ਸਰਕਾਰੀ ਬੱਸ ਨੇ 6 ਵਿਦਿਆਰਥੀ ਦਰੜੇ, ਇੱਕ ਦੀ ਮੌਤ
ਇਥੇ ਅੱਜ ਸਵੇਰੇ ਪ੍ਰਤਾਪ ਨਗਰ ਬੱਸ ਸਟੈਂਡ ’ਤੇ ਪਾਉਂਟਾ ਸਾਹਿਬ ਤੋਂ ਆਈ ਹਰਿਆਣਾ ਰੋਡਵੇਜ਼ ਬੱਸ ਨੇ 6 ਕਾਲਜ ਵਿਦਿਆਰਥੀਆਂ ਨੂੰ ਦਰੜ ਦਿੱਤਾ। ਇਸ ਦੌਰਾਨ ਇੱਕ ਵਿਦਿਆਰਥਣ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰਾਂ ਦੀ ਹਾਲਤ ਗੰਭੀਰ ਹੈ। ਜਾਣਕਾਰੀ ਮੁਤਾਬਕ ਜਿਵੇਂ ਹੀ ਪਾਉਂਟਾ ਸਾਹਿਬ ਤੋਂ ਆਈ ਬੱਸ ਪ੍ਰਤਾਪ ਨਗਰ ਬੱਸ ਸਟੈਂਡ ’ਤੇ ਰੁਕੀ। ਕੁਝ ਵਿਦਿਆਰਥੀ ਸਵਾਰ ਹੋਣ ਲਈ ਕਾਹਲੀ ਕਰਦੇ ਹੋਏ ਬੱਸ ਦੀ ਲਪੇਟ ਵਿੱਚ ਆ ਗਏ ਜਿਨ੍ਹਾਂ ’ਚੋਂ 6 ਵਿਦਿਆਰਥੀ ਬੱਸ ਦੇ ਪਿਛਲੇ ਟਾਇਰਾਂ ਹੇਠ ਗਏ। ਜ਼ਖ਼ਮੀਆਂ ਵਿੱਚ ਕੁਟੀਪੁਰ ਪਿੰਡ ਦੀ ਰਹਿਣ ਵਾਲੀ ਆਰਤੀ, ਪ੍ਰਤਾਪ ਨਗਰ ਦੀ ਅਰਚਿਤਾ, ਟਿੱਬੀ ਦੀ ਮੁਸਕਾਨ, ਬਹਾਦਰਪੁਰ ਦੀ ਸੰਜਨਾ, ਪ੍ਰਤਾਪ ਨਗਰ ਦੀ ਅੰਜਲੀ ਅਤੇ ਪ੍ਰਤਾਪ ਨਗਰ ਦੇ ਅਮਨਦੀਪ ਹਾਦਸੇ ਦਾ ਸ਼ਿਕਾਰ ਹੋ ਗਏ। ਸਾਰੇ ਜ਼ਖਮੀਆਂ ਨੂੰ ਤੁਰੰਤ ਸੀਐੱਚਸੀ ਪ੍ਰਤਾਪ ਨਗਰ ਲਿਜਾਇਆ ਗਿਆ। ਮੁੱਢਲੀ ਸਹਾਇਤਾ ਤੋਂ ਬਾਅਦ, ਉਨ੍ਹਾਂ ਨੂੰ ਯਮੁਨਾ ਨਗਰ ਰੈਫਰ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਕਾਲਜ ਦੇ ਵਿਦਿਆਰਥੀਆਂ ਨੇ ਬੱਸ ਸਟੈਂਡ ’ਤੇ ਹੰਗਾਮਾ ਕੀਤਾ। ਦੂਜੇ ਸਟੇਸ਼ਨਾਂ ਤੋਂ ਆਉਣ ਵਾਲੀਆਂ ਸਾਰੀਆਂ ਬੱਸਾਂ ਨੂੰ ਯਮੁਨਾ ਨਗਰ ਜਾਣ ਤੋਂ ਰੋਕ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਯਮੁਨਾਨਗਰ ਦੇ ਡਿਪਟੀ ਕਮਿਸ਼ਨਰ ਪਾਰਥ ਗੁਪਤਾ ਅਤੇ ਪੁਲੀਸ ਸੁਪਰਡੈਂਟ ਕਮਲਦੀਪ ਗੋਇਲ ਨੇ ਘਟਨਾ ਸਥਾਨ ਦਾ ਦੌਰਾ ਕੀਤਾ।
ਸਾਬਕਾ ਮੰਤਰੀ ਨੇ ਜ਼ਖ਼ਮੀਆਂ ਦਾ ਹਾਲ ਪੁੱਛਿਆ
ਹਾਦਸੇ ਵਿੱਚ ਜ਼ਖਮੀ ਹੋਏ ਵਿਦਿਆਰਥੀਆਂ ਦਾ ਹਰਿਆਣਾ ਦੇ ਸਾਬਕਾ ਸਿੱਖਿਆ ਮੰਤਰੀ ਕੰਵਰਪਾਲ ਗੁੱਜਰ, ਡਿਪਟੀ ਕਮਿਸ਼ਨਰ ਪਾਰਥ ਗੁਪਤਾ ਅਤੇ ਪੁਲੀਸ ਸੁਪਰਡੈਂਟ ਕਮਲਦੀਪ ਗੋਇਲ ਨੇ ਹਾਲ-ਚਾਲ ਪੁੱਛਿਆ। ਉਨ੍ਹਾਂ ਕਿਹਾ ਕਿ ਹਾਦਸੇ ਲਈ ਜ਼ਿੰਮੇਵਾਰ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਸਾਬਕਾ ਮੰਤਰੀ ਨੇ ਕਿਹਾ ਕਿ ਡਰਾਈਵਰ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਤੇ ਉਸ ਨੂੰ ਬਰਖਾਸਤ ਕਰਨ ਦੀ ਸਿਫਾਰਸ਼ ਵੀ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਪਾਰਥ ਗੁਪਤਾ ਅਤੇ ਪੁਲੀਸ ਸੁਪਰਡੈਂਟ ਕਮਲਦੀਪ ਗੋਇਲ ਨੇ ਕਿਹਾ ਕਿ ਪ੍ਰਤਾਪ ਨਗਰ ਬੱਸ ਸਟੈਂਡ ਤੋਂ ਰੋਜ਼ਾਨਾ 300 ਤੋਂ ਵੱਧ ਵਿਦਿਆਰਥੀ ਸਕੂਲਾਂ ਅਤੇ ਕਾਲਜਾਂ ਵਿੱਚ ਜਾਂਦੇ ਹਨ, ਇਸ ਲਈ ਸੁਰੱਖਿਆ ਜ਼ਰੂਰੀ ਹੈ। ਐੱਸਪੀ ਨੇ ਕਿਹਾ ਕਿ ਬੱਸ ਡਰਾਈਵਰ ਨੂੰ ਤੁਰੰਤ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਉਸ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਵਿੱਚ ਡਰਾਈਵਰ ਵੱਲੋਂ ਲਾਪਰਵਾਹੀ ਦਾ ਖੁਲਾਸਾ ਹੋਇਆ ਹੈ, ਜਿਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਹਰਿਆਣਾ ਟਰਾਂਸਪੋਰਟ ਮੰਤਰੀ ਅਨਿਲ ਵਿੱਜ ਨੇ ਯਮੁਨਾਨਗਰ ਬੱਸ ਹਾਦਸੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ ਅਤੇ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੀਨੀਅਰ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਹਾਦਸੇ ਦੀ ਹਰ ਸੰਭਾਵਨਾ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਕਿਸੇ ਵੀ ਪੱਧਰ ‘ਤੇ ਕੋਈ ਗਲਤੀ ਪਾਈ ਜਾਂਦੀ ਹੈ, ਤਾਂ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੌਰਾਨ ਜਨਨਾਇਕ ਜਨਤਾ ਪਾਰਟੀ ਦੇ ਯੁਵਾ ਸੂਬਾ ਪ੍ਰਧਾਨ ਦਿੱਗਵਿਜੈ ਚੌਟਾਲਾ ਨੇ ਬਸ ਹਾਦਸੇ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਨੂੰ ਵਿਦਿਆਰਥੀਆਂ ਲਈ ਬੱਸਾਂ ਦੇ ਢੁਕਵੇਂ ਪ੍ਰਬੰਧ ਕਰਨਾ ਚਾਹੀਦੇ ਹਨ।
