ਰਾਮ ਮਿੱਤਲ
ਗੂਹਲਾ ਚੀਕਾ, 14 ਜੁਲਾਈ
ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅੱਜ ਅੱਠਵਾਂ ਸਥਾਪਨਾ ਦਿਵਸ ਕਮੇਟੀ ਦੇ ਮੁੱਖ ਦਫਤਰ ਗੁਰਦੁਆਰਾ ਪਾਤਸ਼ਾਹੀ ਛੇਵੀਂ ਅਤੇ ਨੌਵੀਂ ਚੀਕਾ ਕੈਥਲ ਵਿੱਚ ਮਨਾਇਆ ਗਿਆ। ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਦੀਵਾਨ ਹਾਲ ਵਿਚ ਹਜ਼ੂਰੀ ਰਾਗੀ ਜਥਾ ਭਾਈ ਗੁਰਪ੍ਰੀਤ ਸਿੰਘ, ਭਾਈ ਗੁਰਸੇਵਕ ਸਿੰਘ ਰੰਗੀਲਾ, ਹਜ਼ੂਰੀ ਰਾਗੀ ਜਥਾ ਗੁਰਦੁਆਰਾ ਦਾਦੂ ਸਾਹਿਬ, ਕੀਰਤਨੀ ਜਥਾ ਬੀਬੀ ਬਲਜਿੰਦਰ ਕੌਰ ਖਾਲਸਾ ਮੈਂਬਰ ਧਰਮ ਪ੍ਰਚਾਰ ਕਮੇਟੀ, ਢਾਡੀ ਭਾਈ ਗੁਰਪ੍ਰੀਤ ਸਿੰਘ ਲਾਂਡਰਾਂ ਵਾਲੇ, ਪ੍ਰਚਾਰਕ ਭਾਈ ਮਨਜੀਤ ਸਿੰਘ ਗੜੀ ਅਤੇ ਭਾਈ ਸਰਬਜੀਤ ਸਿੰਘ ਝੀਂਡਾ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਘਰਾਂ ਦੇ ਪ੍ਰਬੰਧ ਨੂੰ ਸੁਚੱਜੇ ਢੰਗ ਨਾਲ ਚਲਾ ਰਹੀ ਹੈ ਅਤੇ ਧਰਮ ਪ੍ਰਚਾਰ ਪ੍ਰਸਾਰ ਦਾ ਕੰਮ ਚੜ੍ਹਦੀਕਲਾ ਨਾਲ ਜਾਰੀ ਹੈ। ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਵੱਲੋਂ ਜਿੱਥੇ ਗੁਰ ਇਤਿਹਾਸ ਅਤੇ ਸਿੱਖ ਸਿਆਸਤ ਬਾਰੇ ਚਾਨਣਾ ਪਾਇਆ ਗਿਆ, ਉੱਥੇ ਬਾਦਲ ਪਰਿਵਾਰ ਨੂੰ ਖੂਬ ਰਗੜੇ ਲਾਏ ਅਤੇ ਜਥੇਦਾਰ ਦਾਦੂਵਾਲ ਵਲੋਂ ਸੰਸਾਰ ਭਰ ਵਿੱਚ ਕੀਤੇ ਜਾ ਰਹੇ ਧਰਮ ਪ੍ਰਚਾਰ ਕਰਨ ਦੀ ਸ਼ਲਾਘਾ ਕਰਦਿਆਂ ਵਧਾਈ ਦਿੱਤੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਹਰਿਆਣਾ ਕਮੇਟੀ ਦੀ ਸਥਾਪਨਾ ਦੀ ਵਧਾਈ ਦਿੰਦਿਆਂ ਸੰਗਤਾਂ ਨੂੰ ਗੁਰਬਾਣੀ ਗੁਰਇਤਿਹਾਸ ਨਾਲ ਜੋੜਿਆ ਗਿਆ ਅਤੇ ਭਰੋਸਾ ਦਿੱਤਾ ਕਿ ਹਰਿਆਣਾ ਕਮੇਟੀ ਨੂੰ ਦਿੱਲੀ ਕਮੇਟੀ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਦੀ ਸੋਲਵੀਂ ਅੰਸ਼ ਬੰਸ਼ ਬਾਬਾ ਸੁਖਦੇਵ ਸਿੰਘ ਬੇਦੀ, ਪਦਮਸ੍ਰੀ ਜਗਜੀਤ ਸਿੰਘ ਦਰਦੀ ਚੜ੍ਹਦੀਕਲਾ ਗਰੁੱਪ, ਜਥੇਦਾਰ ਬਹਾਦੁਰ ਸਿੰਘ ਭਾਰਟਾ, ਭਾਈ ਪਰਮਜੀਤ ਸਿੰਘ ਸਹੌਲੀ, ਬਾਬਾ ਅਮਰੀਕ ਸਿੰਘ, ਬਾਬਾ ਦਿਲਬਾਗ ਸਿੰਘ, ਬਾਬਾ ਕਾਕਾ ਸਿੰਘ, ਬਾਬਾ ਮਨਮੋਹਣ ਸਿੰਘ ਬਾਰਨ ਆਦਿ ਹਾਜ਼ਰ ਸਨ।
ਅੰਮ੍ਰਿਤਸਰ ਤੋਂ ਧਰਮ ਪ੍ਰਚਾਰ ਲਹਿਰ ਆਰੰਭੇਗੀ ਦਿੱਲੀ ਕਮੇਟੀ: ਕਾਲਕਾ
ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਐਲਾਨ ਕੀਤਾ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਅੰਮ੍ਰਿਤਸਰ ਵਿਚ ਆਪਣਾ ਦਫ਼ਤਰ ਖੋਲ੍ਹ ਕੇ ਪੰਜਾਬ ਵਿਚ ਧਰਮ ਪ੍ਰਚਾਰ ਦੀ ਲਹਿਰ ਸ਼ੁਰੂ ਕਰੇਗੀ। ਅੱਜ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਠਵੇਂ ਸਥਾਪਨਾ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਦਿੱਲੀ ਕਮੇਟੀ ਵੱਲੋਂ ਅਗਲੇ 10 ਦਿਨਾਂ ਦੇ ਅੰਦਰ ਪੰਜਾਬ ਵਿਚ ਇਹ ਮੁਹਿੰਮ ਵਿੱਢੀ ਜਾਵੇਗੀ, ਜਿਸ ਵਿਚ ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੀ ਸਹਿਯੋਗ ਦੇਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪੰਜਾਬ ਵਿਚ ਧਰਮ ਪ੍ਰਚਾਰ ਲਹਿਰ ਨਹੀਂ ਚਲਾ ਸਕੀ ਤੇ ਸਿੱਖੀ ਨੂੰ ਸੰਭਾਲਣ ਦੀ ਜ਼ਿੰਮੇਵਾਰੀ ਨਿਭਾਉਣ ਵਿਚ ਅਸਫਲ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਅਸਫਲ ਰਹਿਣ ਦੇ ਕਾਰਨਾਂ ਦੀ ਗੱਲ ਕਰਦਿਆਂ ਸ੍ਰੀ ਕਾਲਕਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਿਚ ਰਾਜਨੀਤੀ ਭਾਰੂ ਹੋਈ ਤੇ ਇਕ ਪਰਿਵਾਰ ਨੇ ਆਪਣਾ ਦਬਦਬਾ ਬਣਾਉਣ ਵਾਸਤੇ ਰਾਜਨੀਤੀ ਕਰਨੀ ਸ਼ੁਰੂ ਕੀਤੀ, ਜਿਸ ਕਾਰਨ ਕਮੇਟੀ ਫੇਲ੍ਹ ਹੋਈ।