ਪੱਤਰ ਪ੍ਰੇਰਕ
ਯਮੁਨਾਨਗਰ, 1 ਜੁਲਾਈ
ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦੇ ਸੈਂਕੜੇ ਵਰਕਰਾਂ ਨੇ ਸਥਾਨਕ ਮਿੰਨੀ ਸਕੱਤਰੇਤ ਦੇ ਸਾਹਮਣੇ ਜੰਮੂ ਕਸ਼ਮੀਰ ਵਿੱਚ ਹੋ ਰਹੇ ਜਬਰੀ ਧਰਮ ਬਦਲੀ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਕਾਰਕੁਨਾਂ ਨੇ ਪੁਤਲਾ ਸਾੜਦਿਆਂ ਲਵ ਜੇਹਾਦ ਦੀਆਂ ਘਟਨਾਵਾਂ ਨੂੰ ਰੋਕਣ ਲਈ ਰਾਸ਼ਟਰਪਤੀ ਤੋਂ ਇਲਾਵਾ ਹਰਿਆਣਾ, ਪੰਜਾਬ ਅਤੇ ਜੰਮੂ ਕਸ਼ਮੀਰ ਦੇ ਰਾਜਪਾਲਾਂ ਦੇ ਨਾਂ ਯਾਦ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ।
ਪ੍ਰੀਸ਼ਦ ਦੇ ਜ਼ਿਲ੍ਹਾ ਪ੍ਰਧਾਨ ਆਨੰਦ ਕੁਮਾਰ ਨੇ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਹੋ ਰਹੀਆਂ ਅਗਵਾ ਅਤੇ ਜਬਰੀ ਧਰਮ ਬਦਲੀ ਦੀਆਂ ਘਟਨਾਵਾਂ ਬੇਹੱਦ ਮੰਦਭਾਗੀਆਂ ਹਨ, ਜਿਨ੍ਹਾਂ ’ਤੇ ਰੋਕ ਲਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਕਾਰਨ ਸਿੱਖ ਅਤੇ ਹਿੰਦੂ ਭਾਈਚਾਰੇ ਵਿੱਚ ਰੋਹ ਹੈ ਅਤੇ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਜੰਮੂ ਕਸ਼ਮੀਰ ਵਿੱਚ ਰਹਿ ਰਹੇ ਘੱਟਗਿਣਤੀ ਹਿੰਦੂ, ਸਿੱਖ ਅਤੇ ਜੈਨ ਧਰਮ ਦੇ ਲੋਕਾਂ ਨੂੰ ਸੁਰੱਖਿਆ ਦੇਣ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਆਰਥਿਕ, ਮਾਨਸਿਕ, ਸਮਾਜਿਕ ਅਤੇ ਸਰੀਰਕ ਸ਼ੋਸ਼ਣ ਬੰਦ ਹੋਣਾ ਚਾਹੀਦਾ ਹੈ, ਨਹੀਂ ਤਾਂ ਹਿੰਦੂ ਸਮਾਜ ਪੂਰੇ ਦੇਸ਼ ਵਿੱਚ ਅੰਦੋਲਨ ਸ਼ੁਰੂ ਕਰੇਗਾ। ਇਸ ਮੌਕੇ ਬਜਰੰਗ ਦਲ ਦੇ ਦੀਪਕ ਠਾਕੁਰ, ਪੰਕਜ ਬਾਜਵਾ, ਅਮਿਤ ਬਨਕਟ, ਧਰਮਵੀਰ, ਉਦੇਵੀਰ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਮੀਤ ਸਿੰਘ ਮੌਜੂਦ ਸਨ।
ਕਸ਼ਮੀਰ ਦੇ ਸਿੱਖਾਂ ਨੂੰ ਗੁਮਰਾਹ ਕਰਨ ਤੋਂ ਗੁਰੇਜ਼ ਕੀਤਾ ਜਾਵੇ: ਕੋਛੜ
ਨਵੀਂ ਦਿੱਲੀ: ਪੰਥਕ ਸੇਵਾ ਦਲ ਦੇ ਜਨਰਲ ਸਕੱਤਰ, ਦਿੱਲੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਮੈਂਬਰ ਕਰਤਾਰ ਸਿੰਘ ਕੋਛੜ ਨੇ ਕਿਹਾ ਕਿ ਕੁਝ ਲੋਕ ਜੰਮੂ ਕਸ਼ਮੀਰ ਵਿੱਚ ਇੱਕ ਸਿੱਖ ਲੜਕੀ ਦੇ ਅਗਵਾ ਮਾਮਲੇ ਸਬੰਧੀ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੇ ਹਨ, ਜੋ ਮੰਦਭਾਗਾ ਹੈ। ਉਨ੍ਹਾਂ ਨੇ ਸਿਆਸੀ ਰੋਟੀਆਂ ਸੇਕਣ ਵਾਲਿਆਂ ਨੂੰ ਕਸ਼ਮੀਰ ਦੇ ਸਿੱਖਾਂ ਨੂੰ ਗੁਮਰਾਹ ਕਰਨ ਤੋਂ ਗੁਰੇਜ਼ ਕਰਨ ਲਈ ਆਖਿਆ।