ਫਰਿੰਦਰ ਪਾਲ ਗੁਲਿਆਣੀ
ਨਰਾਇਣਗੜ੍ਹ, 8 ਅਕਤੂਬਰ
ਇੱਥੋਂ ਦੀ ਨਵੀਂ ਅਨਾਜ ਮੰਡੀ ਵਿੱਚ ਕੁਰੂਕਸ਼ੇਤਰ ਦੇ ਸੰਸਦ ਮੈਂਬਰ ਨਾਇਬ ਸੈਣੀ ਦੇ ਦੌਰੇ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਦੀ ਅਗਵਾਈ ਹੇਠ ਕਾਲੇ ਝੰਡੇ ਲੈ ਕੇ ਅਨਾਜ ਮੰਡੀ ਵਿੱਚ ਪਹੁੰਚੇ ਤੇ ਨਾਇਬ ਸੈੈਣੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਜਦੋਂ ਸੰਸਦ ਮੈਂਬਰ ਮੰਡੀ ਜਾਂ ਕਿਸੇ ਵੀ ਪਿੰਡ ਵਿੱਚ ਜਾਣਗੇ ਤਾਂ ਸੂਚਨਾ ਮਿਲਦਿਆਂ ਹੀ ਉਹ ਪਿੰਡਾਂ ਵਿੱਚ ਜਾ ਕੇ ਕਾਲੇ ਝੰਡੇ ਦਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। ਖਬਰ ਲਿਖੇ ਜਾਣ ਤੱਕ ਸੰਸਦ ਮੈਂਬਰ ਨਾਇਬ ਸੈਣੀ ਮੰਡੀ ਵਿੱਚ ਨਹੀਂ ਪਹੁੰਚੇ ਸਨ। ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਦਾ ਕਹਿਣਾ ਸੀ ਕਿ ਅੱਜ ਸਾਨੂੰ ਪੱਤਾ ਲੱਗਿਆ ਸੀ ਕਿ ਕੁਰੂਕਸ਼ੇਤਰ ਦੇ ਸੰਸਦ ਮੈਂਬਰ ਨਾਇਬ ਸੈਣੀ ਇੱਥੇ ਮੰਡੀ ਵਿੱਚ ਆ ਰਹੇ ਹਨ ਅਤੇ ਉਨ੍ਹਾਂ ਨੂੰ ਕਾਲੇ ਝੰਡੇ ਦਿਖਾਉਣ ਲਈ ਅਸੀਂ ਇੱਥੇ ਆਏ ਹਾਂ। ਉਨ੍ਹਾਂ ਦਾ ਕਹਿਣਾ ਸੀ ਕਿ ਹਰ ਥਾਂ ‘ਤੇ ਪਹੁੰਚਣ ਉੱਤੇ ਨਾਇਬ ਸੈੈਣੀ ਦਾ ਕਾਲੇ ਝੰਡੇ ਦਿਖਾ ਕੇ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਐੱਮਐੱਸਪੀ ਦੀ ਗਾਰੰਟੀ ਲਾਜ਼ਮੀ ਕਰੇ ਜਾਂ ਕਾਨੂੰਨ ਵਿੱਚ ਇੱਕ ਲਾਈਨ ਲਿਖ ਦੇਵੇ ਤਾਂ ਕਿ ਜੇ ਕੋਈ ਕਿਸਾਨ ਦੀ ਰਾਸ਼ੀ ਲੈ ਕੇ ਜਾਂਦਾ ਹੈ ਤਾਂ ਉਹ ਅਦਾਲਤ ਵਿੱਚ ਆਪਣੀ ਰਾਸ਼ੀ ਦਾ ਕਲੇਮ ਕਰ ਸਕੇ। ਇਨ੍ਹਾਂ ਕਾਨੂੰਨਾਂ ਵਿੱਚ ਅਦਾਲਤ ਵਿੱਚ ਜਾਣ ਦਾ ਹੱਕ ਵੀ ਕਿਸਾਨ ਕੋਲੋਂ ਖੋਹਿਆ ਹੋਇਆ ਹੈ। ਇਸ ਮੌਕੇ ਤੇ ਕਿਸਾਨ ਨੇਤਾ ਰਾਜੀਵ ਸ਼ਰਮਾ ਵੀ ਹਾਜ਼ਰ ਸਨ।
ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ : ਤਜਿੰਦਰ
ਰਤੀਆ (ਪੱਤਰ ਪ੍ਰੇਰਕ): ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸਿਰਸਾ ਵਿਚ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਪੁਲੀਸ ਵਲੋਂ ਗ੍ਰਿਫ਼ਤਾਰ ਕਰਨਾ ਸਰਕਾਰ ਦੀ ਕੋਝੀ ਹਰਕਤ ਹੈ। ਸਰਕਾਰ ਤੁਰੰਤ ਕਿਸਾਨਾਂ ਨੂੰ ਰਿਹਾਅ ਕਰੇ। ਇਹ ਗੱਲ ਭਾਰਤੀ ਕ੍ਰਾਂਤੀਕਾਰੀ ਮਾਰਕਸਵਾਦੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਤਜਿੰਦਰ ਰਤੀਆ ਨੇ ਕਹੀ। ਉਨ੍ਹਾਂ ਕਿਹਾ ਕਿ ਸਿਰਸਾ ਵਿਚ ਕੱਲ ਤੋਂ 17 ਕਿਸਾਨ ਜੱਥੇਬੰਦੀਆਂ ਵਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਸਰਕਾਰ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣ ਦੀ ਸਾਜਿਸ਼ ਰਚ ਰਹੀ ਹੈ ਪਰ ਸਰਕਾਰ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ।