ਮੁੱਖ ਅੰਸ਼
- ਕਿਸਾਨ ਜਥੇਬੰਦੀਆਂ ਨੇ ਪ੍ਰਸ਼ਾਸਨ ਨੂੰ 4 ਦਿਨਾਂ ਦਾ ਦਿੱਤਾ ਅਲਟੀਮੇਟਮ
- ਕੇਸ ਦਰਜ ਨਾ ਹੋਣ ’ਤੇ ਸਾਰੇ ਥਾਣਿਆਂ ਦਾ ਕੀਤਾ ਜਾਵੇਗਾ ਘਿਰਾਓ
ਗੁਰਦੀਪ ਿਸੰਘ ਭੱਟੀ, ਆਤਿਸ਼ ਗੁਪਤਾ
ਟੋਹਾਣਾ/ਚੰਡੀਗੜ੍ਹ, 2 ਜੂਨ
ਜੇਜੇਪੀ ਵਿਧਾਇਕ ਦਵਿੰਦਰ ਬਬਲੀ ਵੱਲੋਂ ਕਿਸਾਨਾਂ ਨੂੰ ਅਪਸ਼ਬਦ ਬੋਲਣ ਵਿਰੁੱਧ ਕਿਸਾਨਾਂ ਨੇ ਟੋਹਾਣਾ ਵਿੱਚ ਅੱਜ ਸਕੱਤਰੇਤ ਦਾ ਘਿਰਾਓ ਕੀਤਾ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵਿਧਾਇਕ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਟੋਹਾਣਾ ਦੇ ਵਿਧਾਇਕ ਖ਼ਿਲਾਫ਼ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤਾਂ 7 ਜੂਨ ਨੂੰ ਦੋ ਘੰਟੇ ਲਈ ਸੂਬੇ ਦੇ ਸਾਰੇ ਥਾਣਿਆਂ ਦਾ ਘਿਰਾਓ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਹੇਠ ਕਿਸਾਨ ਹਿਸਾਰ ਰੋਡ ’ਤੇ ਸਥਿਤ ਟਾਊਨ ਪਾਰਕ ਵਿੱਚ ਇਕੱਠੇ ਹੋਏ। ਐੱਸਡੀਐੱਮ ਦਫ਼ਤਰ ਦਾ ਘਿਰਾਓ ਕਰਨ ਲਈ ਜਦੋਂ ਕਿਸਾਨ ਰਵਾਨਾ ਹੋਏ ਤਾਂ ਪੁਲੀਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਅੱਗੇ ਵੱਧ ਰਹੇ ਕਿਸਾਨਾਂ ਨੂੰ ਨਾ ਰੋਕ ਸਕੇ। ਇਸ ਤੋਂ ਬਾਅਦ ਸ੍ਰੀ ਚੜੂਨੀ ਅਤੇ ਟੋਹਾਣਾ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਚਕਾਰ ਦੋ ਘੰਟੇ ਤੱਕ ਮੀਟਿੰਗ ਹੋਈ ਜੋ ਬੇਸਿੱਟਾ ਰਹੀ। ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਵਿਧਾਇਕ ਤੋਂ ਮੁਆਫ਼ੀ ਮੰਗਵਾਉਣ ਅਤੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।
ਸ੍ਰੀ ਚੜੂਨੀ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਜਦੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਿਹਾ ਹੈ ਤਾਂ ਭਾਜਪਾ ਦੀ ਭਾਈਵਾਲ ਪਾਰਟੀ ਦੇ ਵਿਧਾਇਕ ਵੱਲੋਂ ਕਿਸਾਨਾਂ ਨੂੰ ਅਪਸ਼ਬਦ ਬੋਲੇ ਗਏ ਹਨ। ਉਨ੍ਹਾਂ ਹਰਿਆਣਾ ਸਰਕਾਰ ਨੂੰ 4 ਦਿਨਾਂ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਵਿਧਾਇਕ ਖ਼ਿਲਾਫ਼ ਕਾਨੂੰਨੀ ਕਾਰਵਾਈ ਨਾ ਹੋਈ ਤਾਂ 7 ਜੂਨ ਨੂੰ ਦੁਪਹਿਰ 11 ਤੋਂ 1 ਵਜੇ ਤੱਕ ਸੂਬੇ ਦੇ ਸਾਰੇ ਥਾਣਿਆਂ ਦਾ ਘਿਰਾਓ ਕੀਤਾ ਜਾਵੇਗਾ। ਉਸ ਤੋਂ ਬਾਅਦ ਵੀ ਕਾਰਵਾਈ ਨਾ ਹੋਣ ’ਤੇ 10 ਅਤੇ 11 ਜੂਨ ਨੂੰ ਟੋਹਾਣਾ ਦੇ ਸਾਰੇ ਪਿੰਡਾਂ ਵਿੱਚ ਅਰਥੀ ਫੂਕ ਪ੍ਰਦਰਸ਼ਨ ਕੀਤੇ ਜਾਣਗੇ। ਜੇਕਰ ਫੇਰ ਵੀ ਸਰਕਾਰ ਨਾ ਮੰਨੀ ਤਾਂ ਸੂਬੇ ਦੀਆਂ ਖਾਪ ਪੰਚਾਇਤਾਂ ਰਾਹੀਂ ਵਿਧਾਇਕ ਬਬਲੀ ਦਾ ਸਮਾਜਿਕ ਬਾਈਕਾਟ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਟੋਹਾਣਾ ਦੇ ਸਰਕਾਰੀ ਹਸਪਤਾਲ ਵਿੱਚ ਦਿਵਿਆਂਗ ਬੱਚਿਆਂ ਲਈ ਵੈਕਸੀਨੇਸ਼ਨ ਸੈਂਟਰ ਦਾ ਉਦਘਾਟਨ ਕਰਨ ਪੁੱਜੇ ਜੇਜੇਪੀ ਵਿਧਾਇਕ ਦਵਿੰਦਰ ਸਿੰਘ ਬਬਲੀ ਦਾ ਕਿਸਾਨ ਜਥੇਬੰਦੀਆਂ ਨੇ ਵਿਰੋਧ ਕੀਤਾ ਸੀ। ਇਸ ਦੌਰਾਨ ਵਿਧਾਇਕ ਦੀ ਗੱਡੀ ਦਾ ਸ਼ੀਸ਼ਾ ਭੰਨਿਆ ਗਿਆ ਜਿਸ ਮਗਰੋਂ ਵਿਧਾਇਕ ਨੇ ਕਿਸਾਨਾਂ ਲਈ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ।