ਨਿੱਜੀ ਪੱਤਰ ਪ੍ਰੇਰਕ
ਸਿਰਸਾ, 10 ਅਕਤੂਬਰ
ਡਿਪਟੀ ਕਮਿਸ਼ਨਰ ਪਾਰਥ ਗੁਪਤਾ ਨੇ ਆਖਿਆ ਕਿ ਜਿਹੜੇ ਕਿਸਾਨ ਪਰਾਲੀ ਦੀਆਂ ਗੱਠਾਂ ਬਣਾਉਣਗੇ ਜਾਂ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣਗੇ, ਉਨ੍ਹਾਂ ਕਿਸਾਨਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਕਿੱਲਾ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਖੇਤੀ ਅਤੇ ਕਿਸਾਨ ਕੱਲਿਆਣ ਵਿਭਾਗ ਵੱਲੋਂ ਫ਼ਸਲ ਅਵਸ਼ੇਸ਼ ਪ੍ਰਬੰਧਨ ਸਕੀਮ 2022-23 ਤਹਿਤ ਇਹ ਰਾਸ਼ੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਣਕ ਦੀ ਬਿਜਾਈ ਸੁਪਰ ਸੀਡਰ, ਹੈਪੀ ਸੀਡਰ ਜਾਂ ਜ਼ੀਰੋ ਡਰਿੱਲ ਨਾਲ ਬੀਜਣ ਵਾਲੇ ਕਿਸਾਨਾਂ ਨੂੰ ਇਹ ਰਾਸ਼ੀ ਦਿੱਤੀ ਜਾਵੇਗੀ। ਇਸ ਰਾਸ਼ੀ ਨੂੰ ਪ੍ਰਾਪਤ ਕਰਨ ਲਈ ਕਿਸਾਨਾਂ ਨੂੰ ‘ਮੇਰੀ ਫ਼ਸਲ ਮੇਰਾ ਬਿਓਰਾ’ ’ਤੇ ਇਸ ਦੀ ਜਾਣਕਾਰੀ ਅਪਡੇਟ ਕਰਨੀ ਹੋਵੇਗੀ, ਜਿਸ ਮਗਰੋਂ ਪਿੰਡ ਦੇ ਪਤਵੰਤੇ ਤੇ ਖੇਤੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਮੌਕੇ ’ਤੇ ਜਾ ਕੇ ਖੇਤ ਵੇਖਣਗੇ ਤੇ ਇਸ ਮਗਰੋਂ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਪਾ ਦਿੱਤੀ ਜਾਵੇਗੀ।