ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹਰਿਆਣਾ ’ਚ ਵੀ ਹੜ੍ਹ ਦੇ ਹਾਲਾਤ, ਪ੍ਰਸ਼ਾਸਨ ਚੌਕਸ

ਹਰਿਆਣਾ ਸਰਕਾਰ ਨੇ ਫੀਲਡ ਅਧਿਕਾਰੀਆਂ ਦੀਆਂ ਛੁੱਟੀਆਂ ਕੀਤੀਆਂ ਰੱਦ/ਪੰਜ ਜ਼ਿਲ੍ਹਿਆਂ ਦੇ ਕੁਝ ਸਕੂਲਾਂ ’ਚ ਛੁੱਟੀ ਕੀਤੀ
ਘੱਗਰ ਨਦੀ ਵਿੱਚ ਵਗ਼ ਰਿਹਾ ਪਾਣੀ।
Advertisement

ਆਤਿਸ਼ ਗੁਪਤਾ

ਪੰਜਾਬ ਤੋਂ ਬਾਅਦ ਗੁਆਂਢੀ ਸੂਬੇ ਹਰਿਆਣਾ ਵਿੱਚ ਵੀ ਹੜ੍ਹ ਦੇ ਹਾਲਾਤ ਬਣਦੇ ਜਾ ਰਹੇ ਹਨ। ਇਸੇ ਤਹਿਤ ਹਰਿਆਣਾ ਸਰਕਾਰ ਨੇ ਸਾਰੇ ਫੀਲਡ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਹਰਿਆਣਾ ਸਰਕਾਰ ਨੇ ਯਮੁਨਾਨਗਰ, ਸਿਰਸਾ, ਗੁਰੂਗ੍ਰਾਮ, ਕੁਰੂਕਸ਼ੇਤਰ ਸਣੇ ਪੰਜ ਜ਼ਿਲ੍ਹਿਆਂ ਦੇ ਕੁਝ ਸਕੂਲਾਂ ਵਿੱਚ ਛੁੱਟੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਹਰ ਸਮੇਂ ਚੌਕਸ ਰਹਿਣ ਦੇ ਆਦੇਸ਼ ਦਿੱਤੇ ਗਏ ਹਨ। ਜਾਣਕਾਰੀ ਅਨੁਸਾਰ ਹਰਿਆਣਾ ਵਿੱਚ ਯਮੁਨਾ, ਘੱਗਰ ਅਤੇ ਮਾਰਕੰਡਾ ਨਦੀ ਵਿੱਚ ਪਾਣੀ ਦਾ ਪੱਧਰ ਵਧਿਆ ਹੋਇਆ ਹੈ, ਜਿਸ ਕਾਰਨ ਇਨ੍ਹਾਂ ਨੇੜਲੇ ਇਲਾਕਿਆਂ ਵਿੱਚ ਹੜ੍ਹਾਂ ਦਾ ਖਤਰਾ ਬਣਿਆ ਹੋਇਆ ਹੈ। ਹਥਨੀਕੁੰਡ ਬੈਰਾਜ ਵਿੱਚ ਅੱਜ ਸਵੇਰੇ ਪਾਣੀ ਦਾ ਪੱਧਰ ਤਿੰਨ ਲੱਖ 29 ਹਜ਼ਾਰ ਕਿਊਸਿਕ ਤੱਕ ਪਹੁੰਚ ਗਿਆ ਸੀ। ਪਾਣੀ ਦੇ ਵਧੇ ਪੱਧਰ ਨੂੰ ਦੇਖਦਿਆਂ ਸਥਾਨਕ ਪ੍ਰਸ਼ਾਸਨ ਨੇ ਸਾਰੇ ਫਲੱਡ ਗੇਟ ਖੋਲ੍ਹ ਦਿੱਤੇ ਸਨ। ਇਸ ਦੌਰਾਨ ਪ੍ਰਸ਼ਾਸਨ ਨੇ ਯਮੁਨਾ ਨਦੀ ਦੇ ਨੇੜੇ ਰਹਿੰਦੇ ਲੋਕਾਂ ਨੂੰ ਚਿਤਾਵਨੀ ਵੀ ਜਾਰੀ ਕਰ ਦਿੱਤੀ ਹੈ। ਫਲੱਡ ਗੇਟ ਖੋਲ੍ਹੇ ਜਾਣ ਤੋਂ ਬਾਅਦ ਪਾਣੀ ਦਾ ਪੱਧਰ ਦੁਪਹਿਰ ਸਮੇਂ ਘਟ ਕੇ ਦੋ ਲੱਖ 96 ਹਜ਼ਾਰ ਕਿਊਸਿਕ ਦਰਜ ਕੀਤਾ ਗਿਆ ਹੈ। ਇੱਥੋਂ ਪਾਣੀ ਛੱਡੇ ਜਾਣ ਕਰ ਕੇ ਦਿੱਲੀ ਨੂੰ ਵੀ ਹੜ੍ਹਾਂ ਦਾ ਖਤਰਾ ਸਤਾਉਣ ਲੱਗ ਪਿਆ ਹੈ। ਸਿਰਸਾ ਵਿਖੇ ਘੱਗਰ ਅਤੇ ਕੁਰੂਕਸ਼ੇਤਰ ਵਿੱਚ ਮਾਰਕੰਡਾ ਨਦੀ ਵਿੱਚ ਪਾਣੀ ਦਾ ਪੱਧਰ ਵਧਿਆ ਹੋਇਆ ਹੈ, ਜਿਸ ਕਰ ਕੇ ਨੇੜਲੇ ਇਲਾਕੇ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

Advertisement

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਪਿਛਲੇ 24 ਘੰਟਿਆਂ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਜਿਸ ਨੇ ਹਰਿਆਣਾ ਨੂੰ ਜਲ-ਥਲ ਕਰ ਕੇ ਰੱਖ ਦਿੱਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਦੋ ਤੇ ਤਿੰਨ ਸਤੰਬਰ ਨੂੰ ਵੀ ਹਰਿਆਣਾ ਵਿੱਚ ਕਈ ਥਾਵਾਂ ’ਤੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ।

Advertisement
Show comments