ਸਰਕਾਰ ਸੂਰਜਮੁਖੀ ਦੀ ਖ਼ਰੀਦ ਸਰਲ ਬਣਾਏ : ਚੜੂਨੀ
ਮੰਗੋਲੀ ਜਾਟਾਨ ਵਿੱਚ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੀ ਮੀਟਿੰਗ ਹੋਈ, ਜਿਸ ਵਿੱਚ ਯੂਨੀਅਨ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਦੌਰਾਨ ਕਿਸਾਨਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ ਗਈ। ਜਥੇਬੰਦੀ ਨੂੰ ਹੋਰ ਮਜ਼ਬੂਤ...
ਮੰਗੋਲੀ ਜਾਟਾਨ ਵਿੱਚ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੀ ਮੀਟਿੰਗ ਹੋਈ, ਜਿਸ ਵਿੱਚ ਯੂਨੀਅਨ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਦੌਰਾਨ ਕਿਸਾਨਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ ਗਈ। ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਦਾ ਐਲਾਨ ਵੀ ਕੀਤਾ ਗਿਆ, ਜਿਸ ਵਿੱਚ ਯੂਨੀਅਨ ਦੇ ਵਰਕਰ ਰਮੇਸ਼ ਦੂਹਨ ਨੂੰ ਬਾਬੈਨ ਬਲਾਕ ਦਾ ਪ੍ਰਧਾਨ ਤੇ ਸਾਬਕਾ ਬਲਾਕ ਪ੍ਰਧਾਨ ਸਤਬੀਰ ਘਿਸਰਪੜੀ ਨੂੰ ਜ਼ਿਲ੍ਹਾ ਉਪ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ। ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਦੋਹਾਂ ਨੂੰ ਸਨਮਾਨਿਤ ਕੀਤਾ। ਕੌਮੀ ਪ੍ਰਧਾਨ ਚੜੂਨੀ ਨੇ ਕਿਸਾਨਾਂ ਨੂੰ ਦਰਪੇਸ਼ ਵੱਖ-ਵੱਖ ਮੁੱਦਿਆਂ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸੂਰਜਮੁਖੀ ਦੀ ਫ਼ਸਲ ਸਮੇਂ ਸਿਰ ਖ਼ਰੀਦਣ ਦੀ ਪ੍ਰਕਿਰਿਆ ਵਿੱਚ ਦੇਰੀ ਕਾਰਨ ਕਿਸਾਨਾਂ ਨੂੰ ਵਿੱਤੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਸਰਕਾਰ ਖ਼ਰੀਦ ਪ੍ਰਕਿਰਿਆ ਨੂੰ ਸਰਲ ਤੇ ਸੁਚਾਰੂ ਬਣਾਏ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕੋਈ ਦਿੱਕਤ ਨਾ ਆਵੇ ਉਨ੍ਹਾਂ ਨੇ ਕਿਸਾਨਾਂ ਨੂੰ ਆਪਣੇ ਅਧਿਕਾਰਾਂ ਤੇ ਹਿੱਤਾਂ ਦੀ ਰੱਖਿਆ ਲਈ ਇਕਜੁੱਟ ਰਹਿਣ ਤੇ ਲੋੜ ਪੈਣ ’ਤੇ ਵਿਰੋਧ ਪ੍ਰਦਰਸ਼ਨਾਂ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ। ਚੜੂਨੀ ਨੇ ਕਿਹਾ ਕਿ ਕਿਸਾਨ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਤੇ ਉਨ੍ਹਾਂ ਦੀ ਅਣਦੇਖੀ ਕਿਸੇ ਤਰ੍ਹਾਂ ਵੀ ਬਰਦਾਸ਼ਤ ਨਹੀਂ ਕੀਤੀ ਜਾਏਗੀ। ਉਨ੍ਹਾਂ ਕਿਸਾਨ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਹਰੇਕ ਘਰ ਵਿੱਚੋਂ ਘੱਟੋ-ਘੱਟ ਇੱਕ ਮੈਂਬਰ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਵਿਰੋਧ ਪ੍ਰਦਰਸ਼ਨਾਂ ਵਿੱਚ ਹਿੱਸਾ ਲਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕ੍ਰਿਸ਼ਨ ਕਲਾਲ ਮਾਜਰਾ, ਬਲਕਾਰ ਸਿੰਘ, ਸੁਖਵਿੰਦਰ ਭੁੱਖੜੀ, ਗੁਰਬਾਜ ਸਿੰਘ, ਸ਼ੀਸ਼ ਪਾਲ, ਗੁਰਦਿਆਲ ਸਿੰਘ, ਜੈ ਕੁਮਾਰ, ਗੁਰਨਾਮ ਸਿੰਘ, ਹਾਕਮ ਸਿੰਘ, ਅਜੈਬ ਸਿੰਘ, ਮਲਕੀਤ ਸਿੰਘ, ਰਾਜਬੀਰ ਸਿੰਘ ਆਦਿ ਤੋਂ ਇਲਾਵਾ ਕਈ ਕਿਸਾਨ ਆਗੂ ਤੇ ਕਾਰਕੁਨ ਮੌਜੂਦ ਸਨ।

