ਕਿਸਾਨਾਂ ਨੇ ਬਜਟ ਦੀਆਂ ਕਾਪੀਆਂ ਫੂਕੀਆਂ
ਵੱਖ-ਵੱਖ ਥਾਵਾਂ ’ਤੇ ਮੁਜ਼ਾਹਰੇ; ਕੇਂਦਰ ’ਤੇ ਕਿਸਾਨਾਂ ਦੀਆਂ ਮੰਗਾਂ ਨਜ਼ਰਅੰਦਾਜ਼ ਕਰਨ ਦੇ ਦੋਸ਼
ਗੁਰਦੀਪ ਸਿੰਘ ਲਾਲੀ
ਸੰਗਰੂਰ, 5 ਫਰਵਰੀ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਨੇ ਅੱਜ ਮੁੱਖ ਮੰਤਰੀ ਦੀ ਕੋਠੀ ਤੋਂ ਕੁੱਝ ਦੂਰੀ ’ਤੇ ਜ਼ੀਰਕਪੁਰ-ਬਠਿੰਡਾ ਕੌਮੀ ਹਾਈਵੇਅ-7 ਦੇ ਪਟਿਆਲਾ ਬਾਈਪਾਸ ਓਵਰਬ੍ਰਿਜ ਨੇੜੇ ਬਜਟ ਦੀਆਂ ਕਾਪੀਆਂ ਸਾੜਦਿਆਂ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਉਨ੍ਹਾਂ ਬਜਟ ਨੂੰ ਕਿਸਾਨ-ਮਜ਼ਦੂਰ ਵਿਰੋਧੀ ਕਰਾਰ ਦਿੰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਭਾਕਿਯੂ ਏਕਤਾ ਉਗਰਾਹਾਂ ਦੇ ਝੰਡੇ ਹੇਠ ਕਿਸਾਨ ਗੁਰਦੁਆਰਾ ਨਵਾਂ ਮਸਤੂਆਣਾ ਸਾਹਿਬ ਵਿਖੇ ਇਕੱਠੇ ਹੋਏ ਜਿਥੋਂ ਕਾਫ਼ਲੇ ਦੇ ਰੂਪ ਵਿਚ ਕੌਮੀ ਹਾਈਵੇਅ ਦੇ ਪਟਿਆਲਾ ਬਾਈਪਾਸ ਓਵਰਬ੍ਰਿਜ਼ ਹੇਠਾਂ ਪੁੱਜੇ ਜਿਥੇ ਕੇਂਦਰ ਸਰਕਾਰ ਦੇ ਬਜਟ ਦੀਆਂ ਕਾਪੀਆਂ ਸਾੜਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਵਲੋਂ ਬਜਟ ਨੂੰ ਕਿਸਾਨ-ਮਜ਼ਦੂਰ ਵਿਰੋਧੀ ਅਤੇ ਕਾਰਪੋਰੇਟ ਘਰਾਣਿਆਂ ਦਾ ਹਮਾਇਤੀ ਬਜਟ ਕਰਾਰ ਦਿੰਦਿਆਂ ਕੇਂਦਰ ਸਰਕਾਰ ’ਤੇ ਕਿਸਾਨਾਂ ਨਾਲ ਵਿਤਕਰੇਬਾਜ਼ੀ ਕਰਨ ਦਾ ਦੋਸ਼ ਲਾਇਆ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਅਤੇ ਬਲਾਕ ਪ੍ਰਧਾਨ ਰਣਜੀਤ ਸਿੰਘ ਲੌਂਗੋਵਾਲ ਨੇ ਕੇਂਦਰ ਸਰਕਾਰ ਦੇ 2025-26 ਦੇ ਬਜਟ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਇਹ ਬਜਟ ਕਾਰਪੋਰੇਟ ਪੱਖੀ ਹੈ ਜਿਸ ਵਿਚ ਕਿਸਾਨਾਂ ਲਈ ਕੁੱਝ ਨਹੀਂ ਰੱਖਿਆ ਗਿਆ ਅਤੇ ਨਾ ਹੀ ਮਜ਼ਦੂਰ ਵਰਗ ਦਾ ਕੋਈ ਖਿਆਲ ਰੱਖਿਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਵਲੋਂ ਵਿਤਕਰੇਬਾਜ਼ੀ ਕਰਦਿਆਂ ਕਿਸਾਨ-ਮਜ਼ਦੂਰ ਵਰਗ ਨੂੰ ਨਜ਼ਰਅੰਦਾਜ ਕੀਤਾ ਗਿਆ ਹੈ ਜਿਸ ਕਾਰਨ ਇਸ ਵਰਗ ਵਿਚ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕਾਰਪੋਰੇਟਾਂ ਰਾਹੀਂ ਕਿਸਾਨਾਂ ਦੀਆਂ ਜ਼ਮੀਨਾਂ ਸਸਤੇ ਭਾਅ ਹੜੱਪ ਕੇ ਖੇਤੀ ਉਪਰ ਕਬਜ਼ਾ ਕਰਨ ਜਾ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪਹਿਲਾਂ ਹੀ ਆਰਥਿਕ ਸੰਕਟ ’ਚੋ ਲੰਘ ਰਹੀ ਕਿਸਾਨੀ ਨੂੰ ਬਚਾਉਣ ਲਈ ਬਜਟ ਵਿਚ ਕਿਸਾਨੀ ਮੰਗਾਂ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਸੀ ਪਰ ਮੋਦੀ ਸਰਕਾਰ ਵਲੋਂ ਕਿਸਾਨੀ ਅਤੇ ਕਿਸਾਨਾਂ ਨੂੰ ਨਜ਼ਰਅੰੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਲਾਮਬੰਦ ਹੋ ਕੇ ਸੰਘਰਸ਼ਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।
ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਵੱਲੋਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਡੀਸੀ ਦਫ਼ਤਰ ਅੱਗੇ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ। ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਕੇਵਲ ਸਿੰਘ ਭੜੀ ਨੇ ਕੇਂਦਰੀ ਬਜਟ ਨੂੰ ਕਿਸਾਨ ਅਤੇ ਮਜ਼ਦੂਰਾਂ ਕਰਾਰ ਦਿੰਦਿਆਂ ਕਿਹਾ ਕਿ ਕੇਂਦਰੀ ਬਜਟ ਵਿੱਚ ਬੀਮਾ ਖੇਤਰ ਦੇ ਸੌ ਫ਼ੀਸਦੀ ਨਿੱਜੀਕਰਨ ਦੇ ਠੋਸ ਪ੍ਰਸਤਾਵ ਸਮੇਤ ਖੇਤੀਬਾੜੀ, ਨਿਰਮਾਣ, ਸੇਵਾਵਾਂ ਸਮੇਤ ਸਾਰੇ ਖੇਤਰਾਂ ’ਤੇ ਕਾਰਪੋਰੇਟ ਕਬਜ਼ਿਆਂ ਦਾ ਆਧਾਰ ਬਣਾਇਆ ਗਿਆ ਹੈ। ਸਾਰੀਆਂ ਫ਼ਸਲਾਂ ਲਈ ਐੱਮਐੱਸਪੀ ਦੀ ਮੰਗ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ।
ਇਸ ਮੌਕੇ ਜ਼ਿਲ੍ਹਾ ਆਗੂ ਰਵਿੰਦਰ ਸਿੰਘ ਕਾਸਾਪੁਰ, ਸਰਬਜੀਤ ਸਿੰਘ ਭੁਰਥਲਾ, ਰਛਪਾਲ ਸਿੰਘ ਰੜ, ਮੇਜਰ ਸਿੰਘ ਹਥਨ, ਨਛੱਤਰ ਸਿੰਘ ਝਨੇਰ ਤੇ ਗੁਰਮੀਤ ਕੌਰ ਕੁਠਾਲਾ ਆਦਿ ਹਾਜ਼ਰ ਸਨ।
ਧੂਰੀ (ਬੀਰਬਲ ਰਿਸ਼ੀ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਲੱਡਾ ’ਚ ਬਲਾਕ ਦੇ 22 ਪਿੰਡਾਂ ਦੀ ਵਿਸਥਾਰੀ ਮੀਟਿੰਗ ਹੋਈ ਜਿਸ ਵਿੱਚ ਜਿੱਥੇ 7 ਫਰਵਰੀ ਤੋਂ ਐੱਸਡੀਐੱਮ ਧੂਰੀ ਦੇ ਦਫ਼ਤਰ ਅੱਗੇ ਲਗਾਏ ਜਾ ਰਹੇ ਪੱਕੇ ਧਰਨੇ, ਬਠਿੰਡਾ ਦੇ ਪਿੰਡ ਜਿਉਂਦ ’ਚ ਜ਼ਮੀਨੀ ਵਿਵਾਦ ਸਬੰਧੀ ਕੀਤੇ ਜਾ ਰਹੇ ਵੱਡੇ ਇਕੱਠ ਸਬੰਧੀ ਵਿਚਾਰਾਂ ਕੀਤੀਆਂ ਉੱਥੇ ਕਿਸਾਨ ਵਿਰੋਧੀ ਬਜਟ ਦੀਆਂ ਕਾਪੀਆਂ ਫੂਕੀਆਂ। ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਦਲਵਾਰਾ ਸਿੰਘ ਛਾਜਲਾ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ ਪੂਰੀ ਤਰ੍ਹਾਂ ਕਿਸਾਨ ਵਿਰੋਧੀ ਹਨ ਜਿਨ੍ਹਾਂ ਵੱਲੋਂ ਆਏ ਦਿਨ ਕਿਸਾਨਾਂ ਤੇ ਕਿਸਾਨੀ ਕਿੱਤੇ ’ਤੇ ਕੀਤੇ ਜਾ ਰਹੇ ਹਮਲਿਆਂ ਨੂੰ ਸਿਰਫ਼ ਜਥੇਬੰਦ ਹੋ ਕੇ ਹੀ ਰੋਕਿਆ ਜਾ ਸਕਦਾ ਹੈ।
ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਸੁਨਾਮ ਦੇ ਕਾਰਕੁਨਾਂ ਨੇ ਅੱਜ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਜਟ 2025-26 ਦੀਆਂ ਕਾਪੀਆਂ ਸਾੜੀਆਂ ਅਤੇ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਬਲਾਕ ਜਰਨਲ ਸਕੱਤਰ ਰਾਮ ਸਰਨ ਸਿੰਘ ਉਗਰਾਹਾਂ ਦੀ ਅਗਵਾਈ ’ਚ ਇਕੱਤਰ ਕਿਸਾਨਾਂ ਦਾ ਦੋਸ਼ ਸੀ ਕਿ ਕੇਂਦਰ ਸਰਕਾਰ ਵੱਲੋਂ ਬਜਟ ਪੇਸ਼ ਕੀਤਾ ਹੈ, ਉਸ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸਿਰਫ਼ ਨਿਰਾਸ਼ਾ ਤੋਂ ਇਲਾਵਾ ਕੁਝ ਵੀ ਨਹੀਂ ਦਿੱਤਾ ਗਿਆ। ਪੰਜਾਬ ਅਤੇ ਪੂਰੇ ਭਾਰਤ ਦਾ ਕਿਸਾਨ ਅਤੇ ਮਜ਼ਦੂਰ ਕਰਜ਼ੇ ਦੀ ਮਾਰ ਹੇਠ ਦਬੇ ਹੋਏ ਹਨ ਜਿਸ ਕਾਰਨ ਕਿਸਾਨ ਅਤੇ ਮਜ਼ਦੂਰ ਦਿਨ ਪਰ ਦਿਨ ਖੁਦਖੁਸ਼ੀਆਂ ਕਰ ਰਹੇ ਹਨ।
ਉਨ੍ਹਾਂ ਮੰਗ ਰੱਖੀ ਕਿ ਕੇਂਦਰ ਸਰਕਾਰ ਮੁਲਕ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਾਰ ਲਵੇ। ਇਸ ਮੌਕੇ ਕਈ ਪਿੰਡ ਇਕਾਈਆਂ ਦੇ ਕਿਸਾਨ ਆਗੂ ਹਾਜ਼ਰ ਸਨ।
ਸਮਾਣਾ, (ਸੁਭਾਸ਼ ਚੰਦਰ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨ ਜਥੇਬੰਦੀਆਂ ਵੱਲੋਂ ਸਮਾਣਾ ’ਚ ਵੱਖ- ਵੱਖ ਥਾਵਾਂ ਤੇ ਕੇਂਦਰੀ ਬਜਟ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨ ਆਗੂਆਂ ਨੇ ਬਜਟ ਨੂੰ ਲੋਕ ਵਿਰੋਧੀ ਆਖਿਆ। ਉਨ੍ਹਾਂ ਕਿਹਾ ਕਿ ਨੌ ਅਪਰੈਲ ਨੂੰ ਸੰਸਦ ਮੈਂਬਰ ਧਰਮਵੀਰ ਗਾਂਧੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ।

