ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 26 ਅਗਸਤ
ਅੰਬਾਲਾ ਸ਼ਹਿਰ ਦੀ ਅਨਾਜ ਮੰਡੀ ਵਿਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਧਰਨਾ ਅਧਿਕਾਰੀਆਂ ਨਾਲ ਮੁਲਾਕਾਤ ਮਗਰੋਂ ਖ਼ਤਮ ਹੋਣ ਦੀ ਉਮੀਦ ਸੀ ਪਰ ਅੱਜ ਕਿਸਾਨਾਂ ਨੇ ਡੀਸੀ ਅੰਬਾਲਾ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਆਪਣਾ ਪ੍ਰਦਰਸ਼ਨ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਪ੍ਰਦਰਸ਼ਨ ਜਾਰੀ ਰੱਖਣ ਦੇ ਐਲਾਨ ਮਗਰੋਂ ਅਨਾਜ ਮੰਡੀ ਵਿੱਚ ਭਾਰੀ ਪੁਲੀਸ ਬਲ ਦੀ ਤਾਇਨਾਤੀ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਬੁਲਾਰੇ ਤੇਜਵੀਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਮੀਟਿੰਗ ਵਿਚ ਡੀਸੀ ਨੇ ਮੰਨ ਲਿਆ ਸੀ ਕਿ ਚੰਡੀਗੜ੍ਹ ਕੂਚ ਦੌਰਾਨ ਜ਼ਖ਼ਮੀ ਹੋਏ ਕਿਸਾਨ ਰਵਿੰਦਰ ਸਿੰਘ ਸਰਸੀਣੀ ਦੇ ਇਲਾਜ ਦਾ ਖਰਚਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਅਤੇ ਦਰਜ ਕੇਸ ਵਾਪਸ ਲਏ ਜਾਣਗੇ ਪਰ ਅੱਜ ਡੀਸੀ ਆਪਣੇ ਵਾਅਦੇ ਤੋਂ ਮੁੱਕਰ ਗਿਆ ਹੈ ਜਿਸ ਕਰਕੇ ਕਿਸਾਨ ਜਥੇਬੰਦੀਆਂ ਨੇ ਧਰਨਾ/ਪ੍ਰਦਰਸ਼ਨ ਜਾਰੀ ਰੱਖਣ ਦਾ ਫ਼ੈਸਲਾ ਲਿਆ ਹੈ। ਕਿਸਾਨਾਂ ਦੀ ਮੰਗ ਹੈ ਕਿ ਪ੍ਰਦਰਸ਼ਨ ਦੇ ਦੌਰਾਨ ਜਿਸ ਨੌਜਵਾਨ ਦੀ ਲੱਤ ਕੱਟੀ ਗਈ ਹੈ, ਉਸ ਨੂੰ ਨੌਕਰੀ ਦਿੱਤੀ ਜਾਵੇ ਅਤੇ ਇਲਾਜ ਦਾ ਸਾਰਾ ਖਰਚਾ ਵੀ ਪ੍ਰਸ਼ਾਸਨ ਦੇਵੇ। ਉਨ੍ਹਾਂ ਕਿਹਾ ਕਿ ਜੇ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ ਕਿਸਾਨ ਹੋਰ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਣਗੇ, ਜਿਸ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ।