FloodAlert: ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਸ਼ਾਸਨ ਸਰਗਰਮ
ਅਧਿਕਾਰੀਆਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਲਈ ਤਿਆਰ ਰਹਿਣ ਦੇ ਹੁਕਮ
ਬੱਲਭਗੜ੍ਹ ਦੇ ਡਿਪਟੀ ਕਮਿਸ਼ਨਰ ਪੁਲੀਸ ਪ੍ਰਤੀਕ ਅਗਰਵਾਲ ਨੇ ਅੱਜ ਬੱਲਭਗੜ੍ਹ ਜ਼ੋਨ ਵਿੱਚ ਪੈਂਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਕੇ ਸੁਰੱਖਿਆ ਅਤੇ ਰਾਹਤ ਪ੍ਰਬੰਧਾਂ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਉਨ੍ਹਾਂ ਨੇ ਸੰਭਾਵੀ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਤਿਗਾਓਂ ਦੇ ਏ ਸੀ ਪੀ ਅਸ਼ੋਕ ਕੁਮਾਰ ਸਮੇਤ ਛਾਇੰਸਾ ਅਤੇ ਤਿਗਾਓਂ ਦੇ ਐੱਸ ਐੱਚ ਓ ਅਤੇ ਹੋਰ ਪੁਲੀਸ ਅਧਿਕਾਰੀ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਥਾਣਾ ਮੁਖੀਆਂ ਨੂੰ ਸੰਵੇਦਨਸ਼ੀਲ ਥਾਵਾਂ ਉੱਤੇ ਪੁਲੀਸ ਮੁਲਾਜ਼ਮਾਂ ਦੀ ਤਾਇਨਾਤੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਵਧਣ ਦੀ ਸਥਿਤੀ ਵਿੱਚ ਇਨ੍ਹਾਂ ਥਾਵਾਂ ਉੱਤੇ ਲਗਾਤਾਰ ਚੌਕਸੀ ਰੱਖੀ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕ ਕੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਤਿਗਾਓਂ ਅਤੇ ਛਾਇੰਸਾ ਪੁਲੀਸ ਨੂੰ ਆਪਣੇ ਅਧਿਕਾਰ ਖੇਤਰ ਦੇ ਪਿੰਡਾਂ ਦੇ ਸਰਪੰਚਾਂ ਅਤੇ ਪ੍ਰਸ਼ਾਸਨ ਨਾਲ ਬਿਹਤਰ ਤਾਲਮੇਲ ਕਾਇਮ ਕਰਨ ਲਈ ਕਿਹਾ।
ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਗਿਆ ਕਿ ਹੰਗਾਮੀ ਸਥਿਤੀ ਵਿੱਚ ਜਾਣਕਾਰੀ ਤੁਰੰਤ ਸਾਂਝੀ ਕੀਤੀ ਜਾਵੇ ਤਾਂ ਜੋ ਬਚਾਅ ਕਾਰਜਾਂ ਵਿੱਚ ਦੇਰੀ ਨਾ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਯਮੁਨਾ ਨਦੀ ਦਾ ਪਾਣੀ ਵਧਦਾ ਹੈ, ਤਾਂ ਫਰੀਦਾਬਾਦ ਪ੍ਰਸ਼ਾਸਨ ਨਾਲ ਸੰਪਰਕ ਕਰਕੇ ਪ੍ਰਭਾਵਿਤ ਲੋਕਾਂ ਦੇ ਰਹਿਣ ਲਈ ਸਕੂਲਾਂ ਅਤੇ ਧਰਮਸ਼ਾਲਾਵਾਂ ਵਰਗੀਆਂ ਸੁਰੱਖਿਅਤ ਥਾਵਾਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਨੂੰ ਸਮੇਂ ਸਿਰ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਉਣ ਲਈ ਇੱਕ ਠੋਸ ਕਾਰਜ ਯੋਜਨਾ ਤਿਆਰ ਕਰਨ ਦੀ ਹਦਾਇਤ ਕੀਤੀ।

