ਪ੍ਰਭੂ ਦਿਆਲ
ਸਿਰਸਾ, 8 ਅਕਤੂਬਰ
ਨਵੇਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੇ ਘਰ ਦੇ ਨੇੜੇ ਸ਼ਹੀਦ ਭਗਤ ਸਿੰਘ ਸਟੇਡੀਅਮ ਦੇ ਬਾਹਰ ਪੱਕਾ ਮੋਰਚਾ ਲਾ ਦਿੱਤਾ ਹੈ। ਪੁਲੀਸ ਵੱਲੋਂ ਬੀਤੇ ਦਿਨ ਹਿਰਾਸਤ ਵਿੱਚ ਲਏ ਗਏ ਸਵਰਾਜ ਇੰਡੀਆ ਪਾਰਟੀ ਦੇ ਕਨਵੀਨਰ ਯੋਗਿੰਦਰ ਯਾਦਵ, ਰਾਜੀਵ ਗੋਦਾਰਾ, ਅਮਰਇੰਦਰਜੀਤ ਸਿੰਘ, ਪ੍ਰਹਿਲਾਦ ਸਿੰਘ ਭਾਰੂਖੇੜਾ ਸਮੇਤ ਸਾਰੇ ਕਿਸਾਨ ਆਗੂਆਂ ਨੂੰ ਲੰਘੀ ਦੇਰ ਰਾਤ ਬਿਨ੍ਹਾਂ ਸ਼ਰਤ ਰਿਹਾਅ ਕਰ ਦਿੱਤਾ ਗਿਆ ਹੈ।
ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਡੇਢ ਦਰਜਨ ਜਥੇਬੰਦੀਆਂ ਵੱਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਦੇ ਬਾਹਰ ਪੱਕੇ ਮੋਰਚੇ ਦਾ ਐਲਾਨ ਕਰ ਦਿੱਤਾ ਗਿਆ ਹੈ। ਕਿਸਾਨ ਆਗੂ ਪ੍ਰਹਿਲਾਦ ਸਿੰਘ ਭਾਰੂਖੇੜਾ, ਦਿਲਬਾਗ ਸਿੰਘ ਹੁੱਡਾ, ਵਿਕਾਸ ਸਿਮਰ, ਡਾ. ਸੁਖਦੇਵ ਸਿੰਘ ਜੰਮੂ, ਬਲਰਾਜ ਸਿੰਘ ਬਣੀ ਸਮੇਤ ਅਨੇਕ ਕਿਸਾਨਾਂ ਨੇ ਦੱਸਿਆ ਹੈ ਕਿ ਕਿਸਾਨਾਂ ਦੇ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਸਰਕਾਰ ਨਵੇਂ ਬਣੇ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ। ਹੁਣ ਕਿਸਾਨਾਂ ਵੱਲੋਂ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦੇ ਘਰ ਦੇ ਨੇੜੇ ਸ਼ਹੀਦ ਭਗਤ ਸਿੰਘ ਸਟੇਡੀਅਮ ਦੇ ਬਾਹਰ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਤੇ ਬਿਜਲੀ ਮੰਤਰੀ ਦੇ ਅਸਤੀਫੇ ਦੀ ਵੀ ਮੰਗ ਕਰ ਰਹੇ ਹਨ।