ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 20 ਮਾਰਚ
ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਹਰਿਆਣਾ ਸੂਬੇ ਨੂੰ ‘ਬੈਸਟ ਫਾਰ ਪ੍ਰਮੋਸ਼ਨ ਆਫ ਸਪੋਰਟਸ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਐਵਾਰਡ ਸੂਬਾ ਸਰਕਾਰ ਨੂੰ ਖੇਡਾਂ ਨੂੰ ਅੱਗੇ ਵਧਾਉਣ ਤੇ ਖਿਡਾਰੀਆਂ ਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਮੁਹੱਈਆ ਕਰਾਉਣ ਲਈ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਇਨਾਮ ਖੇਡ ਮੰਤਰੀ ਸੰਦੀਪ ਸਿੰਘ ਨੂੰ ਮੁੰਬਈ ਵਿਚ ਸਟਾਰ ਸਪੋਰਟਸ ਏਸਿਸ ਵਲੋਂ ਕਰਵਾਏ ਪ੍ਰੋਗਰਾਮ ਵਿਚ ਦਿੱਤਾ ਗਿਆ। ਖੇਡ ਮੰਤਰੀ ਨੇ ਇਨਾਮ ਹਾਸਲ ਕਰਨ ਤੋਂ ਬਾਅਦ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਖਿਡਾਰੀਆਂ ਵਿੱਚ ਲੁਕੀ ਖੇਡ ਪ੍ਰਤਿਭਾ ਨੂੰ ਨਿਖਾਰਨ ਦਾ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਸਰਕਾਰ ਨੇ ਅਹਿਦ ਲਿਆ ਹੈ ਕਿ ਸੂਬੇ ਦੇ ਖਿਡਾਰੀਆਂ ਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾ ਕੇ ਕੌਮਾਂਤਰੀ ਪੱਧਰ ਤੱਕ ਲਿਜਾਣਾ ਹੈ।