ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 18 ਅਕਤੂਬਰ
ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਅੰਦੋਲਨ ਦੌਰਾਨ ਰੇਲਵੇ ਵੱਲੋਂ ਕਿਸਾਨਾਂ ’ਤੇ ਦਰਜ ਕੀਤੇ ਕੇਸ ਵਾਪਸ ਨਾ ਲੈਣ ਦੀ ਸੂਰਤ ਵਿੱਚ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਰੇਲਾਂ ਰੋਕਣ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਹੈ। ਕਿਸਾਨ ਆਗੂ ਚੜੂਨੀ ਨੇ ਕਿਹਾ ਕਿ ਲਗਪਗ ਦਸ ਮਹੀਨੇ ਪਹਿਲਾਂ ਜਦ ਕਿਸਾਨ ਅੰਦੋਲਨ ਵਾਪਸ ਹੋਇਆ ਸੀ ਤਾਂ ਕੇਂਦਰ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਅੰਦੋਲਨ ਦੌਰਾਨ ਰੇਲਵੇ ਨਾਲ ਸਬੰਧਤ ਕਿਸਾਨਾਂ ’ਤੇ ਦਰਜ ਹੋਏ ਕੇਸ ਵਾਪਸ ਲਏ ਜਾਣਗੇ, ਪਰ ਇਨ੍ਹਾਂ ਮਾਮਲਿਆਂ ਵਿੱਚ ਕਿਸਾਨਾਂ ਨੂੰ ਹੁਣ ਵੀ ਸੰਮਨ ਭੇਜੇ ਜਾ ਰਹੇ ਹਨ। ਰੇਲਵੇ ਪੁਲੀਸ ਕਿਸਾਨਾਂ ’ਤੇ ਦਬਾਅ ਬਣਾ ਰਹੀ ਹੈ। ਚੜੂਨੀ ਨੇ ਕੇਂਦਰ ਸਰਕਾਰ ਨੂੰ 15 ਦਿਨਾਂ ਵਿੱਚ ਸਥਿਤੀ ਸਪਸ਼ਟ ਕਰਨ ਲਈ ਕਿਹਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਹਰਿਆਣਾ ਤੇ ਪੰਜਾਬ ਦੇ ਕਿਸਾਨ ਰੇਲ ਗੱਡੀਆਂ ਰੋਕਣਗੇ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਦਰਜ ਮਾਮਲੇ ਵਾਪਸ ਨਾ ਲਏ ਤਾਂ ਉਨ੍ਹਾਂ ਦੀ ਜਥੇਬੰਦੀ ਮੁੜ ਅੰਦੋਲਨ ਕਰਨ ਲਈ ਮਜਬੂਰ ਹੋਵੇਗੀ। ਉਨ੍ਹਾਂ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਸਰਕਾਰ ਤੁਰੰਤ ਕੇਸ ਵਾਪਸ ਨਹੀਂ ਲੈਂਦੀ ਤਾਂ ਉਹ ਰੇਲਵੇ ਲਾਈਨਾਂ ਜਾਮ ਕਰਨ ਲਈ ਤਿਆਰ ਰਹਿਣ। ਉਨ੍ਹਾਂ ਕਿਹਾ ਕਿ ਉਹ ਆਪਣੀ ਯੂਨੀਅਨ ਵੱਲੋਂ ਸਰਕਾਰ ਨੂੰ ਲਿਖਤੀ ਪੱਤਰ ਦੇ ਕੇ ਜਾਣੂ ਕਰਵਾ ਰਹੇ ਹਨ। ਚੜੂਨੀ ਨੇ ਦੋਸ਼ ਲਾਇਆ ਕਿ ਸੰਯੁਕਤ ਕਿਸਾਨ ਮੋਰਚਾ ਲੰਬਿਤ ਮਾਮਲਿਆਂ ਸਬੰਧੀ ਆਪਣਾ ਫ਼ਰਜ਼ ਨਹੀਂ ਨਿਭਾਅ ਰਿਹਾ ਚਾਹੇ ਐੱਮਐੱਸਪੀ ਮਾਮਲਾ ਹੋਵੇ ਜਾਂ ਲਖੀਮਪੁਰ ਖੀਰੀ ਕਾਂਡ ਹੋਵੇ।