ਪ੍ਰਭੂ ਦਿਆਲ
ਸਿਰਸਾ, 7 ਫਰਵਰੀ
ਆਪਣੀਆਂ ਮੰਗਾਂ ਮੰਨਵਾਉਣ ਲਈ ਮਿੰਨੀ ਸਕੱਤਰੇਤ ’ਚ ਪੱਕਾ ਮੋਰਚਾ ਲਾ ਰਹੇ ਕਿਸਾਨਾਂ ਤੇ ਆਂਗਣਵਾੜੀ ਵਰਕਰਾਂ ਨੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦੇ ਘਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਨੇ ਕਿਸਾਨਾਂ ਨੂੰ ਬਾਬਾ ਭੂਮਣ ਸ਼ਾਹ ਚੌਕ ’ਚ ਹੀ ਰੋਕ ਲਿਆ। ਇੱਥੇ ਕਿਸਾਨਾਂ ਤੇ ਆਂਗਣਵਾੜੀ ਵਰਕਰਾਂ ਨੇ ਦੁਸ਼ਯੰਤ ਚੌਟਾਲਾ ਤੇ ਰਣਜੀਤ ਸਿੰਘ ਦੇ ਪੁਤਲੇ ਫੂਕ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਕਿਸਾਨ ਆਗੂ ਪ੍ਰਹਿਲਾਦ ਸਿੰਘ ਭਾਰੂਖੇੜਾ ਨੇ ਕਿਹਾ ਕਿ ਕਿਸਾਨ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਅਤੇ ਹੋਰ ਮੰਗਾਂ ਸਬੰਧੀ ਪਿਛਲੇ ਦਸ ਦਿਨਾਂ ਤੋਂ ਠੰਢ ਅਤੇ ਮੀਂਹ ’ਚ ਦਿਨ-ਰਾਤ ਧਰਨਾ ਦੇ ਰਹੇ ਹਨ ਪਰ ਸਰਕਾਰ ਉਨ੍ਹਾਂ ਨੂੰ ਅਣਗੌਲਿਆਂ ਕਰ ਰਹੀ ਹੈ। ਆਂਗਣਵਾੜੀ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸ਼ਕੁੰਤਲਾ ਜਾਗਲਾਣ ਨੇ ਕਿਹਾ ਕਿ ਉਹ ਪਿਛਲੇ ਦੋ ਮਹੀਨਿਆਂ ਤੋਂ ਮਿੰਨੀ ਸਕੱਤਰੇਤ ਵਿਚ ਆਪਣੇ ਬੱਚਿਆਂ ਨਾਲ ਧਰਨਾ ਦੇ ਰਹੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਜਗ੍ਹਾ ਉਨ੍ਹਾਂ ਨੂੰ ਮੁਅੱਤਲ ਕਰਨ ਦੇ ਨੋਟਿਸ ਦੇ ਰਹੀ ਹੈ, ਜਿਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੰਗੀਆਂ ਮੰਨੀਆਂ ਜਾਣ ਤੱਕ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।