ਦੇਵਿੰਦਰ ਸਿੰਘ
ਯਮੁਨਾਨਗਰ, 30 ਅਪਰੈਲ
ਬਿਜਲੀ ਸੰਕਟ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਯਮੁਨਾਨਗਰ ਦੇ ਬਿਜਲੀ ਨਿਗਮ ਦੇ ਸੁਪਰਡੈਂਟ ਇੰਜਨੀਅਰ ਦੇ ਦਫ਼ਤਰ ’ਤੇ ਰੋਸ ਪ੍ਰਦਰਸ਼ਨ ਕੀਤਾ ਅਤੇ ਬਿਜਲੀ ਵਿਭਾਗ ਦੇ ਦਫ਼ਤਰ ਦੀ ਛੱਤ ’ਤੇ ਕਿਸਾਨ ਯੂਨੀਅਨ ਦੇ ਝੰਡੇ ਲਗਾ ਦਿੱਤੇ। ਕਿਸਾਨਾਂ ਨੇ ਦਫ਼ਤਰ ਦੇ ਗੇਟ ਮੂਹਰੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਕਿਸਾਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਬਿਜਲੀ ਨਹੀਂ ਆਉਂਦੀ ਉਹ ਆਪਣਾ ਧਰਨਾ ਪ੍ਰਦਰਸ਼ਨ ਜਾਰੀ ਰੱਖਣਗੇ । ਯਮੁਨਾਨਗਰ ਜ਼ਿਲ੍ਹੇ ਵਿੱਚ ਪਿਛਲੇ ਕਈ ਦਿਨਾਂ ਤੋਂ ਕਿਸਾਨ ਬਿਜਲੀ ਸੰਕਟ ਤੋਂ ਪ੍ਰੇਸ਼ਾਨ ਹਨ ਅਤੇ ਇਸ ਸਮੱਸਿਆ ਨਾਲ ਉਦਯੋਗਿਕ ਇਕਾਈਆਂ ਵੀ ਠੱਪ ਹਨ। ਇੱਥੋਂ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਘੰਟਿਆਂਬੱਧੀ ਬਿਜਲੀ ਦੀ ਕਟੌਤੀ ਹੋ ਰਹੀ ਹੈ, ਜਿਸ ਤੋਂ ਅੱਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਬਿਜਲੀ ਕੱਟਾਂ ਖ਼ਿਲਾਫ਼ ਧਰਨਾ ਦੇਣ ਦਾ ਐਲਾਨ ਕੀਤਾ ਸੀ। ਇਸ ਤਹਿਤ ਅੱਜ ਵੱਡੀ ਗਿਣਤੀ ਵਿੱਚ ਕਿਸਾਨ ਬਿਜਲੀ ਨਿਗਮ ਦੇ ਸੁਪਰਡੈਂਟ ਇੰਜਨੀਅਰ ਦੇ ਦਫ਼ਤਰ ਪੁੱਜੇ ਅਤੇ ਦਫ਼ਤਰ ’ਤੇ ਭਾਰਤੀ ਕਿਸਾਨ ਯੂਨੀਅਨ ਦੇ ਝੰਡੇ ਲਗਾ ਦਿੱਤੇ। ਫਿਰ ਕਿਸਾਨਾਂ ਨੇ ਦਫ਼ਤਰ ਦੇ ਮੁੱਖ ਗੇਟ ’ਤੇ ਬੈਠ ਕੇ ਸਰਕਾਰ ਅਤੇ ਬਿਜਲੀ ਨਿਗਮ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ । ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਜੂ ਗੁੰਦਿਆਨਾ ਨੇ ਦੋਸ਼ ਲਾਇਆ ਕਿ ਹਰਿਆਣਾ ਦੇ ਮੁੱਖ ਮੰਤਰੀ ਇੱਕ ਪਾਸੇ ਤੇ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਾ ਹੋਣ ਦਾ ਦਾਅਵਾ ਕਰ ਰਹੇ ਹਨ ਜਦਕਿ ਦੂਜੇ ਪਾਸੇ ਬਿਜਲੀ ਦੀਆਂ ਬੇਹਿਸਾਬ ਕਟੌਤੀਆਂ ਕੀਤੀਆਂ ਜਾ ਰਹੀਆਂ ਹਨ।
ਬਿਜਲੀ ਸੰਕਟ ਨੂੰ ਲੈ ਕੇ ਲੋਕਾਂ ਵਿੱਚ ਰੋਹ: ਹੁੱਡਾ
ਫਰੀਦਾਬਾਦ (ਪੱਤਰ ਪ੍ਰੇਰਕ): ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਬਿਜਲੀ ਸੰਕਟ ਸਭ ਤੋਂ ਵੱਡੀ ਸਮੱਸਿਆ ਬਣ ਕੇ ਉਭਰਿਆ ਹੈ। ਘੰਟਿਆਂਬੱਧੀ ਬਿਜਲੀ ਕੱਟ ਲੱਗਣ ਕਾਰਨ ਲੋਕਾਂ ਵਿੱਚ ਭਾਰੀ ਰੋਸ ਹੈ। ਇਸੇ ਦੌਰਾਨ ਉਨ੍ਹਾਂ ਕਿਹਾ ਕਿ
ਹਰਿਆਣਾ ਵਿਚ ਕਾਂਗਰਸ ਪੂਰੀ ਤਰ੍ਹਾਂ ਇਕਜੁਟ ਅਤੇ ਮਜ਼ਬੂਤ ਹੈ। ਚੌਧਰੀ ਉਦੈਭਾਨ ਨੂੰ ਸੂਬਾ ਪ੍ਰਧਾਨ ਵਜੋਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਜਥੇਬੰਦੀ ਵਿੱਚ ਪਸਾਰ ਤੇ ਊਰਜਾ ਦੇਖਣ ਨੂੰ ਮਿਲੇਗੀ। ਕਿਉਂਕਿ ਉਦੈਭਾਨ ਇੱਕ ਮਿਹਨਤੀ, ਮਿਹਨਤੀ ਅਤੇ ਜ਼ਮੀਨੀ ਲੀਡਰ ਹੈ। ਹੁੱਡਾ ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।