ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 24 ਅਕਤੂਬਰ
ਇੱਥੇ ਸਿੰਘੂ ਹੱਦ ’ਤੇ ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿੱਚ ਸੂਬਾ ਪ੍ਰਧਾਨ ਡਾ. ਦਰਸ਼ਨਪਾਲ ਤੋਂ ਇਲਾਵਾ ਸੂਬਾ ਆਗੂ ਅਵਤਾਰ ਮਹਿਮਾ ਅਤੇ ਵੱਖ ਵੱਖ ਜ਼ਿਲ੍ਹਿਆਂ ਦੇ ਪ੍ਰਧਾਨ, ਸਕੱਤਰ ਤੇ ਬਲਾਕ ਆਗੂ ਸ਼ਾਮਲ ਹੋਏ। ਇਸ ਮੌਕੇ ਮੋਰਚੇ ਦੀ ਮਜ਼ਬੂਤੀ ਦੇ ਨਾਲ-ਨਾਲ ਪੰਜਾਬ ਦੇ ਕਿਸਾਨਾਂ ਨੂੰ ਆ ਰਹੀ ਡੀਏਪੀ ਖਾਦ ਦੀ ਕਿੱਲਤ ਬਾਰੇ ਵੀ ਚਰਚਾ ਕੀਤੀ ਗਈ।
ਡਾ. ਦਰਸ਼ਨ ਪਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਇਸ ਵੇਲੇ ਦਿੱਲੀ ਦੀਆਂ ਹੱਦਾਂ ’ਤੇ ਡਟੇ ਹੋਏ ਹਨ ਅਤੇ ਨਾਲ ਹੀ ਮੰਡੀਆਂ ਵਿੱਚ ਝੋਨਾ ਵੇਚਣ ਲਈ ਜੱਦੋ-ਜਹਿਦ ਕਰ ਰਹੇ ਹਨ। ਇਸੇ ਦੌਰਾਨ ਅਗਲੀ ਕਣਕ ਅਤੇ ਹੋਰ ਫ਼ਸਲਾਂ ਦੀ ਬਿਜਾਈ ਲਈ ਡੀਏਪੀ ਖਾਦ ਦੀ ਕਿੱਲਤ ਕਿਸਾਨਾਂ ਲਈ ਵੱਡੀ ਪ੍ਰੇਸ਼ਾਨੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਕੋਆਪਰੇਟਿਵ ਸੁਸਾਇਟੀਆਂ ਵਿੱਚ ਖਾਦ ਦਾ ਅਜੇ 50 ਫ਼ੀਸਦੀ ਹਿੱਸਾ ਵੀ ਨਹੀਂ ਪੁੱਜਿਆ ਅਤੇ ਵੱਡੇ ਜਮ੍ਹਾਂਖੋਰ ਅਜਿਹੀ ਕਿੱਲਤ ਸਮੇਂ ਕਿਸਾਨਾਂ ਨੂੰ ਲੁੱਟ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੇ ਜਮ੍ਹਾਂਖੋਰਾਂ ਵੱਲੋਂ ਕਿਸਾਨਾਂ ਦੀ ਹੋ ਰਹੀ ਲੁੱਟ ਨੂੰ ਰੋਕਿਆ ਜਾਵੇ ਅਤੇ ਪਿੰਡਾਂ ਦੀਆਂ ਕੋਆਪਰੇਟਿਵ ਸੁਸਾਇਟੀਆਂ ਰਾਹੀਂ ਤੁਰੰਤ ਕਿਸਾਨਾਂ ਨੂੰ ਲੋੜੀਂਦੀ ਡੀਏਪੀ ਖਾਦ ਮੁਹੱਈਆ ਕਰਾਈ ਜਾਵੇ।
ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਪ੍ਰਧਾਨ ਜੰਗ ਸਿੰਘ ਭਟੇੜੀ, ਹਰਭਜਨ ਸਿੰਘ ਧੂਹੜ, ਸੁਖਵਿੰਦਰ ਤੁੱਲੇਵਾਲ, ਫਤਹਿਗੜ੍ਹ ਸਾਹਿਬ ਤੋਂ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ, ਪਰਮਵੀਰ ਸਿੰਘ ਬਧੌਛੀ, ਜ਼ਿਲ੍ਹਾ ਗੁਰਦਾਸਪੁਰ ਤੋਂ ਹਰਪ੍ਰੀਤ ਸਿੰਘ ਕਾਹਲੋਂ, ਲਾਡੀ ਬਟਾਲਾ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਕੱਤਰ ਗੁਰਚਰਨ ਸਿੰਘ ਮਲਸੀਆਂ ਕਲਾਂ ਹਾਜ਼ਰ ਸਨ।
ਮੰਡੀਆਂ ਵਿੱਚ ਨੁਕਸਾਨੀ ਫ਼ਸਲ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਕਰਾਰ
ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਤੇ 9 ਮੈਂਬਰੀ ਕਮੇਟੀ ਦੇ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਭਾਰਤ ਸਰਕਾਰ ਤੋਂ ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਹੋ ਰਹੀ ਭਾਰੀ ਬਰਸਾਤ ਅਤੇ ਗੜੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਲਈ ਤੁਰੰਤ ਮੁਆਵਜ਼ੇ ਦਾ ਐਲਾਨ ਕਰਨ ਦੀ ਮੰਗ ਕੀਤੀ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਮੰਡੀਆਂ ਵਿੱਚ ਖਰਾਬ ਹੋਈ ਫ਼ਸਲ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ, ਮੰਡੀਆ ਦੇ ਵਿੱਚ ਪਈ ਫ਼ਸਲ ਖਰਾਬ ਹੋਈ ਹੈ ਉਸ ਦੀ ਜ਼ਿੰਮੇਵਾਰੀ ਸਰਕਾਰ ਦੀ ਬਣਦੀ ਹੈ ਇਸ ਲਈ ਸੂਬਾ ਸਰਕਾਰ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕਰੇ।
ਡਰਾਫਟਸਮੈਨ ਐਸੋਸੀਏਸ਼ਨ ਵੱਲੋਂ ‘ਕਲਮ ਛੱਡੋ ਹੜਤਾਲ’ ਦਾ ਐਲਾਨ
ਚੰਡੀਗੜ੍ਹ (ਪੱਤਰ ਪ੍ਰੇਰਕ): ਪੰਜਾਬ ਡਰਾਫਟਸਮੈਨ ਐਸੋਸੀਏਸ਼ਨ ਨੇ ਡਰਾਫ਼ਟਸਮੈਨ ਕੇਡਰ ਦੀਆਂ ਮੰਗਾਂ ਵੱਲ ਸਰਕਾਰ ਦਾ ਧਿਆਨ ਨਾ ਜਾਣ ’ਤੇ ‘ਕਲਮ ਛੱਡੋ ਹੜਤਾਲ’ ਦਾ ਐਲਾਨ ਕੀਤਾ ਹੈ। ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਰਾਜਿੰਦਰ ਕੁਮਾਰ, ਕਾਰਜਕਾਰੀ ਪ੍ਰਧਾਨ ਚਰਨ ਕਮਲ ਸ਼ਰਮਾ, ਚੇਅਰਮੈਨ ਗੁਰਮੇਲ ਸਿੰਘ ਸਿੱਧੂ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਸ਼ਤਾਬ ਤੇ ਮੁੱਖ ਸਲਾਹਕਾਰ ਗੁਰਚਰਨ ਸਿੰਘ ਹੀਰਾ ਨੇ ਦੱਸਿਆ ਕਿ 27 ਅਕਤੂਬਰ ਤੋਂ 29 ਅਕਤੂਬਰ ਤੱਕ ਤਿੰਨ ਦਿਨਾਂ ਦੀ ਕਲਮ ਛੱਡੋ ਹੜਤਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਨੂੰ ਹਲੂਣਾ ਦੇਣ ਲਈ 25 ਅਤੇ 26 ਅਕਤੂਬਰ ਨੂੰ ਕਾਲੇ ਬਿੱਲੇ ਲਗਾ ਕੇ ਰੋਸ ਜ਼ਾਹਿਰ ਕੀਤਾ ਜਾਵੇਗਾ ਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ, ਇਸ ਮਗਰੋਂ ਹੜਤਾਲ ਕੀਤੀ ਜਾਵੇਗੀ।