ਪੱਤਰ ਪ੍ਰੇਰਕ
ਜੀਂਦ, 29 ਅਪਰੈਲ
ਜ਼ਿਲ੍ਹੇ ਵਿੱਚ ਵਾਪਰੇ ਵੱਖ-ਵੱਖ ਸੜਕ ਹਾਦਸਿਆਂ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਈਗਰਾਹ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਸਾਈਕਲ ’ਤੇ ਜਾ ਰਹੇ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਇਸ ਘਟਨਾ ਵਿੱਚ ਸਾਈਕਲ ਚਲਾ ਰਹੇ ਨੌਜਵਾਨ ਮੋਹਿਤ ਦੀ ਮੌਤ ਹੋ ਗਈ ਜਦੋਂ ਕਿ ਉਸ ਦਾ ਦੋਸਤ ਮਨੋਜ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਇਸੇ ਤਰ੍ਹਾਂ ਜੀਂਦ-ਰੋਹਤਕ ਸੋਨੀਆ ਸਕੂਲ ਦੇ ਕੋਲ ਇੱਕ ਮੋਟਰਸਾਈਕਲ ਬੇਕਾਬੂ ਹੋ ਕੇ ਉੱਥੇ ਲੱਗੇ ਬਿਜਲੀ ਦੇ ਖੰਭੇ ਨਾਲ ਜਾ ਟਕਰਾਇਆ ਜਿਸ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਲੋਨ ਨਿਵਾਸੀ 22/23 ਸਾਲਾ ਲੜਕਾ ਸ਼ੈਲੇਂਦਰ ਆਪਣੇ ਮੋਟਰਸਾਈਕਲ ’ਤੇ ਕਮਾਚ ਖੇੜਾ ਵੱਲ ਜਾ ਰਿਹਾ ਸੀ। ਇਸੇ ਦੌਰਾਨ ਜਦੋਂ ਉਹ ਜੁਲਾਨਾ ਦੇ ਸੋਨੀਆ ਸਕੂਲ ਕੋਲ ਪਹੁੰਚਿਆ ਤਾਂ ਉੱਥੇ ਉਸ ਦਾ ਮੋਟਰਸਾਈਕਲ ਬਿਜਲੀ ਦੇ ਖੰਭੇ ਨਾਲ ਜਾ ਟਕਰਾਇਆ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਸੇ ਤਰ੍ਹਾਂ ਜੀਂਦ ਦੇ ਰੋਹਤਕ ਰੋਡ ਬਾਈ ਪਾਸ ਕੋਲ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜੀਂਦ ਦੀ ਦੁਰਗਾ ਕਾਲੋਨੀ ਨਿਵਾਸੀ ਰਾਕੇਸ਼ ਤੇ ਨਵੀਨ ਸ਼ਾਮ ਨੂੰ ਬਾਈਪਾਸ ਰਾਹੀਂ ਆ ਰਹੇ ਸਨ। ਉਨ੍ਹਾਂ ਦਾ ਮੋਟਰਸਾਈਕਲ ਤੇਜ ਰਫ਼ਤਾਰ ਹੋਣ ਕਾਰਨ ਚੌਧਰੀ ਰਣਵੀਰ ਸਿੰਘ ਯੂਨੀਵਰਸਿਟੀ ਕੋਲ ਬਣੇ ਡਿਵਾਈਡਰ ਨਾਲ ਜਾ ਟਕਰਾਇਆ ਜਿਸ ਕਾਰਨ ਉਹ ਬੁਰੀ ਤਰ੍ਹਾਂ ਜਖ਼ਮੀ ਹੋ ਗਏ। ਨੇੜਲੇ ਲੋਕਾਂ ਨੇ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਸਾਰੇ ਮਾਮਲਿਆਂ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ।