ਕੌਮੀ ਰਾਜਧਾਨੀ ਦੇ ਰੋਹਿਣੀ ਖੇਤਰ ਵਿੱਚ ਦਿੱਲੀ ਪੁਲੀਸ ਅਤੇ ਬਿਹਾਰ ਪੁਲੀਸ ਦੀ ਸਾਂਝੀ ਟੀਮ ਨਾਲ ਹੋਏ ਮੁਕਾਬਲੇ ਵਿੱਚ ਚਾਰ ਲੋੜੀਂਦੇ ਅਪਰਾਧੀ ਮਾਰੇ ਗਏ। ਪੁਲੀਸ ਨੇ ਦੱਸਿਆ ਕਿ ਇਹ ਅਪਰਾਧੀ ਬਿਹਾਰ ਵਿੱਚ ਕਤਲ ਦੇ ਕਈ ਮਾਮਲਿਆਂ ਵਿੱਚ ਕਥਿਤ ਤੌਰ ’ਤੇ ਸ਼ਾਮਲ ਸਨ। ਪੁਲੀਸ ਨੇ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਸੀਤਾਮੜੀ ਜ਼ਿਲ੍ਹੇ ਦੇ ਵਸਨੀਕ ਰੰਜਨ ਪਾਠਕ (25), ਬਿਮਲੇਸ਼ ਮਹਤੋ ਉਰਫ਼ ਬਿਮਲੇਸ਼ ਸਾਹਨੀ (25), ਮਨੀਸ਼ ਪਾਠਕ (33) ਅਤੇ ਅਮਨ ਠਾਕੁਰ (21) ਵਜੋਂ ਹੋਈ ਹੈ, ਜੋ ‘ਸਿਗਮਾ ਗੈਂਗ’ ਦੇ ਮੈਂਬਰ ਸਨ।
ਪੁਲੀਸ ਨੇ ਦੱਸਿਆ ਕਿ ਰੋਹਿਣੀ ਦੇ ਬਹਾਦੁਰ ਸ਼ਾਹ ਮਾਰਗ ’ਤੇ ਅੱਜ ਤੜਕੇ ਲਗਪਗ 2:20 ਵਜੇ ਹੋਇਆ ਇਹ ਮੁਕਾਬਲਾ ਹਾਲ ਹੀ ਦੇ ਸਾਲਾਂ ਦੌਰਾਨ ਦਿੱਲੀ ਵਿੱਚ ਹੋਏ ਸਭ ਤੋਂ ਵੱਡੇ ਮੁਕਾਬਲਿਆਂ ਵਿੱਚੋਂ ਇੱਕ ਹੈ। ਦੱਸਿਆ ਜਾ ਰਿਹਾ ਹੈ ਕਿ ਕਈ ਕਤਲਾਂ ਅਤੇ ਜਬਰੀ ਵਸੂਲੀ ਸਮੇਤ ਘਿਨਾਉਣੇ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਇਹ ਮੁਲਜ਼ਮ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਿਹਾਰ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਪੁਲੀਸ ਦੇ ਇੱਕ ਸੂਤਰ ਨੇ ਦੱਸਿਆ ਕਿ ਇਨ੍ਹਾਂ ਅਪਰਾਧੀਆਂ ਨੇ 6 ਅਕਤੂਬਰ ਨੂੰ ਚੋਣ ਜ਼ਾਬਤਾ ਲਾਗੂ ਹੋਣ ਮਗਰੋਂ ਬਿਹਾਰ ਵਿੱਚ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਗੈਂਗ ਦੇ ਮੁਖੀ ਰੰਜਨ ਪਾਠਕ ’ਤੇ 25,000 ਰੁਪਏ ਦਾ ਇਨਾਮ ਸੀ ਅਤੇ ਉਹ ਅੱਠ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਇੱਕ ਸੀਨੀਅਰ ਪੁਲੀਸ ਅਧਿਕਾਰੀ ਅਨੁਸਾਰ, ਮੁਲਜ਼ਮ ਕਈ ਦਿਨਾਂ ਤੋਂ ਦਿੱਲੀ ਵਿੱਚ ਲੁਕਿਆ ਹੋਇਆ ਸੀ। ਇੱਕ ਸਾਂਝੀ ਟੀਮ ਨੇ ਬੁੱਧਵਾਰ ਤੇ ਵੀਰਵਾਰ ਅੱਧੀ ਰਾਤ ਨੂੰ ਉਨ੍ਹਾਂ ਦੀ ਭਾਲ ਲਈ ਮੁਹਿੰਮ ਚਲਾਈ ਅਤੇ ਇਸ ਦੌਰਾਨ ਇਹ ਮੁਕਾਬਲਾ ਹੋਇਆ। ਉਸਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਮੁਲਜ਼ਮਾਂ ਨੇ ਪੁਲੀਸ ਟੀਮ ’ਤੇ ਗੋਲੀਆਂ ਚਲਾਈਆਂ।
ਸਵੈ-ਰੱਖਿਆ ਵਿੱਚ ਪੁਲੀਸ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਵਿੱਚ ਸਾਰੇ ਚਾਰ ਮੁਲਜ਼ਮ ਜ਼ਖਮੀ ਹੋ ਗਏ। ਉਸਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਰੋਹਿਣੀ ਦੇ ਇੱਕ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਬਿਹਾਰ ਪੁਲੀਸ ਤੋਂ ਜਾਣਕਾਰੀ ਮਿਲਣ ਤੋਂ ਬਾਅਦ ਦਿੱਲੀ ਪੁਲੀਸ ਮੁਲਜ਼ਮਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖ ਰਹੀ ਸੀ। ਉਸਨੇ ਦੱਸਿਆ ਕਿ ਗਰੋਹ ਬਿਹਾਰ ਚੋਣਾਂ ਤੋਂ ਪਹਿਲਾਂ ਵੱਡੀਆਂ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ।
ਇਸ ਖ਼ੁਫ਼ੀਆ ਸੂਚਨਾ ਦੇ ਆਧਾਰ ’ਤੇ ਦਿੱਲੀ ਪੁਲੀਸ ਅਪਰਾਧ ਸ਼ਾਖਾ ਅਤੇ ਬਿਹਾਰ ਪੁਲੀਸ ਦੀ ਸਾਂਝੀ ਟੀਮ ਨੇ ਇਲਾਕੇ ਵਿੱਚ ਨਿਗਰਾਨੀ ਵਧਾ ਦਿੱਤੀ ਅਤੇ ਜਾਲ ਵਿਛਾ ਦਿੱਤਾ। ਬਿਹਾਰ ਦੀ 243 ਮੈਂਬਰੀ ਬਿਹਾਰ ਵਿਧਾਨ ਸਭਾ ਲਈ 6 ਤੇ 11 ਨਵੰਬਰ ਨੂੰ ਦੋ ਪੜਾਵਾਂ ਵਿੱਚ ਵੋਟਾਂ ਪੈਣਗੀਆਂ ਅਤੇ 14 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ।

