ਪੱਤਰ ਪ੍ਰੇਰਕ
ਰਤੀਆ, 18 ਸਤੰਬਰ
ਸਿਵਲ ਸਰਜਨ ਡਾ. ਸਪਨਾ ਗਹਿਲਾਵਤ ਦੇ ਹੁਕਮਾਂ ਅਨੁਸਾਰ ਐੱਸਐੱਮਓ ਰਤੀਆ ਡਾ. ਭਰਤ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਪਾਣੀ ਦੀ ਸਪਲਾਈ ਦੀ ਜਾਂਚ ਨੂੰ ਲੈ ਕੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਹੈ। ਉਕਤ ਟੀਮਾਂ ਨੂੰ ਜਲ ਘਰਾਂ ਅਤੇ ਹੋਰ ਅਦਾਰਿਆਂ ਵਿੱਚੋਂ ਪਾਣੀ ਦੇ ਸੈਂਪਲ ਲੈ ਕੇ ਲੈਬ ਵਿੱਚ ਭੇਜਣ ਦੇ ਹੁਕਮ ਦਿੱਤੇ ਹਨ। ਸਿਹਤ ਇੰਸਪੈਕਟਰ ਰਾਜੇਸ਼ ਸਿਉਕੰਦ ਨੇ ਦੱਸਿਆ ਕਿ ਟੀਮਾਂ ਵੱਲੋਂ ਵੱਖ ਵੱਖ ਖੇਤਰਾਂ ਵਿੱਚੋਂ ਪਾਣੀ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਅਜਿਹੇ ਪ੍ਰੋਗਰਾਮ ਉਲੀਕੇ ਜਾਂਦੇ ਹਨ ਤਾਂ ਕਿ ਲੋਕਾਂ ਨੂੰ ਸਵੱਛ ਪਾਣੀ ਪੀਣ ਲਈ ਮਿਲ ਸਕੇ। ਉਨ੍ਹਾਂ ਕਿਹਾ ਕਿ ਡੇਂਗੂ ਦੀ ਬਿਮਾਰੀ ਸਬੰਧੀ ਵੀ ਵਿਸੇਸ਼ ਮੁਹਿੰਮ ਚਲਾਈ ਜਾਵੇਗੀ।