ਸਰਕਾਰ ਜਲਦੀ 7500 ਨੌਜਵਾਨਾਂ ਨੂੰ ਨੌਕਰੀ ਦੇਵੇਗੀ: ਸੈਣੀ
ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 26 ਜੂਨ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਜਲਦੀ ਹੀ ਸੂਬਾ ਸਰਕਾਰ 7500 ਨੌੌਜਵਾਨਾਂ ਨੂੰ ਨੌਕਰੀਆਂ ਦੇਣ ਜਾ ਰਹੀ ਹੈ। ਇਨਾਂ ਅਸਾਮੀਆਂ ਲਈ ਪ੍ਰੀਖਿਆ ਤੇ ਹੋਰ ਸਾਰੀਆਂ ਕਿਸਮਾਂ ਦੀਆਂ ਪ੍ਰਕਿਰਿਆਵਾਂ ਪੂਰੀਆਂ ਹੋ ਚੁੱਕੀਆਂ ਹਨ ,ਹੁਣ ਨਤੀਜਾ ਜਲਦੀ ਐਲਾਨਿਆ ਜਾਵੇਗਾ। ਇਸ ਦੇ ਨਾਲ ਹੀ ਸੂਬੇ ਦੇ ਸਾਰੇ ਵਿਭਾਗਾਂ ਵਿਚ ਖਾਲੀ ਅਸਾਮੀਆਂ ਦਾ ਵੇਰਵਾ ਇੱਕਠਾ ਕਰ ਲਿਆ ਗਿਆ ਹੈ ਤੇ ਗਰੁੱਪ ਸੀ ਦੀਆਂ ਅਸਾਮੀਆਂ ਲਈ ਸੀਈਟੀ ਅਰਜ਼ੀਆਂ ਲਈਆਂ ਗਈਆਂ ਹਨ। ਜਲਦ ਹੀ ਪ੍ਰੀਖਿਆ ਲਈ ਜਾਵੇਗੀ ਤੇ ਹੋਰ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ ਘੋਸ਼ਣਾ ਪੱਤਰ ਵਿਚ 50 ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ । ਮੁੱਖ ਮੰਤਰੀ ਬੀਤੀ ਦੇਰ ਸ਼ਾਮ ਪਿੰਡ ਬਨ ਵਿੱਚ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਪਿੰਡ ਵਿੱਚ ਪੌਦਾ ਲਾ ਕੇ ਵਾਤਾਵਰਣ ਵਾਤਾਵਰਨ ਬਚਾਉਣ ਦਾ ਸੰਦੇਸ਼ ਵੀ ਦਿੱਤਾ। ਉਨਾਂ ਕਿਹਾ ਕਿ ਚੋਣਾਂ ਦੌਰਾਨ ਕਾਂਗਰਸ ਨੇ 26 ਹਜ਼ਾਰ ਨੌਕਰੀਆਂ ਦੇ ਨਤੀਜੇ ਰੋਕੇ ਸਨ ਤਾਂ ਅਸੀ ਘੋਸ਼ਣਾ ਕੀਤੀ ਸੀ ਕਿ ਸਰਕਾਰ ਬਣਦੇ ਹੀ ਸਹੁੰ ਚੁੱਕਣ ਤੋਂ ਪਹਿਲਾਂ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਨੌਕਰੀਆਂ ਦੇ ਨਤੀਜੇ ਐਲਾਨ ਕੇ ਅਸਾਮੀਆਂ ਭਰੀਆਂ ਜਾਣਗੀਆਂ ਤੇ ਸਰਕਾਰ ਨੇ ਅਜਿਹਾ ਹੀ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਵਿੱਚ ਸੂਬੇ ਦੇ ਨੌਜਵਾਨਾਂ ਨੂੰ ਬਿਨਾਂ ਪਰਚੀ ਤੇ ਬਿਨਾਂ ਖਰਚੀ ਨੌਕਰੀਆਂ ਮਿਲ ਰਹੀਆਂ ਹਨ ਤੇ ਮਿਲਦੀਆਂ ਰਹਿਣਗੀਆ। ਇਸ ਮੌਕੇ ਮੁੱਖ ਮੰਤਰੀ ਦੇ ਦਫਤਰ ਇੰਚਾਰਜ ਕੈਲਾਸ਼ ਸੈਣੀ, ਡਿਪਟੀ ਕਮਿਸ਼ਨਰ ਨੇਹਾ ਸਿੰਘ, ਐੱਸਐੱਸਪੀ ਨਿਤੀਸ਼ ਅਗਰਵਾਲ, ਭਾਜਪਾ ਜ਼ਿਲ੍ਹਾ ਪ੍ਰਧਾਨ ਤਜਿੰਦਰ ਸਿੰਘ ਗੋਲਡੀ ਮੌਜੂਦ ਸਨ।
ਮੁੱਖ ਮੰਤਰੀ ਨੇ ਸੁਧਾ ਦੇ ਭਤੀਜੇ ਦੀ ਮੌਤ ’ਤੇ ਦੁੱਖ ਪ੍ਰਗਟਾਇਆ
ਸ਼ਾਹਬਾਦ ਮਾਰਕੰਡਾ: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ ਦੇ ਭਤੀਜੇ ਸੁਧਾਂਸ਼ੂ ਸੁਧਾ ਦੀ ਮੌਤ ’ਤੇ ਦੁੱਖ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਮ੍ਰਿਤਕ ਦਾ ਦੇਹਾਂਤ ਨਾ ਸਿਰਫ ਪਰਿਵਾਰ ਲਈ ਸਗੋਂ ਸਮਾਜ ਲਈ ਵੀ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ ਤੇ ਇਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਮੁੱਖ ਮੰਤਰੀ ਨੇ ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ ਦੇ ਭਰਾ ਅਸ਼ੋਕ ਸੁਧਾ, ਨਗਰ ਪੰਚਾਇਤ ਦੀ ਸਾਬਕਾ ਚੇਅਰਮੈਨ ਉਮਾ ਸੁਧਾ, ਕੌਂਸਲਰ ਮੁਕੰਦ ਸੁਧਾ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਵੀ ਦੁੱਖ ਪ੍ਰਗਟਾਇਆ। ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਕੋਆਰਡੀਨੇਟਰ ਤੁਸ਼ਾਰ ਸੈਣੀ, ਭਾਜਪਾ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਗੋਲਡੀ, ਅੰਕੁਰ ਸੁਧਾ, ਜਤਿਨ ਸੁਧਾ ਤੇ ਕਈ ਹੋਰ ਪਤਵੰਤੇ ਮੌਜੂਦ ਸਨ।