ ਵਾਪਸ ਨਹੀਂ ਲਿਆ ਜਾਂਦਾ ਤਾਂ ਸੰਘਰਸ਼ ਜਾਰੀ ਰੱਖਿਆ ਜਾਵੇਗਾ।