‘ਆਪ’ ਸਰਕਾਰ ਦੀ ਨਾਕਾਮੀ ਕਾਰਨ ਕਿਸਾਨਾਂ ਦਾ ਨੁਕਸਾਨ ਹੋਇਆ: ਸ਼ਵੇਤ ਮਲਿਕ
ਮਾਡ਼ੇ ਹਡ਼੍ਹ ਪ੍ਰਬੰਧਨ ਲਈ ਭਗਵੰਤ ਮਾਨ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ
ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸ਼ਵੇਤ ਮਲਿਕ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਹੜ੍ਹ ਪ੍ਰਬੰਧਨ ਵਿੱਚ ਪੂਰੀ ਤਰ੍ਹਾਂ ਲਾਪ੍ਰਵਾਹੀ ਦਿਖਾਈ ਹੈ। ਬਠਿੰਡਾ ਵਿੱਚ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਮਲਿਕ ਨੇ ਕਿਹਾ ਕਿ ਸਰਕਾਰ ਦੀ ਅਣਗਹਿਲੀ ਕਾਰਨ ਪੰਜਾਬ ਦੇ ਹਜ਼ਾਰਾਂ ਕਿਸਾਨਾਂ ਨੂੰ ਹੜਾਂ ਨਾਲ ਕਰੋੜਾਂ ਰੁਪਏ ਦਾ ਨੁਕਸਾਨ ਝੱਲਣਾ ਪਿਆ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਹੜ੍ਹ ਪ੍ਰਬੰਧਨ ਲਈ ਪਹਿਲਾਂ ਹੀ 12,500 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ ਪਰ ਪੰਜਾਬ ਸਰਕਾਰ ਨੇ ਇਸ ਰਾਸ਼ੀ ਦਾ ਅਜੇ ਤੱਕ ਕੋਈ ਹਿਸਾਬ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੜ ਪ੍ਰਭਾਵਿਤ ਪੰਜਾਬ ਦੀ ਮੁੜ ਤਰੱਕੀ ਲਈ 16,000 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਗਿਆ ਹੈ।
ਪੱਤਰਕਾਰਾਂ ਦੇ ਪੁੱਛਣ ’ਤੇ ਕਿ ਇਹ ਰਾਸ਼ੀ ਹਾਲੇ ਤੱਕ ਪੰਜਾਬ ਨੂੰ ਨਹੀਂ ਮਿਲੀ ਤਾਂ ਮਲਿਕ ਨੇ ਕਿਹਾ ਕਿ ਪਹਿਲਾਂ ਦਿੱਤੀ ਰਾਸ਼ੀ ਦਾ ਹਿਸਾਬ ਨਾ ਮਿਲਣਾ ਹੀ ਸਭ ਤੋਂ ਵੱਡਾ ਸਵਾਲ ਹੈ। ਮਲਿਕ ਨੇ ਕਿਹਾ ਕਿ ਮਾਨ ਸਰਕਾਰ ਦੀ ਇਹ ਜ਼ਿੰਮੇਵਾਰੀ ਸੀ ਕਿ ਹੜ੍ਹ ਤੋਂ ਪਹਿਲਾਂ ਨਦੀਆਂ ਤੇ ਨਾਲਿਆਂ ਦੀ ਸਫਾਈ, ਕੱਚੇ ਬੰਨ੍ਹਾਂ ਦੀ ਮੁਰੰਮਤ ਅਤੇ ਜੋਖਮ ਵਾਲੇ ਇਲਾਕਿਆਂ ਦੀ ਪਛਾਣ ਕੀਤੀ ਜਾਂਦੀ। ਉਨ੍ਹਾਂ ਕਿਹਾ ਸੂਬਾ ਸਰਕਾਰ ਦੀ ਲਾਪ੍ਰਵਾਹੀ ਕਾਰਨ ਚਾਰ ਲੱਖ ਏਕੜ ਤੋਂ ਵੱਧ ਖੇਤੀਬਾੜੀ ਜ਼ਮੀਨ ਤਬਾਹ ਹੋ ਗਈ।
ਭਾਜਪਾ ਆਗੂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਦੀ ਬਾਂਹ ਸਿਰਫ ਭਾਜਪਾ ਨੇ ਫੜੀ ਹੈ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਅਤੇ ਹੋਰ ਸੀਨੀਅਰ ਲੀਡਰ ਮੌਜੂਦ ਸਨ।