ਕਿਸਾਨਾਂ ਨੂੰ Organic farming ਅਪਣਾਉਣ ਦਾ ਸੱਦਾ
ਸਿਖਲਾਈ ਕੈਂਪ ਦੌਰਾਨ ਕਿਸਾਨਾਂ ਨੂੰ ਸਰਕਾਰੀ ਯੋਜਨਾਵਾਂ ਅਤੇ ਪਸ਼ੂਆਂ ਦੀ ਸਿਹਤ ਬਾਰੇ ਜਾਗਰੂਕ ਕੀਤਾ
ਖੇਤੀਬਾੜੀ ਵਿਭਾਗ ਵੱਲੋਂ ਪਿੰਡ ਬੜੋਪਲ ਦੇ ਗ੍ਰਾਮ ਸਕੱਤਰੇਤ ਵਿੱਚ ਕੁਦਰਤੀ ਖੇਤੀ ਸਬੰਧੀ ਇੱਕ ਵਿਸ਼ੇਸ਼ ਸਿਖਲਾਈ ਕੈਂਪ ਲਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਰਸਾਇਣਕ ਖੇਤੀ ਦੇ ਬਦਲ ਵਜੋਂ ਕੁਦਰਤੀ ਖੇਤੀ ਦੇ ਲਾਭਾਂ, ਦੇਸੀ ਕਪਾਹ ਦੀ ਕਾਸ਼ਤ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਖੇਤੀ ਯੋਜਨਾਵਾਂ ਬਾਰੇ ਜਾਣੂ ਕਰਵਾਉਣਾ ਸੀ। ਕੈਂਪ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਹਿੱਸਾ ਲਿਆ ਅਤੇ ਮਾਹਿਰਾਂ ਤੋਂ ਖੇਤੀ ਅਤੇ ਪਸ਼ੂ ਪਾਲਣ ਨਾਲ ਜੁੜੇ ਵਿਸ਼ਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਖੇਤੀ ਨਿਗਰਾਨ ਮਨੋਜ ਬਿਸ਼ਨੋਈ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁਦਰਤੀ ਖੇਤੀ ਅੱਜ ਦੇ ਸਮੇਂ ਦੀ ਲੋੜ ਬਣ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਰਸਾਇਣਕ ਖਾਦਾਂ ਅਤੇ ਕੀਟਨਾਸ਼ਕਾਂ ਦੀ ਅੰਨ੍ਹੇਵਾਹ ਵਰਤੋਂ ਨਾਲ ਜਿੱਥੇ ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੋ ਰਹੀ ਹੈ, ਉੱਥੇ ਹੀ ਮਨੁੱਖੀ ਸਿਹਤ ਅਤੇ ਵਾਤਾਵਰਣ ਉੱਤੇ ਵੀ ਨਕਾਰਾਤਮਕ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕੁਦਰਤੀ ਖੇਤੀ ਅਪਣਾ ਕੇ ਨਾ ਸਿਰਫ਼ ਉਤਪਾਦਨ ਦੀ ਲਾਗਤ ਘਟਾ ਸਕਦੇ ਹਨ, ਸਗੋਂ ਮਿੱਟੀ ਦੀ ਸਿਹਤ ਨੂੰ ਵੀ ਬਰਕਰਾਰ ਰੱਖ ਸਕਦੇ ਹਨ। ਮਨੋਜ ਬਿਸ਼ਨੋਈ ਨੇ ਦੇਸੀ ਕਪਾਹ ਦੀ ਕਾਸ਼ਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸੀ ਕਿਸਮਾਂ ਦੀ ਕਪਾਹ ਘੱਟ ਪਾਣੀ ਅਤੇ ਘੱਟ ਲਾਗਤ ਨਾਲ ਉਗਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਫਸਲ ਕਈ ਕੀੜਿਆਂ ਅਤੇ ਬਿਮਾਰੀਆਂ ਪ੍ਰਤੀ ਵਧੇਰੇ ਸਹਿਨਸ਼ੀਲ ਹੁੰਦੀ ਹੈ, ਜਿਸ ਕਾਰਨ ਕਿਸਾਨਾਂ ਨੂੰ ਰਸਾਇਣਕ ਦਵਾਈਆਂ ਉੱਤੇ ਘੱਟ ਖਰਚ ਕਰਨਾ ਪੈਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਭਾਗ ਦੀਆਂ ਸਿਫ਼ਾਰਸ਼ਾਂ ਅਨੁਸਾਰ ਹੀ ਫਸਲਾਂ ਦੀ ਬਿਜਾਈ ਅਤੇ ਪ੍ਰਬੰਧਨ ਕਰਨ। ਉਨ੍ਹਾਂ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ ਤਾਂ ਜੋ ਖੇਤੀ ਨੂੰ ਹੋਰ ਲਾਭਕਾਰੀ ਅਤੇ ਟਿਕਾਊ ਬਣਾਇਆ ਜਾ ਸਕੇ। ਉਨ੍ਹਾਂ ਨੇ ਖੇਤੀ ਨਾਲ ਸਬੰਧਤ ਤਕਨੀਕੀ ਜਾਣਕਾਰੀ, ਫਸਲ ਵਿਭਿੰਨਤਾ ਅਤੇ ਆਧੁਨਿਕ ਤਰੀਕਿਆਂ ਦੀ ਵਰਤੋਂ ਉੱਤੇ ਵੀ ਜ਼ੋਰ ਦਿੱਤਾ। ਕੈਂਪ ਦੌਰਾਨ ਪਸ਼ੂ ਮਾਹਿਰ ਡਾ. ਪ੍ਰਦੀਪ ਕੁਮਾਰ ਨੇ ਪਸ਼ੂ ਪਾਲਣ ਸਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਕਿਸਾਨਾਂ ਦੀ ਆਮਦਨ ਵਧਾਉਣ ਦਾ ਇੱਕ ਮਹੱਤਵਪੂਰਨ ਸਾਧਨ ਹੈ, ਪਰ ਇਸ ਲਈ ਪਸ਼ੂਆਂ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਸਾਨਾਂ ਨੂੰ ਪਸ਼ੂਆਂ ਵਿੱਚ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਨਿਯਮਤ ਟੀਕਾਕਰਨ ਕਰਵਾਉਣ ਦੀ ਸਲਾਹ ਦਿੱਤੀ।

