ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 1 ਦਸੰਬਰ
ਨਾਇਬ ਸਿੰਘ ਪਟਾਕ ਮਾਜਰਾ ਨੇ ਕੇਂਦਰ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਹੈ ਕਿ ਸਰਕਾਰ ਜ਼ਿੱਦ ਦਾ ਰਾਹ ਛੱਡ ਕੇ ਤੁਰੰਤ ਕਿਸਾਨਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਜੋ ਅੱਜ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਸੜਕਾਂ ’ਤੇ ਹੈ, ਇਹ ਮੁਲਕ ਲਈ ਮੰਦਭਾਗਾ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਵੱਲੋਂ ਕਿਸਾਨਾਂ ਪ੍ਰਤੀ ਖ਼ਾਲਿਸਤਾਨੀ ਜਿਹੇ ਸ਼ਬਦਾਂ ਦਾ ਪ੍ਰਯੋਗ ਕਰਨਾ ਸਿਰਫ਼ ਨਿੰਦਣਯੋਗ ਹੀ ਨਹੀਂ ਬਲਕਿ ਨਾ ਸਹਿਣਯੋਗ ਹੈ। ਇਸ ਲਈ ਕਿਸਾਨ ਮਨੋਹਰ ਲਾਲ ਖੱਟਰ ਨੂੰ ਕਦੇ ਮਾਫ਼ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਲੋਸੁਪਾ ਦਾ ਹਰ ਕਾਰਕੁਨ ਕਿਸਾਨਾਂ ਨਾਲ ਹੈ। ਸ੍ਰੀ ਪਟਾਕ ਮਾਜਰਾ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਦਬਾਉਣ ਲਈ ਜਿੰਨੇ ਮਰਜ਼ੀ ਹਿਟਲਰੀ ਹੱਥ ਕੰਡੇ ਅਪਣਾ ਲਵੇ ਪਰ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਇਹ ਅੰਦੋਲਨ ਉਦੋਂ ਤਕ ਜਾਰੀ ਰਹੇਗਾ ਜਦੋਂ ਤਕ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ। ਉਨ੍ਹਾਂ ਕਿਹਾ ਕਿ ਕਿਸਾਨ ਅਪਰਾਧੀ ਨਹੀਂ ਪਰ ਸਰਕਾਰ ਉਨ੍ਹਾਂ ਨਾਲ ਮਾੜਾ ਸਲੂਕ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਕਈ ਕਿਸਾਨਾਂ ਨੂੰ ਇਸ ਲਈ ਗ਼ੈਰ-ਕਾਨੂੰਨੀ ਢੰਗ ਨਾਲ ਜੇਲ੍ਹ ਭੇਜ ਦਿੱਤਾ ਸੀ ਕਿਉਂਕਿ ਉਹ ਕਿਸਾਨਾਂ ਦੇ ਹਿੱਤਾਂ ਦੀ ਲੜਾਈ ਲੜ ਰਹੇ ਸਨ।