ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 6 ਜੁਲਾਈ
ਇੱਥੋਂ ਦੀ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਸਾਬਕਾ ਮੰਤਰੀ ਕ੍ਰਿਸ਼ਨ ਬੇਦੀ ਅਤੇ ਸੂਬਾ ਸਰਕਾਰ ਖ਼ਿਲਾਫ਼ ਇਤਰਾਜਯੋਗ ਸ਼ਬਦ ਲਿਖਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਸ਼ਾਹਬਾਦ ਵਾਸੀ ਅਨੂਪ ਕੁਮਾਰ ਨੇ ਕਿਹਾ ਕਿ ਰਾਠੀ ਅਸ਼ਿਵੰਦਰ ਦੇ ਨਾਂ ਦੀ ਆਈਡੀ ਤੋਂ ਕੋਈ ਵਿਅਕਤੀ ਫੇਸਬੁੱਕ ’ਤੇ ਪਿਛਲੇ ਤਿੰਨ ਹਫ਼ਤਿਆਂ ਤੋਂ ਲਗਾਤਾਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਸਿਆਸੀ ਸਲਾਹਕਾਰ ਅਤੇ ਸਾਬਕਾ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਖ਼ਿਲਾਫ਼ ਇਤਰਾਜਯੋਗ ਅਤੇ ਜਾਤੀ ਸੂਚਕ ਸ਼ਬਦ ਲਿਖ ਕੇ ਉਨ੍ਹਾਂ ਦੇ ਅਕਸ ਨੂੰ ਢਾਹ ਲਗਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਵਿਅਕਤੀ ਸਰਕਾਰ ਖ਼ਿਲਾਫ਼ ਵੀ ਮਾੜਾ ਬੋਲ ਰਿਹਾ ਹੈ। ਅਨੂਪ ਨੇ ਪੁਲੀਸ ਤੋਂ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।